‘ਆਪ’ ਦੇ ਅੱਧਾ ਦਰਜਨ ਮੰਤਰੀਆਂ ਨੂੰ ਪਈ ਹੱਥਾਂ-ਪੈਰਾਂ ਦੀ, ਗੈਰ-ਜ਼ਮਾਨਤੀ ਵਾਰੰਟ ਹੋਏ ਜਾਰੀ, ਇਸ ਮਾਮਲੇ ‘ਚ ਅਦਾਲਤ ਨੇ ਸੁਣਾਇਆ ਫੈਸਲਾ…

‘ਆਪ’ ਦੇ ਅੱਧਾ ਦਰਜਨ ਮੰਤਰੀਆਂ ਨੂੰ ਪਈ ਹੱਥਾਂ-ਪੈਰਾਂ ਦੀ, ਗੈਰ-ਜ਼ਮਾਨਤੀ ਵਾਰੰਟ ਹੋਏ ਜਾਰੀ, ਇਸ ਮਾਮਲੇ ‘ਚ ਅਦਾਲਤ ਨੇ ਸੁਣਾਇਆ ਫੈਸਲਾ…

ਤਰਨਤਾਰਨ (ਵੀਓਪੀ ਬਿਊਰੋ) ਸਿਆਸੀ ਵਿਰੋਧੀਆਂ ਦੀ ਧੜ-ਪਕੜ ਕਰ ਰਹੀ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਦੇ ਖੁਦ ਦੇ ਮੰਤਰੀ ਵਿਧਾਇਕ ਵੀ ਮੁਸੀਬਤ ਵਿਚ ਫਸ ਗਏ ਹਨ। ਇਕ ਮਾਮਲੇ ਵਿਚ ਤਰਨਤਾਰਨ ਦੀ ਅਦਾਲਤ ਨੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ, ਡਿਪਟੀ ਸਪੀਕਰ ਜੈ ਕਿਸ਼ਨ ਰੌੜੀ, ਮੰਤਰੀ ਲਾਲਜੀਤ ਸਿੰਘ ਭੁੱਲਰ, ਹਰਭਜਨ ਸਿੰਘ ਈਟੀਓ, ਗੁਰਮੀਤ ਸਿੰਘ ਮੀਤ ਹੇਅਰ ਤੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵਿਰੁੱਧ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਹਨ। ਦਰਅਸਲ ਉਕਤ ਮਾਮਲਾ ਉਸ ਸਮੇਂ ਦਾ ਹੈ ਜਦ ਤਰਨਤਾਰਨ ਦੇ ਪ੍ਰਬੰਧਕੀ ਬਲਾਕ ਦੇ ਬਾਹਰ ਆਮ ਆਦਮੀ ਪਾਰਟੀ ਦੇ ਆਗੂਆਂ ਨੇ 2020 ਵਿਚ ਧਰਨਾ ਲਾਇਆ ਹੋਇਆ ਸੀ। ਇਸ ਮਾਮਲੇ ਸਬੰਧੀ ਉਹਨਾਂ ਖਿਲਾਫ ਐੱਫਆਈਆਰ ਦਰਜ ਹੋਈ ਸੀ।

ਉਕਤ ਮਮਲੇ ਤੋਂ ਬਾਅਦ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ, ਡਿਪਟੀ ਸਪੀਕਰ ਜੈ ਕਿਸ਼ਨ ਰੌੜੀ, ਮੰਤਰੀ ਲਾਲਜੀਤ ਸਿੰਘ ਭੁੱਲਰ, ਹਰਭਜਨ ਸਿੰਘ, ਗੁਰਮੀਤ ਸਿੰਘ ਮੀਤ ਹੇਅਰ ਅਤੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਕੁਲਵੰਤ ਸਿੰਘ ਪੰਡੋਰੀ ਅਦਾਲਤ ਵਿੱਚ ਪੇਸ਼ ਨਹੀਂ ਹੋਏ। ਉਸ ਸਮੇਂ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਨਕਲੀ ਸ਼ਰਾਬ ਕਾਰਨ ਕਈ ਜਾਨਾਂ ਗਈਆਂ ਸਨ। ਇਸ ਲਈ ਉਕਤ ਆਗੂਆਂ ਨੇ ਆਮ ਆਦਮੀ ਪਾਰਟੀ ਦੇ ਵਰਕਰਾਂ ਦੇ ਨਾਲ ਧਰਨਾ ਲਾਇਆ ਹੋਇਆ ਸੀ। ਕਾਂਗਰਸ ਸਰਕਾਰ ਨੇ ਤਰਨਤਾਰਨ ਦੇ ਥਾਣਾ ਸਦਰ ‘ਚ ‘ਆਪ’ ਆਗੂਆਂ ਖਿਲਾਫ ਮਾਮਲਾ ਦਰਜ ਕੀਤਾ ਸੀ। ਕੇਸ ਦਰਜ ਹੋਣ ਤੋਂ ਬਾਅਦ ਮਾਮਲੇ ਦੀ ਸੁਣਵਾਈ ਏਸੀਜੇਐੱਮ ਗਾਰਡਨ ਸਿੰਘ ਦੀ ਅਦਾਲਤ ਵਿੱਚ ਚੱਲ ਰਹੀ ਸੀ।

ਆਮ ਆਦਮੀ ਪਾਰਟੀ ਦੇ ਸਾਰੇ ਆਗੂਆਂ ਦੇ ਵਕੀਲ ਐਡਵੋਕੇਟ ਬੂਟਾ ਸਿੰਘ ਸੰਧੂ ਨੇ ਅਦਾਲਤ ਵਿੱਚ ਮੁਲਜ਼ਮਾਂ ਨੂੰ ਹਾਜ਼ਰੀ ਤੋਂ ਛੋਟ ਦੇਣ ਲਈ ਅਰਜ਼ੀ ਦਿੱਤੀ ਸੀ ਪਰ ਜੱਜ ਗਾਰਡਨ ਸਿੰਘ ਨੇ ਅਰਜ਼ੀ ਰੱਦ ਕਰ ਦਿੱਤੀ ਸੀ। ਇਸ ਤੋਂ ਬਾਅਦ ਅਦਾਲਤ ਨੇ ਸਾਰਿਆਂ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ ਕਰ ਦਿੱਤੇ ਹਨ। ਅਦਾਲਤ ਨੇ ਸਾਰੇ ਮੁਲਜ਼ਮਾਂ ਦੀ ਜ਼ਮਾਨਤ ਲਈ ਅਰਜ਼ੀ ਦੇਣ ਵਾਲਿਆਂ ਨੂੰ ਨੋਟਿਸ ਵੀ ਜਾਰੀ ਕੀਤੇ ਹਨ। ਮਾਮਲੇ ਦੀ ਅਗਲੀ ਸੁਣਵਾਈ 9 ਸਤੰਬਰ ਨੂੰ ਹੋਵੇਗੀ।

error: Content is protected !!