5 ਜੂਨ ਨੂੰ ਪੰਜਾਬ ‘ਚ ਭਾਜਪਾ ਦੇ ਦਫ਼ਤਰਾਂ ਅੱਗੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜਣਗੇ ਕਿਸਾਨ

5 ਜੂਨ ਨੂੰ ਪੰਜਾਬ ‘ਚ ਭਾਜਪਾ ਦੇ ਦਫ਼ਤਰਾਂ ਅੱਗੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜਣਗੇ ਕਿਸਾਨ

ਚੰਡੀਗੜ੍ਹ(ਵੀਓਪੀ ਬਿਊਰੋ)  – ਸੰਯੁਕਤ ਕਿਸਾਨ ਮੋਰਚੇ ‘ਚ ਸ਼ਾਮਿਲ ਪੰਜਾਬ ਦੀਆਂ 32 ਕਿਸਾਨ-ਜਥੇਬੰਦੀਆਂ ਵੱਲੋਂ ਜਾਰੀ ਕਿਸਾਨੀ-ਧਰਨਿਆਂ ਦੇ 247ਵੇਂ ਦਿਨ ਵੀ ਰੋਹ ਭਰਪੂਰ ਜਾਰੀ ਰਹੇ। ਪੰਜਾਬ ਭਰ ‘ਚ 108 ਥਾਵਾਂ- ਟੋਲ-ਪਲਾਜ਼ਿਆਂ, ਰਿਲਾਇੰਸ ਪੰਪਾਂ, ਕਾਰਪੋਰੇਟ ਮਾਲਜ਼, ਰੇਲਵੇ ਪਾਰਕਾਂ, ਅਡਾਨੀਆਂ ਦੀ ਖੁਸ਼ਕ ਬੰਦਰਗਾਹ ਅਤੇ ਭਾਜਪਾ ਆਗੂਆਂ ਦੇ ਘਰਾਂ ਸਾਹਮਣੇ ਜਾਰੀ ਧਰਨਿਆਂ ‘ਚ ਕਿਸਾਨ-ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ 5 ਜੂਨ ਨੂੰ ‘ਸੰਪੂਰਨ ਕ੍ਰਾਂਤੀ ਦਿਹਾੜਾ’ ਮਨਾਉਣ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਖੇਤੀ-ਕਾਨੂੰਨਾਂ ਨੂੰ ਲਿਆਉਣ ਦੇ 1 ਸਾਲ ਪੂਰਾ ਹੋਣ ‘ਤੇ ਰੋਸ ਵਜੋਂ ਪੂਰੇ ਪੰਜਾਬ ਅੰਦਰ ਭਾਜਪਾ ਆਗੂਆਂ ਦੇ ਦਫ਼ਤਰਾਂ-ਘਰਾਂ, ਐਸਡੀਐਮ ਦਫ਼ਤਰਾਂ ਅਤੇ ਜ਼ਿਲ੍ਹਾ ਪੱਧਰ ‘ਤੇ ਖੇਤੀ-ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ। ਕੇਂਦਰ-ਸਰਕਾਰ ਵੱਲੋਂ ਲਿਆਂਦੇ 3 ਖੇਤੀ-ਕਾਨੂੰਨਾਂ, ਬਿਜ਼ਲੀ ਸੋਧ ਬਿਲ-2020 ਅਤੇ ਪਰਾਲੀ ਆਰਡੀਨੈਂਸ ਰੱਦ ਕਰਵਾਉਣ ਲਈ ਵੱਖ-ਵੱਖ ਕਿਸਾਨ-ਜਥੇਬੰਦੀਆਂ ਪਿੰਡ-ਪਿੰਡ ਮੁਜ਼ਾਹਰਿਆਂ ਨੂੰ ਸਫ਼ਲ ਬਣਾਉਣ ਦਾ ਸੱਦਾ ਦਿੱਤਾ ਗਿਆ।

ਮਾਨਸਾ ਜ਼ਿਲ੍ਹੇ ਦੇ ਪਿੰਡ ਫਫੜੇ-ਭਾਈਕੇ ‘ਚ ਭਾਜਪਾ ਦੇ ਸੀਨੀਅਰ ਆਗੂ ਵਿਜੈ ਸਾਂਪਲਾ ਆਪਣੇ ਨਿਰਧਾਰਤ ਦੌਰੇ ‘ਤੇ ਨਹੀਂ ਪਹੁੰਚ ਸਕੇ। ਕਿਸਾਨਾਂ ਨੇ ਜਾਣਕਾਰੀ ਮਿਲਦਿਆਂ ਹੀ ਪਿੰਡ ਦੀ ਨਾਕੇਬੰਦੀ ਕਰ ਦਿੱਤੀ ਸੀ, ਖ਼ਬਰ ਲਿਖ਼ੇ ਜਾਣ ਤੱਕ ਨਾਕੇਬੰਦੀ ਜਾਰੀ ਸੀ ਅਤੇ ਸਾਂਪਲਾ ਪਿੰਡ ‘ਚ ਨਹੀਂ ਪਹੁੰਚ ਸਕੇ ਸਨ। ਭਾਰਤੀ ਕਿਸਾਨ ਯੂਨੀਅਨ (ਏਕਤਾ-ਡਕੌਂਦਾ) ਦੇ ਜਨਰਲ-ਸਕੱਤਰ ਜਗਮੋਹਨ ਸਿੰਘ ਪਟਿਆਲਾ ਅਤੇ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਦੀ ਅਗਵਾਈ ‘ਚ ਲੜੇ ਜਾ ਰਹੇ ਸੰਘਰਸ਼ ਨੂੰ ਢਾਹ ਲਾਉਣ ਲਈ ਭਾਜਪਾ ਨੂੰ ਅਚਾਨਕ ਦਲਿਤਾਂ ਦਾ ਹੇਜ ਜਾਗ ਪਿਆ ਹੈ। ਕਿਸਾਨ-ਆਗੂਆਂ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਵਲੋਂ ਲੜੇ ਜਾ ਰਹੇ ਘੋਲ ਸਾਰੇ ਤਬਕਿਆਂ ਲਈ ਹੈ, ਦਲਿਤ ਭਾਈਚਾਰੇ ਨੂੰ ਭਾਜਪਾਂ ਦੀਆਂ ਫੁੱਟ ਪਾਊ ਸਾਜਿਸ਼ਾਂ ਤੋਂ ਬਚ ਕੇ ਰਹਿਣਾ ਚਾਹੀਦਾ ਹੈ ਅਤੇ ਕਿਸਾਨੀ ਸੰਘਰਸ਼ ਨੂੰ ਕਾਲੇ ਕਾਨੂੰਨ ਰੱਦ ਕਰਵਾਉਣ ਤੱਕ ਸਾਰੇ ਵਰਗਾਂ ਨੂੰ ਏਕਤਾ ਬਣਾ ਕੇ ਰੱਖਣੀ ਚਾਹੀਦੀ ਹੈ।

error: Content is protected !!