ਸੁੱਤੀ ਪਈ ਕੇਂਦਰ ਸਰਕਾਰ ਨੂੰ ਜਗਾਉਂਣ ਲਈ ਕਿਸਾਨਾਂ ਨੇ ਦਿੱਲੀ ਵੱਲ ਵਹੀਰਾਂ ਘੱਤੀਆਂ
ਪਟਿਆਲਾ (ਵੀਓਪੀ ਬਿਊਰੋ) – ਵੱਡੀ ਗਿਣਤੀ ਵਿਚ ਕਿਸਾਨਾਂ ਨੇ ਅੱਜ ਦਿੱਲੀ ਨੂੰ ਵਹੀਰਾਂ ਘੱਤ ਦਿੱਤੀਆਂ ਹਨ। ਕਿਸਾਨਾਂ ਨੇ ਕਿਹਾ ਕਿ ਹੁਣ ਅਸੀਂ ਵਾਢੀ ਦਾ ਕੰਮ ਸਿਰੇ ਲਾ ਲਿਆ ਹੈ ਤੇ ਹੁਣ ਫਿਰ ਵੱਡੀ ਗਿਣਤੀ ਵਿਚ ਇਕੱਠੇ ਹੋ ਕੇ ਖੇਤੀ ਕਾਨੂੰਨ ਰੱਦ ਕਰਵਾਉਣ ਦੀ ਤਿਆਰੀ ਆਰੰਭ ਲਈ ਹੈ। ਕਿਸਾਨਾਂ ਨੇ ਕਿਹਾ ਕਿ ਮੋਦੀ ਸਰਕਾਰ ਟੱਸ ਤੋਂ ਮੱਸ ਨਹੀਂ ਹੋ ਰਹੀ ਉਸ ਨੂੰ ਲੱਗਦਾ ਹੈ ਕਿ ਅਸੀਂ ਖਿੱਲਰ ਪੱਤਰ ਗਏ ਹਾਂ ਪਰ ਹੁਣ ਅਸੀਂ ਫਿਰ ਇਕੱਠੇ ਹੋ ਕੇ ਸੁੱਤੀ ਪਈ ਸਰਕਾਰ ਨੂੰ ਭਾਜੜਾਂ ਪਾ ਦਿਆਂਗੇ।
ਦੱਸ ਦਈਏ ਕਿ 10 ਤੇ 12 ਮਈ ਨੂੰ ਪੰਜਾਬ ਤੇ ਹਰਿਆਣਾ ਤੋਂ ਦਿੱਲੀ ਦੇ ਮੋਰਚਿਆਂ ਵੱਲ ਵੱਡੇ ਕਾਫ਼ਲੇ ਜਾ ਰਹੇ ਹਨ। ਉਨ੍ਹਾਂ ਦਾ ਸਵਾਗਤ ਕਰਨ ਲਈ ਮੋਰਚਿਆਂ ਦੇ ਕਿਸਾਨ ਤਿਆਰੀ ’ਚ ਹਨ। ਕਿਸਾਨ ਲੀਡਰਾਂ ਦਾ ਦਾਅਵਾ ਹੈ ਕਿ 15 ਹਜ਼ਾਰ ਦੇ ਕਰੀਬ ਕਿਸਾਨ ਪੰਜਾਬ ਤੇ ਹਰਿਆਣਾ ਤੋਂ ਸਿੰਘੂ ਪੁੱਜ ਰਹੇ ਹਨ।
ਕਿਸਾਨ ਲੀਡਰਾਂ ਨੇ ਦੱਸਿਆ ਕਿ ਹਾੜ੍ਹੀ ਦੇ ਸੀਜ਼ਨ ਤੋਂ ਬਾਅਦ ਕਿਸਾਨ ਧਰਨਿਆਂ ’ਚ ਨੌਜਵਾਨਾਂ, ਔਰਤਾਂ ਤੇ ਬਜ਼ੁਰਗਾਂ ਵਿੱਚ ਉਤਸ਼ਾਹ ਵਧਣ ਲੱਗਾ ਹੈ। ਉਨ੍ਹਾਂ ਦੱਸਿਆ ਕਿ 10 ਤੇ 12 ਮਈ ਨੂੰ ਖਨੌਰੀ ਤੇ ਸ਼ੰਭੂ ਰਾਹੀਂ ਕਿਸਾਨਾਂ ਦੇ ਜਥੇ ਦਿੱਲੀ ਦੇ ਕਿਸਾਨ-ਮੋਰਚਿਆਂ ਲਈ ਰਵਾਨਾ ਹੋ ਰਹੇ ਹਨ। ਉਨ੍ਹਾਂ ਲੋਕਾਂ ਨੂੰ ਵੱਡੀ ਗਿਣਤੀ ਵਿੱਚ ਦਿੱਲੀ ਪਹੁੰਚਣ ਦੀ ਅਪੀਲ ਕੀਤੀ।
ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੇ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਨੇ ਕਿਹਾ ਕਿ ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰਦਿਆਂ 400 ਦੇ ਕਰੀਬ ਕਿਸਾਨ ਸ਼ਹੀਦ ਹੋ ਚੁੱਕੇ ਹਨ ਪਰ ਕੇਂਦਰ ਸਰਕਾਰ ਆਪਣਾ ਅੜੀਅਲ ਵਤੀਰਾ ਛੱਡਣ ਲਈ ਤਿਆਰ ਨਹੀਂ। ਕੇਂਦਰ ਸਰਕਾਰ ਹਾਲੇ ਵੀ ਕਾਰਪੋਰੇਟ ਘਰਾਣਿਆਂ ਦਾ ਪੱਖ ਪੂਰ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀ ਬੇਰੁਖੀ ਕਾਰਨ ਕਿਸਾਨਾਂ ’ਚ ਰੋਸ ਵਧਦਾ ਜਾ ਰਿਹਾ ਹੈ।
ਧਰਨਿਆਂ ਦੌਰਾਨ ਕਿਸਾਨਾਂ ਵਿੱਚ ਤਿੰਨੇ ਖੇਤੀ ਕਾਨੂੰਨ, ਬਿੱਜਲੀ ਸੋਧ ਬਿੱਲ-2020 ਤੇ ਪਰਾਲੀ ਆਰਡੀਨੈਂਸ ਰੱਦ ਕਰਵਾਉਣ ਤੇ ਐਮਐਸਪੀ ’ਤੇ ਫ਼ਸਲਾਂ ਦੀ ਖਰੀਦ ਦੀ ਕਾਨੂੰਨ ਗਾਰੰਟੀ ਦਾ ਕਾਨੂੰਨ ਬਣਵਾਉਣ ਲਈ ਨਿਵੇਕਲਾ ਜ਼ੋਸ਼ ਦਿਖਾਈ ਦਿੱਤਾ।