ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਵਿਖੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ 

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਵਿਖੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ

 

ਅੰਮ੍ਰਿਤਸਰ( ਵੀਓਪੀ ਬਿਊਰੋ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਵਿਖੇ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ। ਕਾਲਜ ਪ੍ਰਿੰਸੀਪਲ ਸ. ਨਾਨਕ ਸਿੰਘ ਦੀ ਸਹਿਯੋਗ ਨਾਲ ਕਰਵਾਏ ਗਏ ਧਾਰਮਿਕ ਸਮਾਗਮ ’ਚ ਕਾਲਜ ਸਟਾਫ਼ ਦੁਆਰਾ ਸ੍ਰੀ ਜਪੁ ਸਾਹਿਬ ਜੀ ਦਾ ਪਾਠ ਕਰਨ ਉਪਰੰਤ ਇਲਾਹੀ ਬਾਣੀ ਦਾ ਕੀਰਤਨ ਗਾਇਨ ਕਰਕੇ ਹਾਜ਼ਰ ਸੰਗਤ ਨੂੰ ਨਿਹਾਲ ਕੀਤਾ।

ਇਸ ਮੌਕੇ ਪ੍ਰਿੰ: ਸ: ਨਾਨਕ ਸਿੰਘ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਮੂਹ ਸੰਗਤਾਂ ਨੂੰ ਮੁਬਾਰਕਬਾਦ ਦਿੱਤੀ। ਉਨ੍ਹਾਂ ਆਪਣੇ ਸੰਬੋਧਨ ’ਚ ਕਿਹਾ ਕਿ ਕੋਵਿਡ‐19 ਦੇ ਮੱਦੇਨਜ਼ਰ ਪ੍ਰਸ਼ਾਸਨ ਦੁਆਰਾ ਜਾਰੀ ਹਦਾਇਤਾਂ ਦਾ ਪਾਲਣਾ ਕਰਦਿਆਂ ਸੋਸਾਇਟੀ ਅਧੀਨ ਆਉਂਦੇ ਸਮੂਹ ਵਿੱਦਿਅਕ ਅਦਾਰਿਆਂ ਵੱਲੋਂ ਆਪਣੇ ਪੱਧਰ ’ਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ਨੂੰ ਮਨਾਉਣ ਸਬੰਧੀ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਦੁਆਰਾ ਨਿਰਦੇਸ਼ਾਂ ਜਾਰੀ ਕੀਤੇ ਗਏ ਹਨ, ਜੋ ਕਿ ਪੂਰਾ ਸਾਲ ਜਾਰੀ ਰਹਿਣਗੇ। ਜਿਸ ਤਹਿਤ ਹਦਾਇਤਾਂ ਦੀ ਪਾਲਣਾ ਕਰਦਿਆਂ ਇਹ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ’ਚ ਪ੍ਰੋ: ਇੰਦਰਾ, ਪ੍ਰੋ: ਊਸ਼ਾ, ਪ੍ਰੋ: ਅਨੀਤਾ, ਪ੍ਰੋ: ਨੀਨਾ ਨੇ ਗੁਰੂ ਸਾਹਿਬ ਜੀ ਦੇ ਜੀਵਨ ਦੇ ਉਪਦੇਸ਼ਾਂ ਅਤੇ ਫ਼ਲਸਫ਼ਿਆਂ ਬਾਰੇ ਵਿਚਾਰ ਪ੍ਰਗਟ ਕੀਤੇ।

ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਧਰਮ, ਕੌਮ ਅਤੇ ਮਜ਼ਲੂਮਾਂ ਲਈ ਦਿੱਤੀ ਗਈ ਸ਼ਹਾਦਤ ਮਹਾਨ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਨੇ ਧਰਮ ਅਤੇ ਬਾਣੀ ’ਚ ਪ੍ਰਪੱਕ ਰਹਿਣ ਦਾ ਉਪਦੇਸ਼ ਦਿੱਤਾ ਅਤੇ ਹਰੇਕ ਇਨਸਾਨ ਨੂੰ ਲੋੜਵੰਦ ਅਤੇ ਕਮਜ਼ੋਰਾਂ ਦੀ ਸਹਾਇਤਾ ਕਰਨ ਲਈ ਹਮੇਸ਼ਾਂ ਤੱਤਪਰ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਵਿਲੱਖਣ ਅਤੇ ਰੂਹਾਨੀਅਤ ਦਿੱਖ ਦੇ ਮਾਲਕ ਸਨ ਤੇ ਸਭ ਨੂੰ ਉਨ੍ਹਾਂ ਮਹਾਨ ਗੁਰੂ ਸਾਹਿਬ ਜੀ ਦੇ ਵਿਚਾਰਾਂ ਨੂੰ ਅਪਨਾਉਣਾ ਚਾਹੀਦਾ ਹੈ।

error: Content is protected !!