ਦਿੱਲੀ ਪੁਲਿਸ ਦੀ ਨਜ਼ਰਾਂ ਹੁਣ ਵਿਦੇਸ਼ਾਂ ਵਿੱਚ ਪੜਦੇ ਸਿੱਖ ਬੱਚਿਆਂ ਉਪਰ, ਇੱਕਠੇ ਕੀਤੇ ਜਾ ਰਹੇ ਹਨ ਵ੍ਹਟਸਐਪ ਨੰਬਰ

ਦਿੱਲੀ ਪੁਲਿਸ ਦੀ ਨਜ਼ਰਾਂ ਹੁਣ ਵਿਦੇਸ਼ਾਂ ਵਿੱਚ ਪੜਦੇ ਸਿੱਖ ਬੱਚਿਆਂ ਉਪਰ, ਇੱਕਠੇ ਕੀਤੇ ਜਾ ਰਹੇ ਹਨ ਵ੍ਹਟਸਐਪ ਨੰਬਰ

ਜੀਕੇ ਨੇ ਮੋਦੀ ਨੂੰ ਲਿਖੀ ਚਿੱਠੀ

ਨਵੀਂ ਦਿੱਲੀ 3 ਮਾਰਚ (ਮਨਪ੍ਰੀਤ ਸਿੰਘ ਖਾਲਸਾ):- ਵਿਦੇਸ਼ਾਂ ਵਿੱਚ ਉਚੇਰੀ ਸਿੱਖਿਆ ਲਈ ਗਏ ਦਿੱਲੀ ਦੇ ਸਿੱਖ ਵਿਦਿਆਰਥੀਆਂ ਦੇ ਮਾਪਿਆਂ ਨੂੰ ਦਿੱਲੀ ਪੁਲਿਸ ਵੱਲੋਂ ਤੰਗ ਪ੍ਰੇਸ਼ਾਨ ਕਰਨ ਦੀਆਂ ਰਿਪੋਰਟਾਂ ਦਰਮਿਆਨ ਜਾਗੋ ਪਾਰਟੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਹੈ। ਜਾਗੋ ਪਾਰਟੀ ਦੇ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਦਿੱਲੀ ਦੇ ਬੱਚਿਆਂ ਨੂੰ ਸਿੱਖਿਆ ਅਤੇ ਰੁਜ਼ਗਾਰ ਪੱਖੋਂ ਖੁਸ਼ਹਾਲ ਬਣਾਉਣ ਲਈ ਭਾਰਤ ਸਰਕਾਰ ਨੂੰ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਦੀ ਸਿੱਖਿਆ ਅਤੇ ਨਿਆਂ ਪ੍ਰਣਾਲੀ ਦਾ ਅਧਿਐਨ ਕਰਨ ਅਤੇ ਉਸ ਨੂੰ ਲਾਗੂ ਕਰਨ ਦੇ ਯਤਨ ਕਰਨ ਦੀ ਅਪੀਲ ਕੀਤੀ ਹੈ। ਤਾਂ ਜੋ ਭਾਰਤੀ ਬੌਧਿਕ ਸੰਪੱਤੀ ਦੇ ਵਿਦੇਸ਼ਾਂ ਵਿਚ ਪ੍ਰਵਾਸ ਨੂੰ ਰੋਕ ਕੇ ਮੋਦੀ ਦਾ ਭਾਰਤ ਨੂੰ ਵਿਸ਼ਵ ਗੁਰੂ ਬਨਾਉਣ ਦਾ ਸੰਕਲਪ ਪੂਰਾ ਹੋ ਸਕੇ। ਜੀਕੇ ਨੇ ਮੋਦੀ ਨੂੰ ਸਿੱਖ ਬੱਚਿਆਂ ਨੂੰ ਸ਼ੱਕ ਦੀ ਨਜ਼ਰ ਨਾਲ ਦੇਖਣ ਦੇ ਸ਼ੁਰੂ ਕੀਤੇ ਗਏ ਰੁਝਾਨ ਨੂੰ ਤੁਰੰਤ ਰੋਕਣ ਲਈ ਦਿੱਲੀ ਪੁਲਿਸ ਨੂੰ ਹੁਕਮ ਜਾਰੀ ਕਰਨ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਜੀਕੇ ਨੇ ਦਿੱਲੀ ਪੁਲਿਸ ਦੇ ਪੱਛਮੀ ਜ਼ਿਲ੍ਹੇ ਦੇ ਡੀਸੀਪੀ ਘਨਸ਼ਿਆਮ ਬਾਂਸਲ ਨਾਲ ਮੁਲਾਕਾਤ ਕਰਕੇ ਮੰਗ ਪੱਤਰ ਵੀ ਸੌਂਪਿਆ ਹੈ। ਜੀਕੇ ਦੇ ਨਾਲ ਇਸ ਮੌਕੇ ਦਿੱਲੀ ਕਮੇਟੀ ਦੇ ਮੈਂਬਰ ਪਰਮਜੀਤ ਸਿੰਘ ਰਾਣਾ, ਸਤਨਾਮ ਸਿੰਘ, ਜਾਗੋ ਪਾਰਟੀ ਦੇ ਸਕੱਤਰ ਜਨਰਲ ਪਰਮਿੰਦਰ ਪਾਲ ਸਿੰਘ ਅਤੇ ਜਾਗੋ ਪਾਰਟੀ ਦੇ ਆਗੂ ਜਤਿੰਦਰ ਸਿੰਘ ਬੋਬੀ ਨੇ ਡੀਸੀਪੀ ਨੂੰ ਅਪੀਲ ਕੀਤੀ ਕਿ ਉਹ ਸਿੱਖ ਮਾਪਿਆਂ ਦੇ ਮਨਾਂ ਵਿੱਚ ਸ਼ੰਕੇ ਪੈਦਾ ਨਾ ਕਰਨ। ਡੀਸੀਪੀ ਨੇ ਦੱਸਿਆ ਕਿ “ਜੇਕਰ ਅਜਿਹੀ ਕੋਈ ਗੱਲ ਹੈ ਤਾਂ ਉਹ ਪਤਾ ਕਰਨਗੇ, ਲੇਕਿਨ ਫਿਰ ਵੀ ਤੁਹਾਨੂੰ ਕੋਈ ਸ਼ਿਕਾਇਤ ਹੈ ਤਾਂ ਤੁਸੀਂ ਏਸੀਪੀ ਤਿਲਕ ਨਗਰ ਨੂੰ ਮਿਲ ਸਕਦੇ ਹੋ, ਮੈਂ ਉਨ੍ਹਾਂ ਨੂੰ ਇਸ ਸਬੰਧੀ ਜ਼ਿੰਮੇਵਾਰੀ ਦੇ ਦਿੱਤੀ ਹੈ।”

ਆਪਣੇ ਪੱਤਰ ਵਿੱਚ ਜੀਕੇ ਨੇ ਪ੍ਰਧਾਨ ਮੰਤਰੀ ਨੂੰ ਕਿਹਾ ਹੈ ਕਿ ਜਾਗੋ ਪਾਰਟੀ ਦੀਆਂ ਸਿੱਖ ਹਿੱਤਾਂ ਲਈ ਸਰਗਰਮ ਅਤੇ ਤੱਤਪਰ ਰਹਿਣ ਦੀਆਂ ਨੀਤੀਆਂ ਕਾਰਨ ਕੁਝ ਸ਼ਿਕਾਇਤਾਂ ਸਾਡੇ ਤੱਕ ਪਹੁੰਚੀਆਂ ਹਨ। ਦਿੱਲੀ ਪੁਲੀਸ ਦੇ ਅਧਿਕਾਰੀ ਪੱਛਮੀ ਦਿੱਲੀ ਵਿੱਚ ਉਨ੍ਹਾਂ ਸਿੱਖ ਪਰਿਵਾਰਾਂ ਦੇ ਘਰ ਬੂਹੇ ਖੜਕਾ ਰਹੇ ਹਨ ਜਿਨ੍ਹਾਂ ਦੇ ਬੱਚੇ ਉੱਚ ਸਿੱਖਿਆ ਲਈ ਵਿਦੇਸ਼ ਗਏ ਹੋਏ ਹਨ। ਦਿੱਲੀ ਪੁਲਿਸ ਵੱਲੋਂ ਉਨ੍ਹਾਂ ਬੱਚਿਆਂ ਦੇ ਮਾਪਿਆਂ ਤੋਂ ਉਨ੍ਹਾਂ ਦੇ ਮੋਬਾਈਲ ਨੰਬਰ ਅਤੇ ਉਨ੍ਹਾਂ ਦੇ ਪਤੇ ਮੰਗੇ ਜਾ ਰਹੇ ਹਨ। ਜਦਕਿ ਵਿਦੇਸ਼ਾਂ ਵਿੱਚ ਪੜ੍ਹਾਈ ਲਈ ਗਏ ਬੱਚਿਆਂ ਦੀ ਸਾਰੀ ਜਾਣਕਾਰੀ ਭਾਰਤ ਸਰਕਾਰ ਕੋਲ ਇੱਕ ਕੰਪਿਊਟਰ ਕਲਿੱਕ ‘ਤੇ ਉਪਲਬਧ ਹੈ। ਦਿੱਲੀ ਪੁਲਿਸ ਵੱਲੋਂ ਕੀਤੀ ਜਾ ਰਹੀ ਇਸ ਅਨੈਤਿਕ ਅਤੇ ਬੇਲੋੜੀ ਪ੍ਰੇਸ਼ਾਨੀ ਕਾਰਨ ਮਾਪਿਆਂ ਵਿੱਚ ਆਪਣੇ ਬੱਚਿਆਂ ਦੇ ਭਵਿੱਖ ਨੂੰ ਲੈ ਕੇ ਭਾਰੀ ਚਿੰਤਾ ਅਤੇ ਡਰ ਦਾ ਮਾਹੌਲ ਪਾਇਆ ਜਾ ਰਿਹਾ ਹੈ।

ਉਨ੍ਹਾਂ ਲਿਖਿਆ ਕਿ ਮੈਂ ਤੁਹਾਨੂੰ ਦੱਸਣਾ ਚਾਹਾਂਗਾ ਕਿ ਸਰਕਾਰੀ ਨੌਕਰੀਆਂ ਵਿੱਚ ਸਿੱਖਾਂ ਦੀ ਮਾਮੂਲੀ ਗਿਣਤੀ, ਭਾਰਤ ਵਿੱਚ ਉੱਚ ਸਿੱਖਿਆ ਦੇ ਮਹਿੰਗੇ ਹੋਣ ਦੇ ਬਾਵਜੂਦ ਰੁਜ਼ਗਾਰ ਦੀ ਗਾਰੰਟੀ ਦੀ ਘਾਟ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਚਿੰਤਾ ਸਿੱਖ ਬੱਚਿਆਂ ਲਈ ਵਿਦੇਸ਼ ਵਿੱਚ ਪੜ੍ਹਾਈ ਦੇ ਮੁੱਖ ਕਾਰਨ ਹਨ। ਪਿਛਲੇ ਲਗਭਗ 2 ਦਹਾਕਿਆਂ ਤੋਂ ਦਿੱਲੀ ਦੇ ਸਿੱਖਾਂ ਨੂੰ ਨਾਮਾਤਰ ਸਰਕਾਰੀ ਨੌਕਰੀਆਂ ਮਿਲ ਰਹੀਆਂ ਹਨ। ਸਾਡੀ ਖੋਜ ਤੋਂ ਪਤਾ ਲੱਗਾ ਹੈ ਕਿ ਹਰਿਆਣਾ ਦੇ ਲੋਕ ਦਿੱਲੀ ਪੁਲਿਸ, ਦਿੱਲੀ ਫਾਇਰ ਬ੍ਰਿਗੇਡ, ਦਿੱਲੀ ਨਗਰ ਨਿਗਮ ਅਤੇ ਦਿੱਲੀ ਦੀਆਂ ਜ਼ਿਲ੍ਹਾ ਅਦਾਲਤਾਂ, ਹਾਈ ਕੋਰਟ ਤੋਂ ਲੈ ਕੇ ਸੁਪਰੀਮ ਕੋਰਟ ਸਮੇਤ ਜ਼ਿਆਦਾਤਰ ਸਰਕਾਰੀ ਦਫਤਰਾਂ ਵਿਚ ਨੌਕਰੀਆਂ ‘ਤੇ ਦਬਦਬਾ ਰੱਖਦੇ ਹਨ। ਜਦੋਂ ਕਿ ਦਿੱਲੀ ਯੂਨੀਵਰਸਿਟੀ ਅਤੇ ਹੋਰ ਸਰਕਾਰੀ ਯੂਨੀਵਰਸਿਟੀਆਂ ਦੀਆਂ ਨੌਕਰੀਆਂ ਉੱਤੇ ਉੱਤਰ ਪ੍ਰਦੇਸ਼ ਅਤੇ ਬਿਹਾਰ ਦੇ ਲੋਕਾਂ ਨੇ ਕਬਜ਼ਾ ਕੀਤਾ ਹੋਇਆ ਹੈ। ਇਸ ਦਾ ਸਭ ਤੋਂ ਵੱਡਾ ਕਾਰਨ ਇਨ੍ਹਾਂ ਰਾਜਾਂ ਦੇ ਉੱਚ ਅਧਿਕਾਰੀਆਂ ਵੱਲੋਂ ਆਪਣੇ ਰਾਜ ਦੇ ਲੋਕਾਂ ਨੂੰ ਨੌਕਰੀਆਂ ਵਿੱਚ ਗੈਰ-ਪਾਰਦਰਸ਼ੀ ਢੰਗ ਨਾਲ ਅਹਿਮੀਅਤ ਦੇਣਾ ਦੱਸਿਆ ਜਾਂਦਾ ਹੈ। ਇਹੀ ਕਾਰਨ ਹੈ ਕਿ ਦਿੱਲੀ ਦੇ ਹੋਨਹਾਰ ਸਿੱਖ ਬੱਚੇ ਬੌਧਿਕ ਤੌਰ ‘ਤੇ ਖੁਸ਼ਹਾਲ ਹੋਣ ਦੇ ਬਾਵਜੂਦ ਵਿਦੇਸ਼ਾਂ ਵਿਚ ਜਾਣ ਲਈ ਮਜਬੂਰ ਹਨ। ਜਿਸ ਕਾਰਨ ਦਿੱਲੀ ਦੇ ਮੱਧਵਰਗੀ ਸਿੱਖ ਪਰਿਵਾਰ ਆਪਣੀ ਸਾਰੀ ਉਮਰ ਦੀ ਬੱਚਤ ਖਰਚ ਕੇ ਜਾਂ ਬੈਂਕਾਂ ਤੋਂ ਕਰਜ਼ਾ ਲੈ ਕੇ ਆਪਣੇ ਜਿਗਰ ਦੇ ਟੁਕੜੇ ਵਿਦੇਸ਼ ਭੇਜਣ ਲਈ ਮਜਬੂਰ ਹੋ ਰਹੇ ਹਨ। ਇਨ੍ਹਾਂ ਮਾੜੇ ਹਾਲਾਤਾਂ ‘ਚ ਜੇਕਰ ਦਿੱਲੀ ਪੁਲਸ ਉਨ੍ਹਾਂ ਨੂੰ ਮਾਨਸਿਕ ਤਣਾਅ ਦਿੰਦੀ ਹੈ ਤਾਂ ਇਹ ਮਾਨਸਿਕ ਪ੍ਰੇਸ਼ਾਨੀ ਤੋਂ ਘੱਟ ਨਹੀਂ ਹੈ। ਜਿਹੜੇ ਬੱਚੇ ਵਿਦੇਸ਼ ਗਏ ਹਨ, ਉਨ੍ਹਾਂ ਵਿੱਚੋਂ ਬਹੁਤੇ ਆਪਣੇ ਸੁੱਖ-ਸਹੂਲਤਾਂ ਨੂੰ ਨਜ਼ਰਅੰਦਾਜ਼ ਕਰਦੇ ਹੋਏ ਆਪਣੇ ਰੋਜ਼ਾਨਾ ਦੇ ਖਰਚਿਆਂ ਲਈ ਉੱਥੇ ਛੋਟੀ ਮਿਆਦ ਦੀਆਂ ਨੌਕਰੀਆਂ ਵੀ ਕਰ ਰਹੇ ਹਨ। ਅਜਿਹੇ ‘ਚ ਉਨ੍ਹਾਂ ਦੇ ਮਾਪਿਆਂ ਨੂੰ ਉਤਸ਼ਾਹਿਤ ਕਰਨ ਦੀ ਬਜਾਏ ਉਨ੍ਹਾਂ ਨੂੰ ਪਰੇਸ਼ਾਨ ਕਰਨਾ ਠੀਕ ਨਹੀਂ ਹੈ।

error: Content is protected !!