ਕਾਮਰੇਡ ਸਿੱਖ ਕਤਲੇਆਮ ਦੇ ਦੋਸ਼ੀਆਂ ਤੇ ਸਿੱਖ ਕੈਦੀਆਂ ਦੀ ਰਿਹਾਈ ਲਈ ਕਰਨਗੇ ਰੋਸ ਪ੍ਰਦਰਸ਼ਨ, ਇਹਨਾਂ ਨੂੰ ਦਿੱਤਾ ਸੱਦਾ

ਕਾਮਰੇਡ ਸਿੱਖ ਕਤਲੇਆਮ ਦੇ ਦੋਸ਼ੀਆਂ ਤੇ ਸਿੱਖ ਕੈਦੀਆਂ ਦੀ ਰਿਹਾਈ ਲਈ ਕਰਨਗੇ ਰੋਸ ਪ੍ਰਦਰਸ਼ਨ, ਇਹਨਾਂ ਨੂੰ ਦਿੱਤਾ ਸੱਦਾ

ਜਲੰਧਰ (ਸੁਰਖਾਬ ਸਿੰਘ) ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ-ਲੈਨਿਨਵਾਦੀ) ਨਿਊ ਡੈਮੋਕਰੇਸੀ ਦੀ ਸੂਬਾ ਕਮੇਟੀ ਨੇ ਦਿੱਲੀ ਅਤੇ ਦੇਸ਼ ਦੇ ਹੋਰ ਹਿੱਸਿਆਂ ’ਚ ਸਿੱਖਾਂ ਦੇ ਕਤਲੇਆਮ ਦੇ ਦੋਸ਼ੀਆਂ ਨੂੰ ਸਖਤ ਸਜ਼ਾਵਾਂ ਦੇਣ ਅਤੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਜੇਲ੍ਹਾਂ ’ਚ ਸਿੱਖ ਕੈਦੀਆਂ ਦੀ ਰਿਹਾਈ ਦੀ ਮੰਗ ਉਭਾਰਨ ਲਈ 3 ਨਵੰਬਰ ਨੂੰ ਪੰਜਾਬ ਭਰ ’ਚ ਰੈਲੀਆਂ ਅਤੇ ਪ੍ਰਦਰਸ਼ਨ ਕਰਨ ਦਾ ਸੱਦਾ ਦਿੱਤਾ।

ਪਾਰਟੀ ਵੱਲੋਂ ਪ੍ਰੈਸ ਦੇ ਨਾਂ ਬਿਆਨ ਜਾਰੀ ਕਰਦਿਆਂ ਪਾਰਟੀ ਦੇ ਸੂਬਾਈ ਆਗੂ ਕਾਮਰੇਡ ਅਜਮੇਰ ਸਿੰਘ ਨੇ ਕੇਂਦਰ ਸਰਕਾਰ ਦੀ ਅਲੋਚਨਾ ਕਰਦਿਆਂ ਕਿਹਾ ਕਿ ਕਾਂਗਰਸ ਵਾਂਗ ਕੇਂਦਰ ਦੀ ਮੌਜੂਦਾ ਭਾਜਪਾ ਸਰਕਾਰ ਵੱਡੇ-ਵੱਡੇ ਦਾਅਵਿਆਂ ਦੇ ਬਾਵਜੂਦ ਕਾਤਲਾਂ ਨੂੰ ਸਜ਼ਾਵਾਂ ਤੇ ਪੀੜਤਾਂ ਨੂੰ ਇਨਸਾਫ ਦੇਣ ’ਚ ਬੁਰੀ ਤਰ੍ਹਾਂ ਨਖਿੱਧ ਸਾਬਤ ਹੋਈ ਹੈ। ਇਸੇ ਤਰ੍ਹਾਂ ਹੀ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ ਨੂੰ ਵੀ ਜੇਲ੍ਹਾਂ ਵਿੱਚ ਡੱਕਿਆ ਹੋਇਆ ਹੈ। ਉਨ੍ਹਾਂ ਦੀ ਰਿਹਾਈ ਲਈ ਤਰ੍ਹਾਂ-ਤਰ੍ਹਾਂ ਦੇ ਬਹਾਨੇ ਬਣਾ ਕੇ ਟਾਲ-ਮਟੋਲ ਕੀਤਾ ਜਾ ਰਿਹਾ ਹੈ। ਸੁਪਰੀਮ ਕੋਰਟ ’ਚ ਸਰਕਾਰ ਵੱਲੋਂ ਦਿੱਤੇ ਤਾਜ਼ਾ ਬਿਆਨ ’ਚ ਪੰਜਾਬ ਦਾ ਮਹੌਲ ਸੁਖਾਵਾਂ ਨਾ ਹੋਣ ਦਾ ਝੂਠਾ ਬਹਾਨਾ ਬਣਾਇਆ ਗਿਆ ਹੈ।

