ਮਾਮਲੇ ਵਿਚ ਨਾਮਜਦ 96 ਵਿੱਚੋਂ 23 ਦੀ ਮੌਤ ਤੇ 27 ਹੋ ਚੁੱਕੇ ਹਨ ਗ੍ਰਿਫਤਾਰ
ਨਵੀਂ ਦਿੱਲੀ 21 ਜੁਲਾਈ (ਮਨਪ੍ਰੀਤ ਸਿੰਘ ਖਾਲਸਾ):- ਨਵੰਬਰ 1984 ਵਿਚ ਵਾਪਰੇ ਸਿੱਖ ਕਤਲੇਆਮ ਦੌਰਾਨ ਹੋਏ ਸਮੂਹਿਕ ਕਤਲਾਂ ਦੇ ਮਾਮਲਿਆਂ ਦੀ ਜਾਂਚ ਕਰ ਰਹੀ ਵਿਸ਼ੇਸ਼ ਖੋਜ ਟੀਮ (ਸੀਟ) ਨੇ ਇਕ ਮਾਮਲਾ ਜਿਸ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ ਸੀ, ਵਿਚ ਪੰਜ ਹੋਰ ਨਾਮਜਦ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ ।
ਪੁਲਿਸ ਦੇ ਡਿਪਟੀ ਇੰਸਪੈਕਟਰ ਜਨਰਲ (ਡੀਆਈਜੀ) ਬਾਲੇਂਦੂ ਭੂਸ਼ਣ ਸਿੰਘ ਦੀ ਅਗਵਾਈ ਵਾਲੀ ਐਸਆਈਟੀ ਨੇ ਕਿਦਵਈ ਨਗਰ ਦੇ ਨਿਰਾਲਾ ਨਗਰ ਤੋਂ ਇਨ੍ਹਾਂ ਨੂੰ ਗ੍ਰਿਫਤਾਰ ਕੀਤਾ। ਡੀਆਈਜੀ ਸਿੰਘ ਨੇ ਦਸਿਆ ਕਿ ਸੁਪਰੀਮ ਕੋਰਟ ਦੇ ਹੁਕਮਾਂ ‘ਤੇ ਉੱਤਰ ਪ੍ਰਦੇਸ਼ ਸਰਕਾਰ ਵੱਲੋਂ 27 ਮਈ 2019 ਨੂੰ ਬਣਾਈ ਗਈ ਐਸਆਈਟੀ ਸਿੱਖ ਕਤਲੇਆਮ ਦੇ ਮਾਮਲਿਆਂ ਦੀ ਜਾਂਚ ਕਰ ਰਹੀ ਹੈ ਅਤੇ ਸ਼ੱਕੀਆਂ ਨੂੰ ਫੜਨ ਲਈ ਯਤਨ ਜਾਰੀ ਹਨ।
ਉਨ੍ਹਾਂ ਕਿਹਾ ਕਿ ਐਸਆਈਟੀ ਨੇ 96 ਲੋਕਾਂ ਦੀ ਮੁੱਖ ਸ਼ੱਕੀ ਵਜੋਂ ਪਛਾਣ ਕੀਤੀ ਸੀ, ਜਿਨ੍ਹਾਂ ਵਿੱਚੋਂ 23 ਦੀ ਮੌਤ ਹੋ ਚੁੱਕੀ ਹੈ। ਅਧਿਕਾਰੀ ਨੇ ਕਿਹਾ ਕਿ ਤਿੰਨ ਦਰਜਨ ਤੋਂ ਵੱਧ ਸ਼ੱਕੀਆਂ ਦੇ ਵੇਰਵੇ ਇਕੱਠੇ ਕੀਤੇ ਗਏ ਹਨ ਅਤੇ ਇਸ ਨਾਲ ਐਸਆਈਟੀ ਨੂੰ ਹੁਣ ਤੱਕ 27 ਮੁਲਜ਼ਮਾਂ ਨੂੰ ਫੜਨ ਵਿੱਚ ਮਦਦ ਮਿਲੀ ਹੈ । ਡੀਆਈਜੀ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਪੰਜ ਮੁਲਜ਼ਮ 1984 ਵਿੱਚ ਗੁਰੂਦਿਆਲ ਸਿੰਘ ਦੇ ਘਰ ਨੂੰ ਅੱਗ ਲਾਉਣ ਲਈ ਦਰਜਨਾਂ ਹੋਰਾਂ ਨਾਲ ਨਿਰਾਲਾ ਨਗਰ ਪੁੱਜੇ ਸਨ। ਉਨ੍ਹਾਂ ਦੱਸਿਆ ਕਿ ਗੁਰੂਦਿਆਲ ਦੇ ਘਰ ਵਿੱਚ 12 ਪਰਿਵਾਰ ਕਿਰਾਏਦਾਰ ਵਜੋਂ ਰਹਿੰਦੇ ਸਨ ਅਤੇ ਹਮਲੇ ਦੌਰਾਨ ਤਿੰਨ ਵਿਅਕਤੀ ਜ਼ਿੰਦਾ ਸੜ ਗਏ ਸਨ। ਉਨ੍ਹਾਂ ਦੱਸਿਆ ਕਿ ਦੋਵਾਂ ਪਾਸਿਆਂ ਤੋਂ ਚੱਲੀਆਂ ਗੋਲੀਆਂ ਵਿੱਚ ਰਾਜੇਸ਼ ਗੁਪਤਾ ਵਜੋਂ ਇੱਕ ਦੰਗਾਕਾਰੀ ਦੀ ਵੀ ਮੌਤ ਹੋ ਗਈ ਸੀ। ਉਨ੍ਹਾਂ ਦੱਸਿਆ ਕਿ ਅਸੀਂ ਦਿੱਲੀ, ਪੰਜਾਬ ਅਤੇ ਰਾਜਸਥਾਨ ਵਿੱਚ ਵਸੇ ਗਵਾਹਾਂ ਰਾਹੀਂ 96 ਮੁੱਖ ਸ਼ੱਕੀਆਂ ਦੀ ਪਛਾਣ ਕਰਕੇ 11 ਮਾਮਲਿਆਂ ਦੀ ਜਾਂਚ ਕਰ ਰਹੇ ਹਾਂ। ਐਸਆਈਟੀ ਨੇ ਇਹ ਵੀ ਪਾਇਆ ਕਿ ਇਸ ਮਾਮਲੇ ਨਾਲ ਜੁੜੇ 23 ਵਿਅਕਤੀਆਂ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ। ਧਿਆਨਦੇਣ ਯੋਗ ਹੈ ਕਿ 1984 ਦੇ ਸਿੱਖ ਕਤਲੇਆਮ ਦੇ ਮਾਮਲਿਆਂ ਦੀ ਮੁੜ ਜਾਂਚ ਕਰਨ ਲਈ ਐਸਆਈਟੀ ਦਾ ਗਠਨ ਕੀਤਾ ਗਿਆ ਸੀ, ਜਿਸ ਕਾਰਨ ਸਭ ਤੋਂ ਵੱਧ ਪ੍ਰਭਾਵਿਤ ਸ਼ਹਿਰਾਂ ਵਿੱਚੋਂ ਇੱਕ ਕਾਨਪੁਰ ਵਿੱਚ 127 ਲੋਕ ਮਾਰੇ ਗਏ ਸਨ। ਐਸਆਈਟੀ ਨੇ 1984 ਵਿੱਚ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਉਸ ਦੇ ਸਿੱਖ ਅੰਗ ਰੱਖਿਅਕਾਂ ਵੱਲੋਂ ਹੱਤਿਆ ਤੋਂ ਬਾਅਦ ਦਿੱਲੀ ਵਿੱਚ ਹੋਈ ਹਿੰਸਾ ਦੇ ਸਬੰਧ ਵਿੱਚ ਹੁਣ ਤੱਕ 27 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।