ਬੀਬੀ ਜਗੀਰ ਕੌਰ ਨੇ ਲਿਖਿਆ ਆਸਟ੍ਰੇਲੀਆ ਅੰਬੈਸੀ ਨੂੰ ਪੱਤਰ

 ਬੀਬੀ ਜਗੀਰ ਕੌਰ ਵੱਲੋਂ ਲਿਖੀ ਗਈ ਲਿਖਿਆ ਆਸਟ੍ਰੇਲੀਆ ਅੰਬੈਸੀ ਨੂੰ ਪੱਤਰ

ਅੰਮ੍ਰਿਤਸਰ (ਮਨਿੰਦਰ ਕੌਰ) – ਆਸਟਰੇਲੀਆ ਦੇ ਨਿਊ ਸਾਊਥ ਵੇਲਸ ਵਿਖੇ ਉੱਥੋਂ ਦੀ ਸਿੱਖਿਆ ਮੰਤਰੀ ਵੱਲੋਂ ਸਕੂਲਾਂ ਵਿੱਚ ਸਿੱਖ ਬੱਚਿਆਂ ਦੇ ਕਿਰਪਾਨ ਪਾਉਣ ’ਤੇ ਰੋਕ ਲਾਉਣ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਮੰਦਭਾਗਾ ਅਤੇ ਧਾਰਮਿਕ ਅਜ਼ਾਦੀ ਦੇ ਖ਼ਿਲਾਫ਼ ਕਰਾਰ ਦਿੱਤਾ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਮਿਲੀ ਜਾਣਕਾਰੀ ਅਨੁਸਾਰ ਨਿਊ ਸਾਊਥ ਵੇਲਸ ਦੇ ਸਰਕਾਰੀ ਸਕੂਲਾਂ ਵਿੱਚ ਸਿੱਖ ਬੱਚਿਆਂ ਦੇ ਕਿਰਪਾਨ ਪਾਉਣ ਉੱਤੇ 19 ਮਈ, 2021 ਤੋਂ ਪਾਬੰਦੀ ਲਗਾਈ ਗਈ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।

ਉਨ੍ਹਾਂ ਆਖਿਆ ਕਿ ਭਾਵੇਂ ਇਹ ਪਾਬੰਦੀ ਸਿਡਨੀ ਦੇ ਇੱਕ ਸਕੂਲ ਵਿੱਚ ਵਾਪਰੀ ਇੱਕ ਘਟਨਾ ਉਪਰੰਤ ਲਾਗੂ ਕੀਤੀ ਗਈ ਹੈ, ਪ੍ਰੰਤੂ ਸਿੱਖਾਂ ਦੇ ਜੀਵਨ ਦਾ ਅਹਿਮ ਅੰਗ ਕਿਰਪਾਨ ਤੇ ਪਾਬੰਦੀ ਲਗਾ ਦੇਣਾ ਸਿੱਖ ਮਾਨਤਾਵਾਂ ਦੇ ਬਿਲਕੁਲ ਵਿਰੁੱਧ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਉੱਥੋਂ ਦੀ ਸਰਕਾਰ ਨੂੰ ਕਿਰਪਾਨ`ਤੇ ਪਾਬੰਦੀ ਲਗਾਉਣ ਦਾ ਫ਼ੈਸਲਾ ਕਰਨ ਤੋਂ ਪਹਿਲਾਂ ਸਿੱਖ ਕੌਮ ਦੀਆਂ ਪ੍ਰਤੀਨਿਧ ਸੰਸਥਾਵਾਂ ਤੋਂ ਸਲਾਹ ਲੈਣੀ ਚਾਹੀਦੀ ਸੀ, ਕਿਉਂਕਿ ਕਿਰਪਾਨ ਸਿੱਖ ਧਰਮ ਦੇ ਪੰਜ ਕਕਾਰਾਂ ਵਿੱਚੋਂ ਇੱਕ ਹੈ ਅਤੇ ਅੰਮ੍ਰਿਤਧਾਰੀ ਸਿੱਖ ਵਿਅਕਤੀ ਦੇ ਸਰੀਰ ਦਾ ਅਹਿਮ ਅੰਗ ਹੈ।

ਇਹ ਕਕਾਰ ਸਿੱਖਾਂ ਵੱਲੋਂ 300 ਤੋਂ ਵੱਧ ਸਾਲਾਂ ਤੋਂ ਪਹਿਨਿਆ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਸੇ ਦੌਰਾਨ ਦੱਸਿਆ ਕਿ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਨੂੰ ਵੀ ਜਲਦ ਨਵੇਂ ਰੂਪ ਵਿਚ ਸੰਗਤ ਸਾਹਮਣੇ ਲਿਆਉਣ ਲਈ ਯਤਨ ਤੇਜ਼ ਕੀਤੇ ਗਏ ਹਨ। ਇੱਥੇ ਤਿਆਰ ਕੀਤੀ ਗਈ ਇਮਾਰਤ ਨੂੰ ਪਾਰਦਰਸ਼ੀ ਬਣਾ ਕੇ ਸੰਗਤ ਲਈ ਖੋਲ੍ਹਣ ਦੀ ਅਗਲੀ ਕਾਰਵਾਈ ਲਈ ਸਬ-ਕਮੇਟੀ ਬਣਾਈ ਜਾ ਰਹੀ ਹੈ।

ਉਨ੍ਹਾਂ ਆਸ ਪ੍ਰਗਟਾਈ ਕਿ ਇਸ ਸਬੰਧ ਵਿਚ ਜਲਦ ਹੀ ਨਤੀਜੇ ਸਾਹਮਣੇ ਆਉਣਗੇ। ਬੀਬੀ ਜਗੀਰ ਕੌਰ ਨੇ ਇਹ ਵੀ ਦੱਸਿਆ ਕਿ ਆਸਟ੍ਰੇਲੀਆ ਅੰਦਰ ਸਿੱਖ ਕਕਾਰ ਕਿਰਪਾਨ ’ਤੇ ਸਕੂਲਾਂ ਅੰਦਰ ਪਾਬੰਦੀ ਦੇ ਮਾਮਲੇ ’ਤੇ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਅਤੇ ਦਿੱਲੀ ’ਚ ਆਸਟ੍ਰੇਲੀਆ ਦੇ ਹਾਈ ਕਮਿਸ਼ਨਰ ਨੂੰ ਪੱਤਰ ਲਿਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਕਿਰਪਾਨ ਸਿੱਖ ਜੀਵਨ-ਜਾਚ ਦਾ ਅਹਿਮ ਹਿੱਸਾ ਹੈ, ਜਿਸ ’ਤੇ ਰੋਕ ਲਗਾਉਣੀ ਬੇਹੱਦ ਦੁਖਦਾਈ ਹੈ।

error: Content is protected !!