ਸਿੱਖ ਕੌਮ ਨਾਲ ਵਿਤਕਰਾ ਕਰ ਰਹੀ ਹੈ ਭਾਜਪਾ ਦੀ ਕੇਂਦਰ ਸਰਕਾਰ- ਹਰਸਿਮਰਤ ਕੌਰ ਬਾਦਲ
ਨਵੀਂ ਦਿੱਲੀ- ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਹਰਸਿਮਰਤ ਕੌਰ ਬਾਦਲ ਨੇ ਕਿਹਾ ਹੈ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਕਿਸਾਨਾਂ ਸਣੇ ਸਿੱਖ ਕੌਮ ਨਾਲ ਵਿਤਕਰਾ ਕਰ ਰਹੀ ਹੈ। ਸੰਸਦ ਵਿੱਚ ਰਾਸ਼ਟਰਪਤੀ ਦੇ ਭਾਸ਼ਨ ’ਤੇ ਬਹਿਸ ਵਿੱਚ ਹਿੱਸਾ ਲੈਂਦਿਆਂ ਹਰਸਿਮਰਤ ਬਾਦਲ ਨੇ ਕਿਹਾ ਕਿ ਸਰਕਾਰ ਆਪਣੇ ਵਾਅਦੇ ਮੁਤਾਬਕ 2022 ਤੱਕ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਵਿੱਚ ਨਾਕਾਮ ਰਹੀ ਹੈ।
ਹਰਸਿਮਰਤ ਬਾਦਲ ਨੇ ਕਿਹਾ ਕਿ ਪਿਛਲੇ 9 ਸਾਲਾਂ ਵਿੱਚ ਗਰੀਬ ਹੋਰ ਗਰੀਬ ਹੋਇਆ ਹੈ। ਜਿਨ੍ਹਾਂ ਨੂੰ ’ਅੱਛੇ ਦਿਨ’ ਦਿਖਾਉਣ ਦਾ ਵਾਅਦਾ ਕੀਤਾ ਗਿਆ ਸੀ, ਉਨ੍ਹਾਂ ਨੂੰ ਅਤਿ ਦੀ ਮਹਿੰਗਾਈ, ਕਰਜ਼ਾ ਤੇ ਭੁੱਖਮਰੀ ਨਾਲ ਦੋ ਚਾਰ ਹੋਣਾ ਪੈ ਰਿਹਾ ਹੈ। ਬੀਬੀ ਬਾਦਲ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਹੇਠਲੀ ਸਰਕਾਰ ਸਿੱਖ ਕੌਮ ਨਾਲ ਵਿਤਕਰਾ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਜਬਰ-ਜਨਾਹ ਦੇ ਦੋਸ਼ੀ ਗੁਰਮੀਤ ਰਾਮ ਰਹੀਮ ਨੂੰ ਵਾਰ ਵਾਰ ਪੈਰੋਲ ਦਿੱਤੀ ਜਾ ਰਹੀ ਹੈ। ਬਿਲਕੀਸ ਬਾਨੋ ਜਬਰ-ਜਨਾਹ ਮਾਮਲੇ ਦੇ ਦੋਸ਼ੀਆਂ ਦੀ ਸਜ਼ਾ ਮੁਆਫ ਕਰ ਦਿੱਤੀ ਗਈ ਪਰ ਬੰਦੀ ਸਿੰਘ ਜਿਨ੍ਹਾਂ ਨੇ ਪਿਛਲੇ 30 ਸਾਲਾਂ ਵਿੱਚ ਉਮਰ ਕੈਦ ਨਾਲੋਂ ਦੁੱਗਣੀ ਸਜ਼ਾ ਕੱਟ ਲਈ ਹੈ, ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਨੂੰ ਕਮਜ਼ੋਰ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ ਤੇ ਹਰਿਆਣਾ ਵਿਚਲੇ ਗੁਰਦੁਆਰਿਆਂ ਨੂੰ ਸ਼੍ਰੋਮਣੀ ਕਮੇਟੀ ਦੇ ਕੰਟਰੋਲ ਤੋਂ ਮੁਕਤ ਕਰਨ ਲਈ ਵੱਖਰੀ ਪ੍ਰਬੰਧਕ ਕਮੇਟੀ ਬਣਾਈ ਗਈ ਹੈ।