ਐੱਸਜੀਪੀਸੀ ਖਿਲਾਫ ਹੁਣ ਅਖੰਡ ਪਾਠੀਆਂ ਨੇ ਵੀ ਖੋਲ੍ਹਿਆ ਮੋਰਚਾ, ਪੜ੍ਹੋ ਕਾਰਣ  

ਐੱਸਜੀਪੀਸੀ ਖਿਲਾਫ ਹੁਣ ਅਖੰਡ ਪਾਠੀਆਂ ਨੇ ਵੀ ਖੋਲ੍ਹਿਆ ਮੋਰਚਾ, ਪੜ੍ਹੋ ਕਾਰਣ

ਅੰਮ੍ਰਿਤਸਰ (ਮਨਿੰਦਰ ਕੌਰ) ਸੱਚਖੰਡ ਸ੍ਰੀ ਦਰਬਾਰ ਸਾਹਿਬ ਜਿੱਥੇ ਕਿ ਹਰ ਇਕ ਵਰਗ ਦਾ ਵਿਅਕਤੀ ਅਖੰਡਪਾਠ ਸਾਹਿਬ ਰਖਵਾ ਕੇ ਆਪਣਾ ਜੀਵਨ ਸਫਲ ਬਣਾਉਣਾ ਚਾਹੀਦਾ ਹੈ| ਉਥੇ ਹੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਅੰਦਰ ਅਖੰਡ ਪਾਠੀ ਆਪਣੀ ਤਨਖਾਹ ਅਤੇ ਹੋਰ ਜ਼ਰੂਰਤਾਂ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਖਿਲਾਫ ਮੋਰਚਾ ਖੋਲ੍ਹ ਕੇ ਬੈਠ ਗਏ ਹਨ| ਤੇਜਾ ਸਿੰਘ ਸਮੁੰਦਰੀ ਹਾਲ ਦੇ ਬਾਹਰ ਪਾਠੀ ਸਿੰਘਾਂ ਅਤੇ ਰਾਗੀ ਸਿੰਘਾਂ ਵੱਲੋਂ ਮੋਰਚਾ ਖੋਲਦਿਆ ਕਿਹਾ ਕਿ ਜਿੰਨੀ ਦੇਰ ਤੱਕ ਸਾਡੀ ਇਹ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉੰਨੀ ਦੇਰ ਤੱਕ ਅਸੀਂ ਸੰਘਰਸ਼ ਇਸੇ ਤਰ੍ਹਾਂ ਹੀ ਜਾਰੀ ਰੱਖਾਂਗੇ| ਉਧਰ ਦੂਸਰੇ ਪਾਸੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀ ਦਾ ਕਹਿਣਾ ਹੈ ਕਿ ਇਨ੍ਹਾਂ ਵੱਲੋਂ ਬੇਲੋੜੀਆਂ ਮੰਗਾ ਕੀਤੀਆਂ ਜਾ ਰਹੀਆਂ ਹਨ ਅਤੇ ਜਾਣ ਬੁੱਝ ਕੇ ਸਾਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ|

ਇਸ ਦੌਰਾਨ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਅਖੰਡ ਪਾਠੀ ਸਿੰਘਾਂ ਗੁਰਮੁਖ ਸਿੰਘ ਅਤੇ ਸ਼ਿਵਦੇਵ ਸਿੰਘ ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਸ਼੍ਰੋਮਣੀ ਕਮੇਟੀ ਦੇ ਅਧੀਨ ਆਪਣੀਆਂ ਸੇਵਾਵਾਂ ਦੇ ਰਹੇ ਹਨ ਲੇਕਿਨ ਸ਼੍ਰੋਮਣੀ ਕਮੇਟੀ ਉਨ੍ਹਾਂ ਨੂੰ ਬਹੁਤ ਘੱਟ ਤਨਖ਼ਾਹਾਂ ਦੇ ਰਹੀ ਹੈ| ਜਿਸ ਨਾਲ ਕਿ ਉਨ੍ਹਾਂ ਦੇ ਪਰਿਵਾਰ ਦਾ ਗੁਜ਼ਾਰਾ ਕਰਨਾ ਵੀ ਮੁਸ਼ਕਲ ਹੋਇਆ ਪਿਆ ਹੈ| ਇਸ ਕਰਕੇ ਉਹ ਲਗਾਤਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਰਾਬਤਾ ਕਾਇਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ| ਲੇਕਿਨ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਾ ਹੁੰਦੀਆਂ ਦੇਖ ਉਹਨਾਂ ਨੇ ਕਮੇਟੀ ਦੇ ਮੁੱਖ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਦੇ ਬਾਹਰ ਬੈਠ ਕੇ ਪ੍ਰਦਰਸ਼ਨ ਕੀਤਾ ਹੈ| ਇਸ ਦੌਰਾਨ ਉਨ੍ਹਾਂ ਨੇ ਕਿਹਾ ਜੇ ਅਖੰਡ ਪਾਠੀ ਸਿੰਘਾਂ ਦੀਆਂ ਤਨਖ਼ਾਹਾਂ ਨਾ ਵਧੀਆ ਤਾਂ ਆਉਣ ਵਾਲੇ ਸਮੇਂ ਵਿੱਚ ਹੋਰ ਤਿੱਖਾ ਪ੍ਰਦਰਸ਼ਨ ਕਰਨਗੇ, ਜਿਸ ਦੀ ਜ਼ਿੰਮੇਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹੀ ਹੋਵੇਗੀ|

ਇਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਉਹ ਪ੍ਰਦਰਸ਼ਨ ਕਰ ਰਹੇ ਪ੍ਰਦਰਸ਼ਨਕਾਰੀਆਂ ਦੀਆਂ ਮੰਗਾਂ ਸੁਣਨ ਪਹੁੰਚੇ ਸਨ ਤਾਂ ਪ੍ਰਦਰਸ਼ਨਕਾਰੀਆਂ ਦੀਆਂ ਪਹਿਲੇ ਮੰਗਾਂ ਕੁਝ ਹੋਰ ਸੀ ਅਤੇ ਬਾਅਦ ਵਿਚ ਮੰਗਾਂ ਕੁਝ ਹੋਰ ਹੋ ਗਈਆਂ| ਇਸਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੱਲ ਰਹੇ ਵਿਵਾਦ ਕਾਰਨ ਐੱਸਜੀਪੀਸੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰੋਪਰ ਤਰੀਕੇ ਨਾਲ ਮੁੱਖ ਦਫ਼ਤਰ ਵਿੱਚ ਟਾਈਮ ਨਹੀਂ ਦੇ ਪਾ ਰਹੇ| ਜਿਸ ਕਰਕੇ ਅਖੰਡ ਪਾਠੀ ਗ੍ਰੰਥੀ ਸਿੰਘਾਂ ਵੱਲੋਂ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੂੰ ਬਲੈਕਮੇਲ ਕੀਤਾ ਜਾ ਰਿਹਾ ਹੈ| ਉਨ੍ਹਾਂ ਕਿਹਾ ਕਿ ਜਦੋਂ ਪ੍ਰਧਾਨ ਮੁੱਖ ਦਫ਼ਤਰ ਵਿੱਚ ਆਉਣਗੇ ਤਾਂ ਪ੍ਰਦਰਸ਼ਨਕਾਰੀਆਂ ਦੀਆਂ ਮੰਗਾਂ ਬਾਰੇ ਉਨ੍ਹਾਂ ਨੂੰ ਜਾਣੂ ਕਰਵਾ ਦਿੱਤਾ ਜਾਵੇਗਾ|

ਜ਼ਿਕਰਯੋਗ ਹੈ ਕਿ ਜਿਥੇ ਇਕ ਪਾਸੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਰਮ ਪ੍ਰਚਾਰ ਦੀਆਂ ਗੱਲਾਂ ਕੀਤੀਆਂ ਜਾ ਰਹੀਆਂ ਹਨ ਤੇ ਪਿੰਡਾਂ ਵਿਚ ਐੱਸਜੀਪੀਸੀ ਦੇ ਨਵੇਂ ਮੁਲਾਜ਼ਮ ਭਰਤੀ ਕਰ ਕੇ ਧਰਮ ਪ੍ਰਚਾਰ ਸਬੰਧੀ ਪਿੰਡਾਂ ਦੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ| ਉਥੇ ਹੀ ਦੂਜੇ ਪਾਸੇ ਅਖੰਡ ਪਾਠੀ ਸਿੰਘਾਂ ਵੱਲੋਂ ਐੱਸਜੀਪੀਸੀ ਦੇ ਉਪਰ ਘੱਟ ਤਨਖਾਹਾਂ ਦੇਣ ਦੇ ਇਲਜ਼ਾਮ ਲਗਾਏ ਜਾ ਰਹੇ ਹਨ|

error: Content is protected !!