ਹਰਿਆਣਾ ਵੱਲੋਂ ਗੱਲਬਾਤ ਦੇ ਵਿਛਾਏ ਜਾਲ ਵਿਚ ਫਸੇ ਮਾਨ : ਸੁਖਬੀਰ ਬਾਦਲ

ਹਰਿਆਣਾ ਵੱਲੋਂ ਗੱਲਬਾਤ ਦੇ ਵਿਛਾਏ ਜਾਲ ਵਿਚ ਫਸੇ ਮਾਨ : ਸੁਖਬੀਰ ਬਾਦਲ

ਪੰਜਾਬ (ਵੀਓਪੀ ਬਿਊਰੋ) ਐਸਵਾਈਐਲ ਮੁੱਦੇ ਉਤੇ ਸਿਆਸਤ ਮੁੜ ਜ਼ੋਰਾਂ ਉਤੇ ਹੈ। ਹਰਿਆਣਾ ਨਾਲ ਮੀਟਿੰਗ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਜਿੱਥੇ ਅਕਾਲੀ ਦਲ ਤੇ ਕਾਂਗਰਸ ਨੂੰ ਘੇਰਿਆ ਤੇ ਵਿਰੋਧੀ ਪਾਰਟੀਆਂ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਉਤੇ ਸਵਾਲ ਉਠਾ ਰਹੀਆਂ ਹਨ।
ਇਸ ਵਿਚਾਲੇ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਪੰਜਾਬ ਦੇ ਪਾਣੀਆਂ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਲਾਹ ਦਿੱਤੀ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਕੌਮੀ ਤੇ ਕੌਮਾਂਤਰੀ ਪੱਧਰ ਉਤੇ ਪ੍ਰਵਾਣਿਤ ਰਿਪੇਰੀਅਨ ਸਿਧਾਂਤਾਂ ਮੁਤਾਬਕ ਪੰਜਾਬ ਦੇ ਦਰਿਆਈ ਪਾਣੀਆਂ ਉਤੇ ਇਕਲੌਤਾ ਹੱਕ ਸਿਰਫ਼ ਪੰਜਾਬ ਦਾ ਹੈ ਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਪਣੇ ਹਰਿਆਣਾ ਦੇ ਹਮਰੁਤਬਾ ਨਾਲ ਗੱਲਬਾਤ ਵਿਚ ਐਸਵਾਈਐਲ ਉਤੇ ਚਰਚਾ ਕਰਨ ਤੇ ਹਰਿਆਣਾ ਨੂੰ ਬਰਾਬਰ ਦਾ ਹਿੱਸਾ ਦੇਣ ਦੀ ਗੱਲ ਕਰਨ ਦੀ ਥਾਂ ਇਸ ਗੱਲ ਉਤੇ ਜ਼ੋਰ ਦੇਣਾ ਚਾਹੀਦਾ ਸੀ।
ਸੁਖਬੀਰ ਨੇ ਇਸ ਗੱਲ ਦਾ ਗੰਭੀਰ ਨੋਟਿਸ ਲਿਆ ਕਿ ਪੰਜਾਬ ਦੇ ਐਡਵੋਕੇਟ ਜਨਰਲ ਨੇ ਮੁੱਖ ਮੰਤਰੀ ਦੀ ਹਾਜ਼ਰੀ ਵਿਚ ਇਹ ਦਾਅਵਾ ਕੀਤਾ ਕਿ ਜੇਕਰ ਸੂਬੇ ਕੋਲ ਪਾਣੀ ਹੋਇਆ ਤਾਂ ਉਹ ਐਸਵਾਈਐਲ ਦੀ ਉਸਾਰੀ ’ਤੇ ਗੌਰ ਕਰਨਗੇ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਭਗਵੰਤ ਮਾਨ ਪਾਣੀ ਦੀ ਉਪਲਬਧਤਾ ਚੈੱਕ ਕਰਨ ਵਾਸਤੇ ਹਰਿਆਣਾ ਵੱਲੋਂ ਗੱਲਬਾਤ ਕਰਨ ਲਈ ਵਿਛਾਏ ਜਾਲ ਵਿਚ ਫਸ ਗਏ। ਉਨ੍ਹਾਂ ਕਿਹਾ ਕਿ ਅਜਿਹਾ ਇਸ ਗੱਲ ਦੇ ਬਾਵਜੂਦ ਕੀਤਾ ਗਿਆ ਕਿ ਗ਼ੈਰ ਰਿਪੇਰੀਅਨ ਰਾਜ ਹੋਣ ਦੇ ਕਾਰਨ ਹਰਿਆਣਾ ਦਾ ਕੋਈ ਹੱਕ ਨਹੀਂ ਬਣਦਾ। ਪੰਜਾਬ ਸਰਕਾਰ ਨੂੰ ਤੁਰਤ ਖ਼ੁਦ ਨੂੰ ਇਸ ਸਟੈਂਡ ਤੋਂ ਵੱਖ ਕਰਨਾ ਚਾਹੀਦਾ ਹੈ ਤੇ ਪੰਜਾਬ ਵਿਰੋਧੀ ਬਿਆਨ ਦੇਣ ਲਈ ਏਜੀ ਦੀ ਨਿਖੇਧੀ ਕਰਨੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਪੰਜਾਬ ਦੇ ਪਾਣੀਆਂ ਦੇ ਮੁੱਦੇ ਉਤੇ ਸਿਆਸਤ ਛੱਡ ਕੇ ਪੰਜਾਬ ਦੇ ਹੱਕ ਵਿਚ ਖੜ੍ਹਨਾ ਚਾਹੀਦਾ ਹੈ।

error: Content is protected !!