ਦੂਜੇ ਪਾਸੇ ਬਿਲਕੀਸ ਬਾਨੋ ਕੇਸ ’ਚ ਕਾਤਲਾਂ ਤੇ ਬਲਾਤਕਾਰੀਆਂ ਨੂੰ ਆਜ਼ਾਦੀ ਦੇ ਮਹਾਂ ਅੰਮ੍ਰਿਤ ਮੌਕੇ ਰਿਹਾਅ ਹੀ ਨਹੀਂ ਕੀਤਾ ਗਿਆ ਸਗੋਂ ਉਨ੍ਹਾਂ ਦਾ ਫੁੱਲਾਂ ਦੇ ਹਾਰ ਪਾ ਕੇ ਬੈਂਡ-ਵਾਜੇ ਨਾਲ ਸਵਾਗਤ ਕੀਤਾ ਗਿਆ। ਜੋ ਔਰਤ ਵਿਰੋਧੀ ਅਤੇ ਘੱਟ ਗਿਣਤੀਆਂ ਦੇ ਖਿਲਾਫ ਭਾਜਪਾ ਦੀ ਸੌੜੀ ਤੇ ਫਿਰਕੂ ਮਾਨਸਿਕਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਨੇ ਫ਼ਿਰਕੂ ਸ਼ਕਤੀਆਂ ਵੱਲੋਂ ਨਫ਼ਰਤੀ ਪ੍ਰਚਾਰ ਰਾਹੀਂ ਪੰਜਾਬ ਦਾ ਮਹੌਲ ਖਰਾਬ ਕਰਨ ਦੀਆਂ ਸਾਜਿਸ਼ਾਂ ਤੋਂ ਸੁਚੇਤ ਰਹਿਣ ਲਈ ਵੀ ਕਿਹਾ।

ਉਨ੍ਹਾਂ ਪਾਰਟੀ ਸਫ਼ਾਂ, ਜਮਹੂਰੀ, ਧਰਮ ਨਿਰਪੱਖ ਤੇ ਇਨਸਾਫ ਪਸੰਦ ਸ਼ਕਤੀਆਂ ਨੂੰ ਦਿੱਲੀ ’ਚ ਹੋਏ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੁਆਉਣ ਅਤੇ ਸਜ਼ਾ ਪੂਰੀ ਕਰ ਚੁੱਕੇ ਸਿੱਖ ਕੈਦੀਆਂ ਦੀ ਰਿਹਾਈ ਅਤੇ ਝੂਠੇ ਪਰਚਿਆਂ ਚ ਅੰਦਰ ਕੀਤੇ ਲੇਖਕਾਂ, ਪੱਤਰਕਾਰਾਂ, ਬੁੱਧੀਜੀਵੀਆਂ ਨੂੰ ਰਿਹਾਅ ਕਰਾਉਣ ਲਈ ਤਿੰਨ ਨਵੰਬਰ ਦੇ ਸੱਦੇ ਨੂੰ ਕਾਮਯਾਬ ਕਰਨ ਲਈ ਵਧ-ਚੜ੍ਹ ਕੇ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ।

error: Content is protected !!