ਪੈਗੰਬਰ ਮੁਹੰਮਦ ਬਾਰੇ ਇਤਰਾਜ ਯੋਗ ਬੋਲਣ ਵਾਲੀ ਨੂਪੁਰ ਸ਼ਰਮਾ ਨੂੰ ਸੁਪਰੀਮ ਕੋਰਟ ਵਲੋਂ ਵੱਡੀ ਰਾਹਤ

ਪੈਗੰਬਰ ਮੁਹੰਮਦ ਬਾਰੇ ਇਤਰਾਜ ਯੋਗ ਬੋਲਣ ਵਾਲੀ ਨੂਪੁਰ ਸ਼ਰਮਾ ਨੂੰ ਸੁਪਰੀਮ ਕੋਰਟ ਵਲੋਂ ਵੱਡੀ ਰਾਹਤ

👉 ਸੁਪਰੀਮ ਕੋਰਟ ਨੇ ਦੇਸ਼ ਭਰ ਵਿੱਚ ਦਰਜ ਸਾਰੇ ਕੇਸਾਂ ਨੂੰ ਦਿੱਲੀ ਤਬਦੀਲ ਕਰਨ ਦਾ ਦਿੱਤਾ ਨਿਰਦੇਸ਼

ਨਵੀਂ ਦਿੱਲੀ 10 ਅਗਸਤ (ਮਨਪ੍ਰੀਤ ਸਿੰਘ ਖਾਲਸਾ):- ਪੈਗੰਬਰ ਮੁਹੰਮਦ ਬਾਰੇ ਕੀਤੀ ਇਤਰਾਜ਼ਯੋਗ ਟਿੱਪਣੀ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਭਾਜਪਾ ਤੋਂ ਮੁਅੱਤਲ ਨੁਪੁਰ ਸ਼ਰਮਾ ਨੂੰ ਵੱਡੀ ਰਾਹਤ ਦਿੰਦਿਆਂ ਦੇਸ਼ ਦੇ ਵੱਖ-ਵੱਖ ਰਾਜਾਂ ਵਿੱਚ ਉਸ ਖ਼ਿਲਾਫ਼ ਦਰਜ ਐਫਆਈਆਰ ਦਿੱਲੀ ਪੁਲੀਸ ਨੂੰ ਟਰਾਂਸਫਰ ਕਰਨ ਦੇ ਨਿਰਦੇਸ਼ ਦਿੱਤੇ ਹਨ। ਨੂਪੁਰ ਸ਼ਰਮਾ ਨੇ ਸੁਪਰੀਮ ਕੋਰਟ ‘ਚ ਅਰਜ਼ੀ ਦਾਇਰ ਕਰਕੇ ਦੇਸ਼ ਦੇ ਵੱਖ-ਵੱਖ ਸੂਬਿਆਂ ‘ਚ ਦਰਜ ਆਪਣੇ ਖਿਲਾਫ ਦਰਜ ਕੇਸਾਂ ਨੂੰ ਦਿੱਲੀ ਤਬਦੀਲ ਕਰਨ ਦੀ ਅਪੀਲ ਕੀਤੀ ਸੀ। ਮਾਮਲੇ ਦੀ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਐਫਆਈਆਰ ਰੱਦ ਕਰਵਾਉਣ ਲਈ ਹਾਈ ਕੋਰਟ ਜਾਣ ਦੀ ਆਜ਼ਾਦੀ ਦੇ ਦਿੱਤੀ ਹੈ।


