ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ‘ਚ ਹੋਏ ਘੁਟਾਲੇ ਨੂੰ ਲੈ ਕੇ ‘ਆਪ’ ਨੇ ਧਰਮਸੋਤ ਦੀ ਗ੍ਰਿਫ਼ਤਾਰੀ ਦੀ ਕੀਤੀ ਮੰਗ
ਚੰਡੀਗੜ੍ਹ (ਵੀਓਪੀ ਬਿਊਰੋ) – ਆਮ ਆਦਮੀ ਪਾਰਟੀ ਵਲੋਂ ਅੱਜ ਦਲਿਤ ਵਿਦਿਆਰਥੀਆਂ ਨੂੰ ਮਿਲ ਰਹੀ ਪੋਸਟ ਮੈਟ੍ਰਿਕ ਸਕੀਮ ਵਿਚ ਹੋਏ ਘੁਟਾਲੇ ਨੂੰ ਲੈ ਕੇ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ ਹੈ। ਅੱਜ ਆਪ ਪਾਰਟੀ ਵਲੋਂ ਰੋਸ ਪ੍ਰਦਰਸ਼ਨ ਕਰਦਿਆਂ ਸਾਧੂ ਸਿੰਘ ਧਰਮਸੋਤ ਦੇ ਪੁਤਲੇ ਫੂਕੇ ਗਏ।ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਵਿਰੋਧੀ ਧਿਰ ਦੇ ਉਪ ਨੇਤਾ ਸਰਬਜੀਤ ਕੌਰ ਮਾਣੂੰਕੇ ਨੇ ਕਿਹਾ ਕਿ ਮੌਜੂਦਾ ਕਾਂਗਰਸ ਸਰਕਾਰ ਅਤੇ ਇਸ ਤੋਂ ਪਹਿਲਾਂ ਅਕਾਲੀ ਭਾਜਪਾ ਸਰਕਾਰ ਨੇ ਹਮੇਸ਼ਾ ਦਲਿਤਾਂ ਨੂੰ ਲੁੱਟਿਆ ਅਤੇ ਕੁੱਟਿਆ ਹੈ।
ਉਨ੍ਹਾਂ ਕਿਹਾ ਕਿ ਇਨ੍ਹਾਂ ਪਾਰਟੀਆਂ ਨੇ ਹਮੇਸ਼ਾ ਦਲਿਤਾਂ ਦੇ ਬੱਚਿਆਂ ਨਾਲ ਵਿਤਕਰਾ ਕਰਦਿਆਂ ਉਨ੍ਹਾਂ ਲਈ ਰਾਖਵੇਂ ਰੱਖੇ ਪੈਸਿਆਂ ‘ਤੇ ਵੀ ਡਾਕਾ ਮਾਰਿਆ ਹੈ। ਆਪ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਲੋਕ ਵਿਖਾਵੇ ਲਈ ਦਲਿਤ ਬੱਚਿਆਂ ਦੀ ਭਲਾਈ ਲਈ ਹਰ ਸਾਲ 800 ਕਰੋੜ ਦਾ ਬਜਟ ਰੱਖਦੀ ਹੈ ਪਰ ਅਸਲ ਵਿੱਚ ਵਿੱਚ ਇਹ ਪੈਸਾ ਮੰਤਰੀ ਅਤੇ ਸੰਤਰੀ ਰਲ ਮਿਲ ਕੇ ਖੁਰਦ ਬੁਰਦ ਕਰ ਲੈਂਦੇ ਹਨ।
ਆਪ ਆਗੂਆਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦਾ ਸੂਬੇ ਦੇ ਕਿਸੇ ਵੀ ਕੰਮ ਨਾਲ ਕੋਈ ਸਰੋਕਾਰ ਨਹੀਂ ਹੈ ਅਤੇ ਉਹ ਪੰਜਾਬੀਆਂ ਦੀ ਪਿੱਠ ਵਿਚ ਛੁਰਾ ਮਾਰ ਕੇ ਰੂਪੋਸ਼ ਹੋ ਗਏ ਹਨ। ਪੰਜਾਬ ਦੇ ਲੋਕ ‘ਗੁੰਮਸ਼ੁਦਾ ਕੈਪਟਨ’ ਨੂੰ ਲੱਭ ਰਹੇ ਹਨ। ਉਨ੍ਹਾਂ ਕਿਹਾ ਕਿ ਕੈਪਟਨ ਅਣਦੱਸੀ ਥਾਂ ਤੋਂ ਹੀ ਦਲਿਤਾਂ ਲਈ ਵੱਡੇ ਵੱਡੇ ਐਲਾਨ ਕਰ ਰਹੇ ਹਨ ਜਦਕਿ ਧਰਾਤਲ ‘ਤੇ ਪੰਜਾਬ ਦੇ ਦਲਿਤ ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਵਾਰ ਵਾਰ ਸਕਾਲਰਸ਼ਿਪ ਸਕੈਮ ਦੇ ਪੈਸੇ ਜਾਰੀ ਕਰਨ ਦੇ ਬਿਆਨ ਦਾਗ ਦਿੰਦੀ ਹੈ ਪਰ ਅਸਲ ਵਿੱਚ ਅਜਿਹਾ ਕੁਝ ਨਹੀਂ ਹੁੰਦਾ ਜਿਸ ਕਾਰਨ ਦਲਿਤ ਵਿਦਿਆਰਥੀ ਵਾਰ ਵਾਰ ਖੱਜਲ ਖੁਆਰ ਹੋ ਰਹੇ ਹਨ।
? ਵਾਇਸ ਆਫ਼ ਪੰਜਾਬ ਨੂੰ ਪੰਜਾਬ ਦੇ ਹਰ ਜ਼ਿਲ੍ਹੇ ਅਤੇ ਕਸਬੇ ਵਿੱਚ ਰਿਪੋਰਟਰ ਚਾਹੀਦੇ ਹਨ । ਸੰਪਰਕ ਕਰੋ 98146-00441,98788-00441