ਜਥੇਦਾਰ ਸ੍ਰੀ ਅਕਾਲ ਤਖ਼ਤ ਦੇ ਹੁਕਮਾਂ ਤੋਂ ਬਾਅਦ ਸ੍ਰੀ ਦਰਬਾਰ ਸਾਹਿਬ ਦੇ ਚਾਰੇ ਪਾਸੇ ਲੱਗੇ ਬੰਦੀ ਸਿੰਘਾਂ ਦੇ ਪੋਸਟਰ, ਪੜ੍ਹੋ ਕਾਰਣ  

ਜਥੇਦਾਰ ਸ੍ਰੀ ਅਕਾਲ ਤਖ਼ਤ ਦੇ ਹੁਕਮਾਂ ਤੋਂ ਬਾਅਦ ਸ੍ਰੀ ਦਰਬਾਰ ਸਾਹਿਬ ਦੇ ਚਾਰੇ ਪਾਸੇ ਲੱਗੇ ਬੰਦੀ ਸਿੰਘਾਂ ਦੇ ਪੋਸਟਰ, ਪੜ੍ਹੋ ਕਾਰਣ

ਅੰਮ੍ਰਿਤਸਰ (ਮਨਿੰਦਰ ਕੌਰ) ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਸਰਕਾਰਾਂ ਦੇ ਅੜੀਅਲ ਰਵੱਈਏ ਦੇ ਚੱਲਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸਿੱਖ ਕੌਮ ਨੂੰ ਆਦੇਸ਼ ਦਿੱਤੇ ਗਏ| ਜਿਸ ਤਹਿਤ ਆਦੇਸ਼ ਦਿੱਤਾ ਗਿਆ ਸੀ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਇਤਿਹਾਸਕ ਗੁਰਦੁਆਰਿਆਂ ਅਤੇ ਵਿਦਿਅਕ ਅਦਾਰਿਆਂ ’ਚ ਬੰਦੀ ਸਿੰਘਾਂ ਦੇ ਪੋਸਟਰ ਲਗਾਉਣ| ਤਾਂ ਜੋ ਸੰਗਤਾਂ ਨੂੰ ਸਰਕਾਰਾਂ ਵੱਲੋਂ ਸਿੱਖਾਂ ਨਾਲ ਕੀਤੀ ਜਾ ਰਹੀ ਬੇਇਨਸਾਫੀ ਤੋਂ ਜਾਣੂ ਕਰਵਾਇਆ ਜਾ ਸਕੇ |

ਇਸ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਿਥੇ ਪੰਜਾਬ ਦੇ ਵੱਖ-ਵੱਖ ਗੁਰਦੁਆਰਾ ਸਾਹਿਬ ਦੇ ਵਿੱਚ ਬੰਦੀ ਸਿੰਘਾਂ ਦੇ ਪੋਸਟਰ ਲਗਾ ਕੇ ਸਿੱਖ ਸੰਗਤਾਂ ਨੂੰ ਇਸ ਦੀ ਜਾਣਕਾਰੀ ਦਿੱਤੀ ਜਾ ਰਹੀ ਹੈ, ਉੱਥੇ ਹੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਚਾਰੇ ਪਾਸੇ ਬੰਦੀ ਸਿੰਘਾਂ ਦੇ ਪੋਸਟਰ ਲਗਾ ਕੇ ਉਸ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ| ਸਭ ਤੋਂ ਪਹਿਲਾਂ ਪੋਸਟਰ ਦਿੱਲੀ ਵਿੱਚ ਲਗਾਏ ਗਏ ਸਨ ਅਤੇ ਹੁਣ ਉਸ ਤੋਂ ਬਾਅਦ ਅੰਮ੍ਰਿਤਸਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਵੀ ਬੰਦੀ ਸਿੰਘਾਂ ਦੀ ਰਿਹਾਈ ਦੇ ਪੋਸਟਰ ਲਗਾਏ ਜਾ ਰਹੇ ਹਨ ਤਾਂ ਜੋ ਕਿ ਨੌਜਵਾਨ ਪੀੜ੍ਹੀ ਨੂੰ ਬੰਦੀ ਸਿੰਘਾਂ ਦੇ ਇਤਿਹਾਸ ਬਾਰੇ ਜਾਣਕਾਰੀ ਦਿੱਤੀ ਜਾਵੇ|

ਜ਼ਿਕਰਯੋਗ ਹੈ ਕਿ ਪਿਛਲੇ ਲੰਬੇ ਸਮੇਂ ਤੋਂ ਵੱਖ ਵੱਖ ਸਿੱਖ ਜਥੇਬੰਦੀਆਂ ਵੱਲੋਂ ਅਤੇ ਸ਼੍ਰੋਮਣੀ ਅਕਾਲੀ ਦਲ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਯਤਨ ਕੀਤੇ ਜਾ ਰਹੇ ਹਨ | ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਕਈ ਵਾਰ ਵੱਖ-ਵੱਖ ਸੂਬਿਆਂ ਦੀਆਂ ਸਰਕਾਰਾਂ ਨਾਲ ਰਾਬਤਾ ਕਾਇਮ ਕਰਨ ਦੀ ਕੋਸ਼ਿਸ਼ ਕੀਤੀ ਗਈ| ਤਾਂ ਕਿ ਬੰਦੀ ਸਿੰਘਾਂ ਦੀ ਰਿਹਾਈ ਕੀਤੀ ਜਾਵੇ |

ਪਿਛਲੇ ਦਿਨੀਂ ਜਿਸ ਤਰੀਕੇ ਨਾਲ ਐਸਜੀਪੀਸੀ ਪ੍ਰਧਾਨ ਦਾ ਬਿਆਨ ਆਇਆ ਸੀ ਕਿ ਅਰਵਿੰਦ ਕੇਜਰੀਵਾਲ ਦੇ ਦਫ਼ਤਰ ਬੈਠ ਕੇ ਉਹ ਬੇਰੰਗ ਵਾਪਸ ਪਰਤ ਆਏ | ਇਸ ਤੋਂ ਬਾਅਦ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਬਿਆਨ ਸਾਹਮਣੇ ਆਇਆ ਸੀ ਕਿ ਹੁਣ ਬੰਦੀ ਸਿੰਘਾਂ ਦੀ ਰਿਹਾਈ ਲਈ ਗੁਰਦੁਆਰਾ ਸਾਹਿਬ ਦੇ ਬਾਹਰ ਪੋਸਟਰ ਲਗਾਏ ਜਾਣ ਅਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਬਿਆਨ ਨੂੰ ਦੇਖਦੇ ਹੋਏ ਹੁਣ ਐਸਜੀਪੀਸੀ ਵੱਲੋਂ ਇਸ ਦੀ ਸ਼ੁਰੂਆਤ ਦਿੱਲੀ ਤੋਂ ਬਾਅਦ ਅੰਮ੍ਰਿਤਸਰ ਵਿੱਚ ਵੀ ਕਰ ਦਿੱਤੀ ਗਈ ਹੈ |

error: Content is protected !!