ਮਾਨ ਸਰਕਾਰ ਨੇ ਮੀਂਹ ਕਾਰਨ ਨੁਕਸਾਨੀਆਂ ਫਸਲਾਂ ਲਈ ਮੁਆਵਜ਼ੇ ਦਾ ਕੀਤਾ ਐਲਾਨ, ਕਿਹਾ, ਕਿਸਾਨਾਂ ਨੂੰ ਦਖੀ ਨਹੀਂ ਦੇਖ ਸਕਦੇ

ਮਾਨ ਸਰਕਾਰ ਨੇ ਮੀਂਹ ਕਾਰਨ ਨੁਕਸਾਨੀਆਂ ਫਸਲਾਂ ਲਈ ਮੁਆਵਜ਼ੇ ਦਾ ਕੀਤਾ ਐਲਾਨ, ਕਿਹਾ, ਕਿਸਾਨਾਂ ਨੂੰ ਦਖੀ ਨਹੀਂ ਦੇਖ ਸਕਦੇ


ਵੀਓਪੀ ਬਿਊਰੋ, ਚੰਡੀਗੜ੍ਹ- ਬੀਤੇ ਦਿਨੀਂ ਕੁਦਰਤ ਦੀ ਮਾਰ ਹੇਠ ਆਏ ਕਿਸਾਨਾਂ ਨੂੰ ਮਾਨ ਸਰਕਾਰ ਵੱਡੀ ਰਾਹਤ ਦੇਣ ਜਾ ਰਹੀ ਹੈ। ਬਾਰਿਸ਼ ਕਾਰਨ ਖ਼ਰਾਬ ਹੋਈਆਂ ਫ਼ਸਲਾਂ ਦਾ ਖੁਦ ਮੁਆਇਨਾ ਕਰ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਕਾਰੀਆਂ ਦੀ ਮੀਟਿੰਗ ਸੱਦੀ ਤੇ ਵਿਚਾਰਾਂ ਕਰਨ ਉਪਰੰਤ ਵੱਡਾ ਫ਼ੈਸਲਾ ਲਿਆ। ਮਾਨ ਸਰਕਾਰ ਨੇ ਕਿਸਾਨਾਂ ਦੇ ਨਾਲ ਨਾਲ ਮਜ਼ਦੂਰਾਂ ਅਤੇ ਬਾਰਿਸ਼ ਕਾਰਨ ਨੁਕਸਾਨੇ ਘਰਾਂ ਦੇ ਪੀੜਤਾਂ ਨੂੰ ਵੀ ਮਾਲੀ ਰਾਹਤ ਦੇਣ ਦਾ ਫ਼ੈਸਲਾ ਕੀਤਾ ਹੈ।


ਪੰਜਾਬ ਦੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਫਸਲਾਂ ਦੇ ਖਰਾਬੇ ਦੇ ਮੁਆਵਜ਼ੇ ਵਿਚ 25 ਫੀਸਦੀ ਵਾਧੇ ਦਾ ਐਲਾਨ ਕੀਤਾ ਹੈ। ਮੋਗਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਤੇ ਪਟਿਆਲਾ ਦੇ ਪਿੰਡਾਂ ਦਾ ਤੂਫਾਨੀ ਦੌਰਾ ਕਰਨ ਵਾਲੇ ਮੁੱਖ ਮੰਤਰੀ ਨੇ ਕਿਹਾ ਕਿ ਜੇ ਫਸਲ ਦਾ ਨੁਕਸਾਨ 75 ਫੀਸਦੀ ਤੋਂ ਵੱਧ ਹੁੰਦਾ ਹੈ ਤਾਂ ਸੂਬਾ ਸਰਕਾਰ ਕਿਸਾਨਾਂ ਨੂੰ 15,000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦੇਵੇਗੀ।
ਉਨ੍ਹਾਂ ਕਿਹਾ ਕਿ ਜੇਕਰ ਨੁਕਸਾਨ 33 ਤੋਂ 75 ਫੀਸਦੀ ਤਕ ਹੁੰਦਾ ਹੈ ਤਾਂ ਕਿਸਾਨਾਂ ਨੂੰ 6750 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦਿੱਤਾ ਜਾਵੇਗਾ। ਮਾਨ ਨੇ ਕਿਹਾ ਕਿ ਮਜ਼ਦੂਰਾਂ ਨੂੰ 10 ਫੀਸਦੀ ਮੁਆਵਜ਼ਾ ਦਿੱਤਾ ਜਾਵੇਗਾ ਤਾਂ ਜੋ ਉਨ੍ਹਾਂ ਨੂੰ ਕੋਈ ਵਿੱਤੀ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਪੂਰੇ ਮਕਾਨ ਦੇ ਨੁਕਸਾਨ ਦੇ ਮੁਆਵਜ਼ੇ ਵਜੋਂ 95100 ਰੁਪਏ ਦਿੱਤੇ ਜਾਣਗੇ, ਜਦੋਂਕਿ ਘਰਾਂ ਦੇ ਮਾਮੂਲੀ ਨੁਕਸਾਨ ਲਈ 5200 ਰੁਪਏ ਦਿੱਤੇ ਜਾਣਗੇ।


ਕੁਦਰਤ ਦੀ ਮਾਰ ਤੋਂ ਕਿਸਾਨਾਂ ਨੂੰ ਬਚਾਉਣ ਦੀ ਗੱਲ ਆਖਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਫਸਲ ਬੀਮਾ ਯੋਜਨਾ ਲਿਆਏਗੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਐਲਾਨੀ ਫਸਲ ਬੀਮਾ ਯੋਜਨਾ ਸਿਰਫ ਕਾਗਜ਼ਾਂ ਤਕ ਹੀ ਸੀਮਤ ਰਹਿ ਗਈ ਸੀ ਪਰ ਸੂਬਾ ਸਰਕਾਰ ਦੀ ਸਕੀਮ ਨਾਲ ਕਿਸਾਨਾਂ ਨੂੰ ਅਸਲ ਰਾਹਤ ਮਿਲੇਗੀ। ਭਗਵੰਤ ਮਾਨ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਇਸ ਔਖੀ ਘੜੀ ਵਿਚ ਕਿਸਾਨਾਂ ਦੇ ਨਾਲ ਹੈ ਤੇ ਉਨ੍ਹਾਂ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਤੇ ਮਜ਼ਦੂਰਾਂ ਤੋਂ ਇਲਾਵਾ ਪੂਰੇ ਪੰਜਾਬ ਵਾਸੀਆਂ ਦੀ ਭਲਾਈ ਲਈ ਹਰ ਕਾਰਜ ਕਰੇਗੀ।

error: Content is protected !!