ਸਿਰਸਾ ਅਮਿਤਾਭ ਬਚਨ ਕੋਲੋਂ 2 ਕਰੋੜ ਲੈਣ ‘ਤੇ ਕਸੂਤੇ ਫ਼ਸੇ

ਸਿਰਸਾ ਅਮਿਤਾਭ ਬਚਨ ਕੋਲੋਂ 2 ਕਰੋੜ ਲੈਣ ‘ਤੇ ਕਸੂਤੇ ਫ਼ਸੇ

ਅੰਮ੍ਰਿਤਸਰ (ਵੀਓਪੀ ਬਿਊਰੋ) – ਕੋਰੋਨਾ ਕਾਰਨ ਭਾਰਤ ਉਪਰ ਆਰਥਿਕ ਸੰਕਟ ਮੰਡਰਾਅ ਰਿਹਾ ਹੈ। ਲੋਕਾਂ ਨੂੰ ਆਕਸੀਜਨ ਲੈਣ ਵਿਚ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਿੱਖ ਜਥੇਬੰਦੀਆਂ ਵਲੋਂ ਲੋਕਾਂ ਦੀ ਲੋੜੀਂਦੀ ਮਦਦ ਕੀਤੀ ਜਾ ਰਹੀਂ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੀ ਮਨੁੱਖਤਾ ਦੀ ਸੇਵਾ ਵਿਚ ਨਿਰਾਤੰਰ ਲੱਗੀ ਹੋਈ ਹੈ। ਇਸ ਦਰਮਿਆਨ ਇਕ ਮਾਮਲਾ ਭਖ਼ ਗਿਆ ਹੈ।

ਉੱਘੇ ਫ਼ਿਲਮ ਕਲਾਕਾਰ ਅਮਿਤਾਭ ਬੱਚਨ ਵੱਲੋਂ ਮਨੁੱਖਤਾ ਦੀ ਭਲਾਈ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਭੇਟ ਕੀਤੇ ਦੋ ਕਰੋੜ ਰੁਪਏ ਦਾ ਮਾਮਲਾ ਸ੍ਰੀ ਅਕਾਲ ਤਖ਼ਤ ’ਤੇ ਪੁੱਜ ਗਿਆ ਹੈ। ਸ਼ਿਕਾਇਤਕਰਤਾਵਾਂ ਨੇ ਇਸ ਮਾਮਲੇ ਵਿਚ ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਸ਼ਿਕਾਇਤ ਕਰਨ ਵਾਲਿਆਂ ਵਿਚ ਨਵੰਬਰ 1984 ਸਿੱਖ ਕਤਲੇਆਮ ਦੀ ਗਵਾਹ ਬੀਬੀ ਨਿਰਪ੍ਰੀਤ ਕੌਰ ਅਤੇ ਫੈਡਰੇਸ਼ਨ ਪੀਰ ਮੁਹੰਮਦ ਦੇ ਆਗੂ ਸਤਨਾਮ ਸਿੰਘ ਤੇ ਹੋਰ ਸ਼ਾਮਲ ਹਨ। ਇਨ੍ਹਾਂ ਨੇ ਈ-ਮੇਲ ਰਾਹੀਂ ਆਪਣੀ ਸ਼ਿਕਾਇਤ ਸ੍ਰੀ ਅਕਾਲ ਤਖਤ ਵਿਖੇ ਭੇਜੀ ਹੈ। ਇਸ ਤੋਂ ਇਲਾਵਾ ਕੁਝ ਵਿਅਕਤੀਆਂ ਵੱਲੋਂ ਫੋਨ ਸੁਨੇਹੇ ਰਾਹੀਂ ਵੀ ਇਸ ਸਬੰਧੀ ਸ਼ਿਕਾਇਤਾਂ ਕੀਤੀਆਂ ਹਨ। ਸ੍ਰੀ ਅਕਾਲ ਤਖਤ ਦੇ ਸਕੱਤਰੇਤ ਵੱਲੋਂ ਇਸ ਦੀ ਪੁਸ਼ਟੀ ਕੀਤੀ ਗਈ ਹੈ। ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਇਸ ਵੇਲੇ ਵਿਦੇਸ਼ ਦੌਰੇ ’ਤੇ ਹਨ ਅਤੇ ਉਨ੍ਹਾਂ ਦੀ ਵਾਪਸੀ ਮਗਰੋਂ ਇਹ ਸ਼ਿਕਾਇਤਾਂ ਉਨ੍ਹਾਂ ਨੂੰ ਸੌਂਪੀਆਂ ਜਾਣਗੀਆਂ।

