ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਮਨਾਈ ਵਿਸਾਖੀ





ਅੰਮ੍ਰਿਤਸਰ, 14 ਅਪ੍ਰੈਲ (ਰਿਧੀ ਭੰਡਾਰੀ) ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਵਿਸਾਖੀ ਬੜੇ ਹੀ ਉਤਸ਼ਾਹ ਨਾਲ ਮਨਾਈ ਗਈ। ਖ਼ਾਲਸਾ ਕਾਲਜ ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਵਿਸਾਖੀ ਨੂੰ ਸਮਰਪਿਤ ਜਿੱਥੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ, ਉਥੇ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਦੇ ਸਮੂਹ ਸਟਾਫ਼ ਅਤੇ ਆਨਲਾਈਨ ਪ੍ਰਕਿਰਿਆ ਰਾਹੀਂ ਵਿਦਿਆਰਥੀਆਂ ਨੇ ਜੁੜ ਕੇ ਸ੍ਰੀ ਜਪੁਜੀ ਸਾਹਿਬ, ਸ੍ਰੀ ਚੌਪਈ ਸਾਹਿਬ ਜੀ ਦੇ ਪਾਠ ਕੀਤੇ।
ਇਸ ਮੌਕੇ ਪਬਲਿਕ ਸਕੂਲ ਦੇ ਪ੍ਰਿੰਸੀਪਲ ਏ. ਐਸ. ਗਿੱਲ ਨੇ ਵਿਦਿਆਰਥੀਆਂ ਨੂੰ ਜਿੱਥੇ ਵਿਸਾਖੀ ਸਬੰਧੀ ਮਹੱਤਤਾ ਬਾਰੇ ਚਾਨਣਾ ਪਾਇਆ, ਉੱਥੇ ਉਨ੍ਹਾਂ ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਦੁਆਰਾ ਦਰਸਾਏ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਖ਼ਾਲਸਾ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਸੱਭਿਆਚਾਰਕ ਪਹਿਰਾਵੇ ’ਚ ਸੱਜ ਕੇ ਸ਼ਾਨਦਾਰ ਪ੍ਰੋਗਰਾਮ ਪੇਸ਼ ਕਰਕੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵੱਲੋਂ ਭੰਗੜਾ, ਨਾਟਕ, ਅਤੇ ਡਾਂਸ ਆਦਿ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ।
ਇਸੇ ਤਰ੍ਹਾਂ ਖ਼ਾਲਸਾ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਸੰਗੀਤ ਵਿਭਾਗ ਦੇ ਮੁਖੀ ਮਨਦੀਪ ਕੌਰ ਨੇ ਸ਼ਬਦ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਇਸ ਦੌਰਾਨ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਨੇ ਇਸ ਸ਼ੁਭ ਅਵਸਰ ਮੌਕੇ ਵਧਾਈ ਦੇਂਦਿਆਂ ਕਿਹਾ ਕਿ ਖ਼ਾਲਸਾ ਪੰਥ ਸਾਜਨਾ ਦਿਵਸ ਨੂੰ ਮਨਾਉਂਦਿਆਂ ਸਾਨੂੰ ਗੁਰੂ ਸਾਹਿਬ ਵੱਲੋਂ ਖ਼ਾਲਸਾ ਸਾਜਣ ਦੇ ਮੰਤਵ ਨੂੰ ਸਨਮੁੱਖ ਰੱਖਣਾ ਜ਼ਰੂਰੀ ਹੈ।