ਸ਼੍ਰੋਮਣੀ ਅਕਾਲੀ ਨੇ ਕੀਤੀ ਮਾਨ ਸਰਕਾਰ ਦੀ ਹਮਾਇਤ, ਸੁਖਬੀਰ ਬਾਦਲ ਨੇ ਰਾਜਪਾਲ ਨੂੰ ਕਿਹਾ-ਸਾਡੇ ਕੰਮ ‘ਚ ਨਾ ਬੋਲੋ…

ਸ਼੍ਰੋਮਣੀ ਅਕਾਲੀ ਨੇ ਕੀਤੀ ਮਾਨ ਸਰਕਾਰ ਦੀ ਹਮਾਇਤ, ਸੁਖਬੀਰ ਬਾਦਲ ਨੇ ਰਾਜਪਾਲ ਨੂੰ ਕਿਹਾ-ਸਾਡੇ ਕੰਮ ‘ਚ ਨਾ ਬੋਲੋ…

ਚੰਡੀਗੜ੍ਹ (ਵੀਓਪੀ ਬਿਊਰੋ) ਪੰਜਾਬ ਐਗਰੀਕਲਚਰ ਯੂਨੀਵਰਸਿਟੀ ਵਿੱਚ ਵਾਈਸ ਚਾਂਸਲਰ ਦੀ ਨਿਯੁਕਤੀ ਨੂੰ ਲੈ ਕੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਆਹਮੋ-ਸਾਹਮਣੇ ਹਨ। ਇਸ ਦੌਰਾਨ ਜਿੱਥੇ ਇਕ ਪਾਸੇ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਇਸ ਨਿਯੁਕਤੀ ਨੂੰ ਗਲਤ ਦੱਸਿਆ ਹੈ, ਉੱਥੇ ਹੀ ਦੂਜੇ ਪਾਸੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਭੇਜਿਆ ਗਿਆ ਰਾਜਪਾਲ ਦਾ ਪੱਤਰ ਅਸਲ ਵਿੱਚ ਦਿੱਲੀ ਭਾਜਪਾ ਹੈੱਡਕੁਆਰਟਰ ਤੋਂ ਤਿਆਰ ਕੀਤਾ ਗਿਆ ਹੈ। ਪੀਏਯੂ ਹਰਿਆਣਾ ਅਤੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਐਕਟ 1970 ਅਧੀਨ ਆਉਂਦਾ ਹੈ। ਯੂਜੀਸੀ ਦਾ ਪੀਏਯੂ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਰਾਜਪਾਲ ਨੂੰ ਇਹ ਕਾਰਵਾਈ ਕਰਨ ਤੋਂ ਪਹਿਲਾਂ ਯੂਨੀਵਰਸਿਟੀ ਐਕਟ ਪੜ੍ਹ ਲੈਣਾ ਚਾਹੀਦਾ ਸੀ ਅਤੇ ਜੇਕਰ ਇਹ ਗੈਰ-ਕਾਨੂੰਨੀ ਨਿਯੁਕਤੀ ਹੈ ਤਾਂ ਉਨ੍ਹਾਂ ਨੂੰ ਸਪੱਸ਼ਟ ਕਰਨਾ ਚਾਹੀਦਾ ਸੀ ਕਿ ਯੂਨੀਵਰਸਿਟੀ ਦੇ ਵੀਸੀ ਦੀ ਅਸਾਮੀ ਇਕ ਸਾਲ ਤੋਂ ਕਿਉਂ ਖਾਲੀ ਹੈ।

ਦੂਜੇ ਪਾਸੇ ਹੁਣ ਇਸ ਮਾਮਲੇ ਸਬੰਧੀ ਸ਼੍ਰੋਮਣੀ ਅਕਾਲੀ ਦਲ ਨੇ ਵੀ ਪੀਏਯੂ ਦੇ ਵੀਸੀ ਦੀ ਨਿਯੁਕਤੀ ਦੇ ਮਾਮਲੇ ਵਿੱਚ ਆਮ ਆਦਮੀ ਪਾਰਟੀ ਨੂੰ ਹਮਾਇਤ ਦੇ ਦਿੱਤੀ ਹੈ। ਇਸ ਮਾਮਲੇ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (ਪੀਏਯੂ) ਦੇ ਵੀਸੀ ਸਤਬੀਰ ਸਿੰਘ ਗੋਸਲ ਨੂੰ ਹਟਾਉਣ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਦੇ ਹੁਕਮਾਂ ਦੀ ਨਿਖੇਧੀ ਕੀਤੀ ਹੈ। ਉਸਨੇ ਆਪਣੇ ਟਵਿੱਟਰ ਹੈਂਡਲ ‘ਤੇ ਹਰਿਆਣਾ ਅਤੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਐਕਟ, 1970 ਦੀ ਕਾਪੀ ਵੀ ਅਪਲੋਡ ਕੀਤੀ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ ਬੇਨਤੀ ਹੈ ਕਿ ਉਹ ਸਾਡੀ ਵੱਕਾਰੀ ਖੇਤੀਬਾੜੀ ਯੂਨੀਵਰਸਿਟੀ ਦੇ ਕੰਮਕਾਜ ਵਿੱਚ ਦਖਲ ਨਾ ਦੇਣ ਅਤੇ ਨਵ-ਨਿਯੁਕਤ ਵਾਈਸ ਚਾਂਸਲਰ ਡਾ: ਸਤਬੀਰ ਸਿੰਘ ਗੋਸਲ ਨੂੰ ਹਟਾਉਣ ਦੇ ਆਪਣੇ ਫੈਸਲੇ ‘ਤੇ ਮੁੜ ਵਿਚਾਰ ਕਰਨ।


ਇਸ ਦੇ ਨਾਲ ਹੀ ਉੱਧਰ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਉਕਤ ਸਾਰੇ ਮਾਮਲੇ ਉੱਪਰ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਿਆ ਹੈ। ਉਹਨਾਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜਾਣਬੁੱਝ ਕੇ ਰਾਜ ਭਵਨ ਦੀ ਮਰਿਆਦਾ ਨੂੰ ਠੇਸ ਪਹੁੰਚਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (ਪੀਏਯੂ) ਦੇ ਨਵ-ਨਿਯੁਕਤ ਵੀਸੀ ਡਾ: ਸਤਬੀਰ ਸਿੰਘ ਗੋਸਲ ਨੂੰ ਹਟਾਉਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇੱਕ ਪੰਦਰਵਾੜੇ ਵਿੱਚ ਇਹ ਦੂਜੀ ਘਟਨਾ ਹੈ ਜਿਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਨੂੰ ਛੋਟਾ ਦਿਖਾਉਣ ਲਈ ਸੰਵਿਧਾਨਕ ਪ੍ਰਣਾਲੀ ਦੀ ਉਲੰਘਣਾ ਕੀਤੀ ਹੈ।

error: Content is protected !!