ਕਰੋੜਾਂ ਦੇ ਘਪਲੇ ਦੇ ਮਾਮਲੇ ਵਿੱਚ ਵਿਜੀਲੈਂਸ ਵੱਲੋਂ ਸੰਮਨ ਭੇਜਣ ਦੇ ਬਾਵਜੂਦ ਵੀ ਪੇਸ਼ ਨਾ ਹੋਏ ਅਕਾਲੀ ਆਗੂ

ਕਰੋੜਾਂ ਦੇ ਘਪਲੇ ਦੇ ਮਾਮਲੇ ਵਿੱਚ ਵਿਜੀਲੈਂਸ ਵੱਲੋਂ ਸੰਮਨ ਭੇਜਣ ਦੇ ਬਾਵਜੂਦ ਵੀ ਪੇਸ਼ ਨਾ ਹੋਏ ਅਕਾਲੀ ਆਗੂ


ਚੰਡੀਗੜ੍ਹ (ਵੀਓਪੀ ਬਿਊਰੋ) ਬਹੁ-ਕਰੋੜੀ ਸਿੰਚਾਈ ਘਪਲੇ ਦੇ ਮਾਮਲੇ ਵਿੱਚ ਵਿਜੀਲੈਂਸ ਵੱਲੋਂ ਸੰਮਨ ਭੇਜਣ ਦੇ ਬਾਵਜੂਦ ਵੀ ਸੀਨੀਅਰ ਅਕਾਲੀ ਆਗੂ ਸ਼ਰਨਜੀਤ ਸਿੰਘ ਢਿੱਲੋਂ ਅਤੇ ਸਾਬਕਾ ਮੁੱਖ ਸਕੱਤਰ ਸਰਵੇਸ਼ ਕੌਸ਼ਲ ਅੱਜ ਅਦਾਲਤ ਵਿੱਚ ਪੇਸ਼ ਨਹੀਂ ਹੋਏ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਦੇ ਏਆਈਜੀ ਮਨਮੋਹਨ ਸ਼ਰਮਾ ਨੇ ਦੱਸਿਆ ਕਿ ਉਹਨਾਂ ਦੋਵਾਂ ਨੂੰ ਸੰਮਨ ਭੇਜਣ ਦੇ ਨਾਲ-ਨਾਲ ਉਹਨਾਂ ਦੇ ਵਟਸਐਪ ਉੱਪਰ ਮੈਸੇਜ ਵੀ ਛੱਡਿਆ ਗਿਆ ਸੀ ਪਰ ਉਹ ਅਦਾਲਤ ਵਿੱਚ ਪੇਸ਼ ਨਹੀਂ ਹੋਏ। ਉਹਨਾਂ ਅੱਗੇ ਕਿਹਾ ਕਿ ਸ਼ਰਨਜੀਤ ਸਿੰਘ ਢਿੱਲੋਂ ਵੱਲੋਂ ਜਵਾਬ ਆਇਆ ਹੈ ਕਿ ਉਹ ਕਿਸੇ ਕੰਮ ਵਿੱਚ ਰੁੱਝੇ ਹੋਏ ਹਨ, ਇਸ ਲਈ ਉਹ ਸ਼ੁੱਕਰਵਾਰ ਨੂੰ ਉਨ੍ਹਾਂ ਦੇ ਸਾਹਮਣੇ ਪੇਸ਼ ਹੋਣਗੇ ਜਦਕਿ ਸਰਵੇਸ਼ ਕੌਸ਼ਲ ਪਹਿਲਾਂ ਹੀ ਵਿਦੇਸ਼ ਵਿੱਚ ਹਨ।


ਇਸ ਤੋਂ ਪਹਿਲਾਂ ਵਿਜੀਲੈਂਸ ਇਸ ਮਾਮਲੇ ਵਿੱਚ ਸਾਬਕਾ ਆਈਏਐਸ ਅਧਿਕਾਰੀ ਕਾਹਨ ਸਿੰਘ ਪੰਨੂ ਤੋਂ ਪੁੱਛਗਿੱਛ ਕਰ ਚੁੱਕੀ ਹੈ। ਉਸ ਵੱਲੋਂ ਵਿਜੀਲੈਂਸ ਅੱਗੇ ਜਵਾਬ ਦਾਇਰ ਕੀਤਾ ਗਿਆ ਸੀ। ਇਸ ਘੁਟਾਲੇ ਦੇ ਮੁੱਖ ਮੁਲਜ਼ਮ ਠੇਕੇਦਾਰ ਗੁਰਿੰਦਰ ਸਿੰਘ, ਜਿਸ ਨੂੰ ਵਿਜੀਲੈਂਸ ਬਿਊਰੋ ਵੱਲੋਂ ਅਗਸਤ 2017 ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ, ਨੇ ਹਲਫ਼ਨਾਮਾ ਦੇ ਕੇ ਕਿਹਾ ਸੀ ਕਿ ਸਿੰਚਾਈ ਘੁਟਾਲੇ ਵਿੱਚ ਤਿੰਨ ਸਾਬਕਾ ਆਈਏਐਸ ਅਧਿਕਾਰੀ, ਦੋ ਸਾਬਕਾ ਮੰਤਰੀ ਅਤੇ ਉਨ੍ਹਾਂ ਦੇ ਨਿੱਜੀ ਸਕੱਤਰ ਸ਼ਾਮਲ ਸਨ। ਹਲਫ਼ਨਾਮੇ ਵਿੱਚ ਠੇਕੇਦਾਰ ਨੇ ਦੱਸਿਆ ਕਿ ਉਕਤ ਮੰਤਰੀਆਂ ਅਤੇ ਅਧਿਕਾਰੀਆਂ ਨੇ ਉਸ ਤੋਂ ਕੰਮ ਕਰਵਾਉਣ, ਬਿੱਲ ਪਾਸ ਕਰਵਾਉਣ ਅਤੇ ਟੈਂਡਰ ਦੀਆਂ ਸ਼ਰਤਾਂ ਅਨੁਸਾਰ ਮੋਟੀ ਰਕਮ ਵਸੂਲ ਕੀਤੀ ਸੀ। ਇਨ੍ਹਾਂ ਬਿਆਨਾਂ ਦੇ ਆਧਾਰ ‘ਤੇ ਵਿਜੀਲੈਂਸ ਨੇ ਉਕਤ ਅਧਿਕਾਰੀਆਂ ਅਤੇ ਆਗੂਆਂ ਤੋਂ ਪੁੱਛਗਿੱਛ ਕਰਨ ਲਈ ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਚਰਨਜੀਤ ਸਿੰਘ ਚੰਨੀ ਤੋਂ ਇਜਾਜ਼ਤ ਮੰਗੀ ਸੀ।

error: Content is protected !!