ਪੰਜਾਬ ਦੇ ਨੌਜਵਾਨਾਂ ਦੇ ਰੁਜ਼ਗਾਰ ਲਈ ਮੁੱਖ ਮੰਤਰੀ ਮਾਨ ਨੇ ਕਰ ਦਿੱਤਾ ਇਹ ਐਲਾਨ, ਪੜ੍ਹੋ ਕੀ ਹੈ ‘ਆਪ’ ਸਰਕਾਰ ਦੀ ਯੋਜਨਾ

ਪੰਜਾਬ ਦੇ ਨੌਜਵਾਨਾਂ ਦੇ ਰੁਜ਼ਗਾਰ ਲਈ ਮੁੱਖ ਮੰਤਰੀ ਮਾਨ ਨੇ ਕਰ ਦਿੱਤਾ ਇਹ ਐਲਾਨ, ਪੜ੍ਹੋ ਕੀ ਹੈ ‘ਆਪ’ ਸਰਕਾਰ ਦੀ ਯੋਜਨਾ


ਚੰਡੀਗੜ੍ਹ (ਵੀਓਪੀ ਬਿਊਰੋ) ਪੰਜਾਬ ਦੇ ਨੌਜਵਾਨਾਂ ਦੇ ਨਾਲ ਰੁਜ਼ਗਾਰ ਦਾ ਵਾਅਦਾ ਕਰ ਕੇ ਸੱਤਾ ਵਿਚ ਆਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਹਿਮਾਚਲ ਪ੍ਰਦੇਸ਼ ਅਤੇ ਗੁਜਰਾਤ ਦੀਆਂ ਚੋਣਾਂ ਤੋਂ ਵਹਿਲੀ ਹੋ ਕੇ ਹੁਣ ਪੰਜਾਬ ਦੇ ਨੌਜਵਾਨਾਂ ਨਾਲ ਕੀਤੇ ਰੁਜ਼ਗਾਰ ਦੇ ਵਾਅਦੇ ਨੂੰ ਪੂਰਾ ਕਰਨ ਦਾ ਐਲਾਨ ਕਰ ਰਹੀ ਹੈ। ਪੰਜਾਬ ਦੇ ਪੇਂਡੂ ਖੇਤਰਾਂ ਵਿੱਚ ਉਦਯੋਗਿਕ ਵਿਕਾਸ ਅਤੇ ਨੌਜਵਾਨਾਂ ਲਈ ਰੁਜ਼ਗਾਰ ਪੈਦਾ ਕਰਨ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਭਰ ਵਿੱਚ 20 ਸਮਰਪਿਤ ਪੇਂਡੂ ਉਦਯੋਗਿਕ ਹੱਬ ਸਥਾਪਤ ਕਰਨ ਦਾ ਐਲਾਨ ਕੀਤਾ ਹੈ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਹ ਕਦਮ ਦੋ ਉਦੇਸ਼ਾਂ ਦੀ ਪੂਰਤੀ ਕਰੇਗਾ, ਇੱਕ ਪਾਸੇ ਇਸ ਨਾਲ ਉਦਯੋਗਿਕ ਵਿਕਾਸ ਨੂੰ ਹੁਲਾਰਾ ਮਿਲੇਗਾ ਅਤੇ ਦੂਜੇ ਪਾਸੇ ਪੇਂਡੂ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਆਯਾਮ ਪੈਦਾ ਕਰਨਗੇ।


ਉਨ੍ਹਾਂ ਕਿਹਾ ਕਿ ਇਹ ਹੱਬ ਸਨਅਤਕਾਰਾਂ ਨੂੰ ਆਪਣੇ ਯੂਨਿਟ ਸਥਾਪਤ ਕਰਨ ਲਈ ਅਤਿ-ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਹੋਣਗੇ। ਭਗਵੰਤ ਮਾਨ ਨੇ ਇਨ੍ਹਾਂ ਸਨਅਤੀ ਹੱਬਾਂ ਵਿੱਚ ਯੂਨਿਟ ਸਥਾਪਤ ਕਰਨ ਦੇ ਚਾਹਵਾਨ ਸਨਅਤਕਾਰਾਂ ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਅਮਨ-ਸ਼ਾਂਤੀ ਨੂੰ ਹਰ ਕੀਮਤ ‘ਤੇ ਬਰਕਰਾਰ ਰੱਖਿਆ ਜਾਵੇਗਾ ਅਤੇ ਕਿਸੇ ਨੂੰ ਵੀ ਇਸ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਰੋਸ ਪ੍ਰਦਰਸ਼ਨ ਕਰਨ ਵਾਲੇ ਰੋਸ ਪ੍ਰਗਟਾ ਸਕਦੇ ਹਨ ਪਰ ਇਹ ਨਹੀਂ ਹੈ ਕਿ ਉਹਨਾਂ ਨੂੰ ਇਸ ਦੇ ਬਹਾਨੇ ਸੂਬੇ ਦੀ ਆਰਥਿਕ ਤਰੱਕੀ ਨੂੰ ਰੋਕਣ ਦੀ ਕਿਸੇ ਨੂੰ ਵੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਇਸ ਦੌਰਾਨ ਉਦਯੋਗਪਤੀਆਂ ਨੇ ਸੂਬਾ ਸਰਕਾਰ ਦੀਆਂ ਨਿਵੇਸ਼ ਪੱਖੀ ਨੀਤੀਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਮੁੱਖ ਮੰਤਰੀ ਨੂੰ ਭਰੋਸਾ ਦਿਵਾਇਆ ਕਿ ਉਹ ਸੂਬੇ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਸਰਗਰਮ ਭਾਗੀਦਾਰ ਹੋਣਗੇ।


ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਵੱਖ-ਵੱਖ ਜ਼ਿਲ੍ਹਿਆਂ ਦੀਆਂ ਵਿਸ਼ੇਸ਼ ਵਸਤਾਂ ਦੇ ਉਤਪਾਦਨ ਨੂੰ ਉਤਸ਼ਾਹਿਤ ਕਰਨ ਲਈ ‘ਇਕ ਜ਼ਿਲ੍ਹਾ, ਇਕ ਉਤਪਾਦ’ ਦਾ ਵਿਚਾਰ ਵੀ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਇਸ ਨਾਲ ਉਦਯੋਗਿਕ ਵਸਤਾਂ ਦਾ ਉਤਪਾਦਨ ਵਧਾਉਣ ਵਿੱਚ ਮਦਦ ਮਿਲੇਗੀ ਅਤੇ ਉੱਦਮੀਆਂ ਨੂੰ ਇੱਕ ਜ਼ਿਲ੍ਹੇ ਵਿੱਚੋਂ ਮਿਆਰੀ ਵਸਤਾਂ ਦਾ ਉਤਪਾਦਨ ਕਰਨ ਦੇ ਯੋਗ ਬਣਾਇਆ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੇ ਕਈ ਜ਼ਿਲ੍ਹਿਆਂ ਕੋਲ ਮਲਟੀਪਲ ਉਤਪਾਦਾਂ ਵਿੱਚ ਮੁਹਾਰਤ ਹੈ ਅਤੇ ‘ਇੱਕ ਜ਼ਿਲ੍ਹਾ, ਇੱਕ ਉਤਪਾਦ’ ’ਤੇ ਧਿਆਨ ਕੇਂਦਰਿਤ ਕਰਕੇ ਇਸ ਦੀ ਸਮਰੱਥਾ ਨੂੰ ਹੋਰ ਵਧਾਇਆ ਜਾ ਸਕਦਾ ਹੈ।

error: Content is protected !!