ਕਾਂਗਰਸ ਕਮੇਟੀ ਦੇ ਪ੍ਰਧਾਨਗੀ ਦੇ ਅਹੁਦੇ ਦੀ ਚੋਣ ਨੂੰ ਲੈ ਕੇ ਹੋਇਆ ਅਹਿਮ ਫੈਸਲਾ

ਕਾਂਗਰਸ ਕਮੇਟੀ ਦੇ ਪ੍ਰਧਾਨਗੀ ਦੇ ਅਹੁਦੇ ਦੀ ਚੋਣ ਨੂੰ ਲੈ ਕੇ ਹੋਇਆ ਅਹਿਮ ਫੈਸਲਾ

ਨਵੀਂ ਦਿੱਲੀ(ਮਨਪ੍ਰੀਤ ਸਿੰਘ ਖਾਲਸਾ):- ਕੇਂਦਰੀ ਚੋਣ ਅਥਾਰਟੀ ਦੇ ਚੇਅਰਮੈਨ ਮਧੂਸੂਦਨ ਮਿਸਤਰੀ ਨੇ ਸੀਡਬਲਿਊਸੀ ਦੀ ਬੈਠਕ ਤੋਂ ਬਾਅਦ ਦਸਿਆ ਕਿ ਕਾਂਗਰਸ ਵਰਕਿੰਗ ਕਮੇਟੀ (ਸੀਡਬਲਿਊਸੀ) ਦੀ ਸੋਨੀਆ ਗਾਂਧੀ ਦੀ ਪ੍ਰਧਾਨਗੀ ਹੇਠ ਹੋਈ ਬੈਠਕ ‘ਚ ਐਤਵਾਰ ਨੂੰ ਫੈਸਲਾ ਲਿਆ ਗਿਆ ਕਿ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਚੋਣ 17 ਅਕਤੂਬਰ ਨੂੰ ਹੋਵੇਗੀ ਅਤੇ ਇਸ ਦਾ ਨੋਟੀਫਿਕੇਸ਼ਨ 22 ਸਤੰਬਰ ਨੂੰ ਜਾਰੀ ਕੀਤਾ ਜਾਵੇਗਾ।

ਉਨ੍ਹਾਂ ਪੱਤਰਕਾਰਾਂ ਨੂੰ ਦੱਸਿਆ ਕਿ ਚੋਣਾਂ ਲਈ ਨਾਮਜ਼ਦਗੀਆਂ ਦੀ ਪ੍ਰਕਿਰਿਆ 24 ਸਤੰਬਰ ਤੋਂ ਸ਼ੁਰੂ ਹੋ ਕੇ ਆਖਰੀ ਮਿਤੀ 30 ਸਤੰਬਰ ਹੋਵੇਗੀ ਅਤੇ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਨਾਮਜ਼ਦਗੀਆਂ ਦਾਖਲ ਕੀਤੀਆਂ ਜਾ ਸਕਦੀਆਂ ਹਨ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ 1 ਅਕਤੂਬਰ ਨੂੰ ਹੋਵੇਗੀ। 8 ਅਕਤੂਬਰ ਤੱਕ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਦੇ ਹਨ। ਮਿਸਤਰੀ ਨੇ ਕਿਹਾ ਕਿ ਜੇਕਰ ਇੱਕ ਤੋਂ ਵੱਧ ਉਮੀਦਵਾਰ ਹਨ ਤਾਂ ਚੋਣ 17 ਅਕਤੂਬਰ ਨੂੰ ਹੋਵੇਗੀ ਅਤੇ ਵੋਟਾਂ ਦੀ ਗਿਣਤੀ ਤੋਂ ਬਾਅਦ ਨਤੀਜਾ 19 ਅਕਤੂਬਰ ਨੂੰ ਐਲਾਨਿਆ ਜਾਵੇਗਾ। ਪਾਰਟੀ ਦੇ ਜਨਰਲ ਸਕੱਤਰ ਕੇ. ਸੀ ਵੇਣੂਗੋਪਾਲ ਨੇ ਕਿਹਾ ਕਿ ਚੋਣ ਪ੍ਰੋਗਰਾਮ ਨੂੰ ਸਰਬਸੰਮਤੀ ਨਾਲ ਮਨਜ਼ੂਰੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੀ ਕੇਂਦਰੀ ਚੋਣ ਅਥਾਰਟੀ ਨੇ ਚੋਣ ਸ਼ਡਿਊਲ ਤਿਆਰ ਕੀਤਾ ਸੀ, ਜਿਸ ਨੂੰ ਵਰਕਿੰਗ ਕਮੇਟੀ ਨੇ ਮਨਜ਼ੂਰੀ ਦਿੱਤੀ ਸੀ। ਸੀਡਬਲਿਊਸੀ ਦੀ ਔਨਲਾਈਨ ਮੀਟਿੰਗ ਬਾਅਦ ਦੁਪਹਿਰ 3.30 ਵਜੇ ਸੋਨੀਆ ਗਾਂਧੀ ਦੀ ਪ੍ਰਧਾਨਗੀ ਹੇਠ ਸ਼ੁਰੂ ਹੋਈ, ਜੋ ਡਾਕਟਰੀ ਜਾਂਚ ਲਈ ਵਿਦੇਸ਼ ਵਿੱਚ ਹਨ। ਇਸ ਦੌਰਾਨ ਸੋਨੀਆ ਦੇ ਨਾਲ ਇਸ ਮੀਟਿੰਗ ਵਿਚ ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ ਵਾਡਰਾ, ਡਾ ਮਨਮੋਹਨ ਸਿੰਘ ਅਤੇ ਹੋਰ ਬਹੁਤ ਸਾਰੇ ਨੇਤਾ ਵੀ ਮੌਜੂਦ ਸਨ।

error: Content is protected !!