ਸੁਪਰੀਮ ਕੋਰਟ ਨੇ ਨੁਪੁਰ ਸ਼ਰਮਾ ਦੀ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਸਾਰੇ ਮਾਮਲਿਆਂ ਨੂੰ ਦਿੱਲੀ ਟਰਾਂਸਫਰ ਕਰਨ ਦਾ ਨਿਰਦੇਸ਼ ਦਿੱਤਾ ਅਤੇ ਕਿਹਾ ਕਿ ਇਸ ਹੁਕਮ ਤੋਂ ਬਾਅਦ ਦਰਜ ਹੋਣ ਵਾਲੀ ਕਿਸੇ ਵੀ ਨਵੀਂ ਐੱਫ.ਆਈ.ਆਰ ‘ਤੇ ਉਸ ਦਾ ਨਿਰਦੇਸ਼ ਲਾਗੂ ਹੋਵੇਗਾ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਪੱਛਮੀ ਬੰਗਾਲ ਦੀ ਉਸ ਪਟੀਸ਼ਨ ਨੂੰ ਵੀ ਖਾਰਜ ਕਰ ਦਿੱਤਾ, ਜਿਸ ਵਿੱਚ ਅਦਾਲਤ ਦੀ ਨਿਗਰਾਨੀ ਹੇਠ ਸਾਂਝੀ ਐਸਆਈਟੀ ਜਾਂਚ ਦੀ ਮੰਗ ਕੀਤੀ ਗਈ ਸੀ। ਅਦਾਲਤ ਨੇ ਜਾਂਚ ਪੂਰੀ ਹੋਣ ਤੱਕ ਨੂਪੁਰ ਸ਼ਰਮਾ ਨੂੰ ਅੰਤਰਿਮ ਸੁਰੱਖਿਆ ਵੀ ਦਿੱਤੀ ਹੈ।
ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਨੂਪੁਰ ਸ਼ਰਮਾ ਦੀ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਉਸ ਨੂੰ ਸਖ਼ਤ ਫਟਕਾਰ ਲਗਾਈ ਸੀ। ਨੁਪੁਰ ਸ਼ਰਮਾ ਦੀ ਪਿਛਲੀ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਸੁਪਰੀਮ ਕੋਰਟ ਨੇ ਕਿਹਾ ਸੀ, ‘ਦੇਸ਼ ‘ਚ ਵਿਗੜੇ ਹਾਲਾਤ ਲਈ ਤੁਸੀਂ ਜ਼ਿੰਮੇਵਾਰ ਹੋ।’ ਅਦਾਲਤ ਨੇ ਉਦੈਪੁਰ ਕਾਂਡ ਲਈ ਨੂਪੁਰ ਸ਼ਰਮਾ ਦੇ ਬਿਆਨ ਨੂੰ ਵੀ ਜ਼ਿੰਮੇਵਾਰ ਠਹਿਰਾਇਆ ਸੀ।
ਇੱਕ ਟੀਵੀ ਡਿਬੇਟ ਦੌਰਾਨ ਨੂਪੁਰ ਸ਼ਰਮਾ ਨੇ ਪੈਗੰਬਰ ਮੁਹੰਮਦ ਬਾਰੇ ਇਤਰਾਜ਼ਯੋਗ ਬਿਆਨ ਦਿੱਤਾ ਸੀ, ਜਿਸ ਕਾਰਨ ਦੇਸ਼ ਵਿੱਚ ਕਈ ਦਿਨਾਂ ਤੋਂ ਸਿਆਸਤ ਗਰਮਾਈ ਹੋਈ ਸੀ। ਇਸ ਮੁੱਦੇ ‘ਤੇ ਮੁਸਲਿਮ ਸੰਗਠਨਾਂ ਨੇ ਨੁਪੁਰ ਸ਼ਰਮਾ ਦੀ ਗ੍ਰਿਫਤਾਰੀ ਦੀ ਮੰਗ ਕਰਦੇ ਹੋਏ ਪ੍ਰਦਰਸ਼ਨ ਕੀਤਾ। ਇਸ ਦੇ ਨਾਲ ਹੀ ਉਸ ਦੇ ਖਿਲਾਫ ਦੇਸ਼ ਦੇ ਕਈ ਰਾਜਾਂ ਵਿੱਚ ਐਫ.ਆਈ.ਆਰ. ਦਰਜ਼ ਹੋਈਆਂ ਸਨ ਤੇ ਇਸ ਦੇ ਨਾਲ ਹੀ ਨੂਪੁਰ ਸ਼ਰਮਾ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਮਿਲਣ ਲੱਗੀਆਂ ਸਨ ।

error: Content is protected !!