ਸ੍ਰੀ ਨਨਕਾਣਾ ਸਾਹਿਬ ਜਾਣ ਵਾਲੀ ਸਿੱਖ ਸੰਗਤ ਨੂੰ ਝਟਕਾ,ਪਾਕਿਸਤਾਨ ਨੇ ਵੀਜ਼ਾ ਦੇਣ ਤੋਂ ਕੀਤਾ ਇਨਕਾਰ
ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਵਾਪਰਿਆ ਸ਼ਹੀਦੀ ਸਾਕਾ ਮਨਾਉਣ ਲਈ ਪਾਕਿਸਤਾਨ ਜਾਣ ਵਾਲੀ ਸਿੱਖ ਸੰਗਤ ਨੂੰ ਵੀਜ਼ੇ ਨਾ ਦੇ ਕੇ ਸੰਗਤ ਦੇ ਮਨਾਂ ਨੂੰ ਭਾਰੀ ਠੇਸ ਪੁੱਜੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਦਿੱਲੀ ਸਿੱਖ ਮੈਨੇਜਮੈਂਟ ਕਮੇਟੀ ਦੇ ਸਾਬਕਾ ਪ੍ਰਧਾਨ ਤੇ ਦਿੱਲੀ ਅਕਾਲੀ ਦਲ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਕੀਤਾ।



ਉਨ੍ਹਾਂ ਕਿਹਾ ਕਿ ਨਵੀਂ ਦਿੱਲੀ ਵਿਖੇ ਸਥਿਤ ਪਾਕਿਸਤਾਨੀ ਦੂਤਾਵਾਸ ਦੇ ਸੀਨੀਅਰ ਅਧਿਕਾਰੀਆਂ ਨੂੰ ਪਾਕਿਸਤਾਨ ਹਾਈ ਕਮਿਸ਼ਨ ਵਿਖੇ ਕਈ ਦਿਨਾਂ ਤੋਂ ਪਾਸਪੋਰਟ ਜਮ੍ਹਾਂ ਕਰਵਾਉਣ ਦੇ ਬਾਵਜੂਦ 140 ਦੇ ਕਰੀਬ ਭਾਰਤੀ ਸਿੱਖ ਸ਼ਰਧਾਲੂਆਂ, ਜਿਨ੍ਹਾਂ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ, ਅਰਦਾਸੀਏ, ਪ੍ਰਚਾਰਕ ਤੇ ਗ੍ਰੰਥੀ ਸਿੰਘ ਵੀ ਸ਼ਾਮਲ ਹਨ, ਨੂੰ ਵੀਜ਼ੇ ਨਾ ਦੇ ਕੇ ਇਹ ਦੱਸ ਦਿੱਤਾ ਕਿ ਸਿੱਖਾਂ ਨੂੰ ਆਪਣੇ ਗੁਰੂ-ਘਰਾਂ ਦੇ ਦਰਸ਼ਨ ਦੀਦਾਰਿਆਂ ਕਰਨ ਤੋਂ ਰੋਕਿਆ ਜਾ ਸਕਦਾ ਹੈ।
ਸਰਨਾ ਨੇ ਕਿਹਾ ਕਿ 22 ਸਾਲਾਂ ਵਿਚ ਪਹਿਲੀ ਵਾਰ ਪਾਕਿਸਤਾਨ ਹਾਈ ਕਮਿਸ਼ਨ ਵੱਲੋਂ ਭਾਰਤੀ ਸਿੱਖ ਸ਼ਰਧਾਲੂਆਂ ਦੇ ਪਾਸਪੋਰਟ ਜਮ੍ਹਾਂ ਕਰ ਕੇ ਵਾਪਸ ਖਾਲੀ ਹੱਥ ਭੇਜ ਦਿੱਤਾ ਹੈ। ਉਨ੍ਹਾਂ ਪਾਕਿਸਤਾਨ ਸਰਕਾਰ ਤੇ ਪਾਕਿ ਔਕਾਫ ਬੋਰਡ ਜੋ ਕਿ ਉਥੋਂ ਦੇ ਗੁਰਧਾਮਾਂ ਦੀ ਸਾਂਭ-ਸੰਭਾਲ ਕਰਦੇ ਹਨ, ਨੂੰ ਅਪੀਲ ਕੀਤੀ ਕਿ ਸਿੱਖ ਸੰਗਤ ਨੂੰ ਦੱਸਿਆ ਜਾਵੇ ਕਿ ਸਾਕਾ ਨਨਕਾਣਾ ਸਾਹਿਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਵੀਜ਼ੇ ਕਿਉਂ ਨਹੀਂ ਦਿੱਤੇ ਗਏ।
ਭਾਰਤ ਤੇ ਪਾਕਿਸਤਾਨ ਹਾਈ ਕਮਿਸ਼ਨ ਤੋਂ ਜਦੋਂ ਉਨ੍ਹਾਂ ਇਸ ਸਬੰਧੀ ਪੁੱਛਿਆ ਤਾਂ ਪਾਕਿ ਹਾਈ ਕਮਿਸ਼ਨ ਦੇ ਅਧਿਕਾਰੀਆਂ ਨੇ ਕੋਈ ਠੋਸ ਜਵਾਬ ਨਾ ਦਿੱਤਾ। ਉਨ੍ਹਾਂ ਕਿਹਾ ਕਿ ਪਾਕਿਸਤਾਨ ਦੇ ਪ੍ਰੋਟੋਕੋਲ ਅਨੁਸਾਰ ਸਿਰਫ ਭਾਰਤ-ਪਾਕਿ ਸੰਦੇਸ਼ਾਂ ਦੀ ਵੰਡ ਤੋਂ ਬਾਅਦ 4 ਸਿੱਖ ਸ਼ਰਧਾਲੂਆਂ ਦੇ ਜਥਿਆਂ ਨੂੰ ਵੀ ਪਾਕਿਸਤਾਨ ਸਰਕਾਰ ਪ੍ਰਵਾਨਿਤ ਕਰਦੀ ਹੈ।