ਸ਼ਿਕਾਇਤਕਰਤਾਵਾਂ ਨੇ ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਖਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਸ੍ਰੀ ਸਿਰਸਾ ਵੱਲੋਂ ਅਮਿਤਾਭ ਬੱਚਨ ਕੋਲੋਂ ਦੋ ਕਰੋੜ ਰੁਪਏ ਦੀ ਦਾਨ ਦੀ ਰਕਮ ਸਵਿਕਾਰ ਕਰਨ ਅਤੇ ਮੁੜ ਉਨ੍ਹਾਂ ਦੀ ਸ਼ਲਾਘਾ ਕਰਨ ’ਤੇ ਇਤਰਾਜ਼ ਕੀਤਾ ਹੈ। ਉਨ੍ਹਾਂ ਸ੍ਰੀ ਬੱਚਨ ’ਤੇ ਸਿੱਖ ਕਤਲੇਆਮ ਦੀਆਂ ਘਟਨਾਵਾਂ ਨੂੰ ਕਥਿਤ ਉਤਸ਼ਾਹਿਤ ਕਰਨ ਦਾ ਦੋਸ਼ ਵੀ ਲਾਇਆ ਹੈ। ਇਸ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ’ਤੇ ਸ਼ਿਕਾਇਤ ਪੁੱਜਣ ਤੋਂ ਪਹਿਲਾਂ ਵੱਖ-ਵੱਖ ਸਿੱਖ ਆਗੂਆਂ ਵੱਲੋਂ ਜਨਤਕ ਤੌਰ ’ਤੇ ਵੀ ਬਿਆਨਾਂ ਰਾਹੀਂ ਇਸ ਦਾ ਵਿਰੋਧ ਕੀਤਾ ਜਾ ਚੁੱਕਾ ਹੈ।

ਇਸ ਦੌਰਾਨ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਸ ਸਬੰਧੀ ਗੱਲ ਕਰਦਿਆਂ ਕਿਹਾ ਕਿ ਗੁਰੂ ਘਰ ਦੀ ਗੋਲਕ ਵਿੱਚ ਕੋਈ ਵਿਅਕਤੀ ਆਪਣੀ ਸ਼ਰਧਾ ਨਾਲ ਮਨੁੱਖਤਾ ਦੀ ਸੇਵਾ ਵਾਸਤੇ ਕੋਈ ਵੀ ਰਕਮ ਭੇਟ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਗੁਰੂ ਘਰ ਲਈ ਭੇਟ ਕੀਤੀ ਰਕਮ ਲਈ ਕਿਸੇ ਦਾ ਗੁਣਗਾਣ ਕਰਨਾ ਠੀਕ ਨਹੀਂ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਇਸ ਮਾਮਲੇ ਬਾਰੇ ਪਤਾ ਲਾ ਰਹੀ ਹੈ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਵੱਲੋਂ ਸੋਸ਼ਲ ਮੀਡੀਆ ’ਤੇ ਇਸ ਦਾ ਵਿਰੋਧ ਕੀਤਾ ਜਾ ਚੁੱਕਾ ਹੈ। ਇਸ ਵੀਡੀਓ ਵਿਚ ਉਹ ਕਹਿ ਰਹੇ ਹਨ ਕਿ ਸ੍ਰੀ ਸਿਰਸਾ ਨੂੰ ਅਜਿਹਾ ਨਹੀਂ ਕਰਨਾ ਚਾਹੀਦਾ ਸੀ। ਪਰ ਹੁਣ ਉਨ੍ਹਾਂ ਇਸ ਮਾਮਲੇ ’ਤੇ ਕੁਝ ਵੀ ਕਹਿਣ ਤੋਂ ਚੁੱਪ ਵੱਟ ਲਈ ਹੈ।

ਜ਼ਿਕਰਯੋਗ ਹੈ ਕਿ ਸ੍ਰੀ ਬੱਚਨ ਵੱਲੋਂ ਮਨੁੱਖਤਾ ਦੀ ਭਲਾਈ ਲਈ ਦਿੱਲੀ ਕਮੇਟੀ ਨੂੰ ਦੋ ਕਰੋੜ ਰੁਪਏ ਦਾਨ ਵਜੋਂ ਦਿੱਤੇ ਗਏ ਹਨ, ਜਿਸ ਦਾ ਇਕ ਟਵੀਟ ਰਾਹੀਂ ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਵੱਲੋਂ ਖੁਲਾਸਾ ਕਰਦਿਆਂ ਸ੍ਰੀ ਬੱਚਨ ਦਾ ਧੰਨਵਾਦ ਵੀ ਕੀਤਾ ਗਿਆ ਹੈ।

error: Content is protected !!