ਸਜ਼ਾ ਦੇ ਖਿਲਾਫ ਅਪੀਲ ਕਰਨ ਲਈ ਅੱਜ ਸੂਰਤ ਦੀ ਅਦਾਲਤ ‘ਚ ਜਾਣਗੇ ਰਾਹੁਲ ਗਾਂਧੀ, ਭੈਣ ਤੇ ਜੀਜਾ ਵੀ ਰਹਿਣਗੇ ਨਾਲ

ਸਜ਼ਾ ਦੇ ਖਿਲਾਫ ਅਪੀਲ ਕਰਨ ਲਈ ਅੱਜ ਸੂਰਤ ਦੀ ਅਦਾਲਤ ‘ਚ ਜਾਣਗੇ ਰਾਹੁਲ ਗਾਂਧੀ, ਭੈਣ ਤੇ ਜੀਜਾ ਵੀ ਰਹਿਣਗੇ ਨਾਲ

ਨਵੀਂ ਦਿੱਲੀ (ਵੀਓਪੀ ਬਿਊਰੋ) ਕਾਂਗਰਸ ਨੇਤਾ ਰਾਹੁਲ ਗਾਂਧੀ ਆਪਣੀ ‘ਮੋਦੀ ਸਰਨੇਮ’ ਟਿੱਪਣੀ ਨਾਲ ਜੁੜੇ ਮਾਣਹਾਨੀ ਦੇ ਮਾਮਲੇ ‘ਚ ਦੋਸ਼ੀ ਠਹਿਰਾਏ ਜਾਣ ਦੇ ਖਿਲਾਫ ਅਦਾਲਤ ‘ਚ ਅਪੀਲ ਕਰਨ ਲਈ ਅੱਜ ਸੂਰਤ ਜਾਣਗੇ। ਸੂਤਰਾਂ ਨੇ ਐਤਵਾਰ ਨੂੰ ਦੱਸਿਆ ਕਿ ਕਾਂਗਰਸ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵੀ ਭਰਾ ਰਾਹੁਲ ਦੇ ਨਾਲ ਸੂਰਤ ਆਉਣਗੇ। ਰਾਹੁਲ ਗਾਂਧੀ ਨੇ ਐਤਵਾਰ ਨੂੰ ਆਪਣੀ ਮਾਂ ਅਤੇ ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ। ਇਹ ਮੁਲਾਕਾਤ ਡੇਢ ਘੰਟੇ ਤੋਂ ਵੱਧ ਚੱਲੀ। ਇਸ ਦੌਰਾਨ ਰਾਹੁਲ ਗਾਂਧੀ ਦੇ ਜੀਜਾ ਰਾਬਰਟ ਵਾਡਰਾ ਵੀ ਮੌਜੂਦ ਸਨ।

ਪਿਛਲੇ ਮਹੀਨੇ ਸੂਰਤ ਦੀ ਸੀਜੇਐਮ ਅਦਾਲਤ ਨੇ ਮੋਦੀ ਸਰਨੇਮ ਮਾਣਹਾਨੀ ਮਾਮਲੇ ਵਿੱਚ ਰਾਹੁਲ ਨੂੰ ਦੋ ਸਾਲ ਦੀ ਸਜ਼ਾ ਸੁਣਾਈ ਸੀ। ਅਦਾਲਤ ਨੇ ਰਾਹੁਲ ਨੂੰ ਸਜ਼ਾ ਨੂੰ ਚੁਣੌਤੀ ਦੇਣ ਲਈ ਇਕ ਮਹੀਨੇ ਦਾ ਸਮਾਂ ਦਿੱਤਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਅਦਾਲਤ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਤਿਆਰ ਕਰ ਲਈ ਗਈ ਹੈ। ਰਾਹੁਲ ਗਾਂਧੀ ਅੱਜ ਸੂਰਤ ਪਹੁੰਚ ਕੇ ਅਦਾਲਤ ਵਿੱਚ ਪਟੀਸ਼ਨ ਦਾਇਰ ਕਰਨਗੇ।

ਦੱਸ ਦਈਏ ਕਿ 2019 ਦੀਆਂ ਲੋਕ ਸਭਾ ਚੋਣਾਂ ਦੌਰਾਨ ਰਾਹੁਲ ਗਾਂਧੀ ‘ਤੇ ‘ਮੋਦੀ ਸਰਨੇਮ’ ‘ਤੇ ਵਿਵਾਦਿਤ ਟਿੱਪਣੀ ਕਰਨ ਦਾ ਦੋਸ਼ ਲੱਗਾ ਸੀ। ਇਸ ਮਾਮਲੇ ‘ਚ ਗੁਜਰਾਤ ਦੇ ਬੀਜੇਪੀ ਵਿਧਾਇਕ ਅਤੇ ਸਾਬਕਾ ਮੰਤਰੀ ਪੂਰਨੇਸ਼ ਮੋਦੀ ਵੱਲੋਂ ਰਾਹੁਲ ‘ਤੇ ਮਾਣਹਾਨੀ ਦਾ ਕੇਸ ਦਾਇਰ ਕੀਤਾ ਗਿਆ ਸੀ। ਜਿਸ ‘ਤੇ ਸੁਣਵਾਈ ਕਰਦਿਆਂ ਬੀਤੇ ਦਿਨ ਸੂਰਤ ਦੀ ਇਕ ਅਦਾਲਤ ਨੇ ਆਪਣਾ ਫੈਸਲਾ ਸੁਣਾਇਆ। ਰਾਹੁਲ ਗਾਂਧੀ ਨੂੰ ਇਸ ਮਾਮਲੇ ‘ਚ ਦੋਸ਼ੀ ਕਰਾਰ ਦਿੱਤਾ ਗਿਆ ਸੀ ਅਤੇ ਦੋ ਸਾਲ ਦੀ ਸਜ਼ਾ ਸੁਣਾਈ ਗਈ ਸੀ। ਨਿਯਮ ਮੁਤਾਬਕ ਜੇਕਰ ਕਿਸੇ ਸੰਸਦ ਮੈਂਬਰ ਜਾਂ ਵਿਧਾਇਕ ਨੂੰ ਦੋ ਸਾਲ ਜਾਂ ਇਸ ਤੋਂ ਵੱਧ ਦੀ ਸਜ਼ਾ ਹੁੰਦੀ ਹੈ ਤਾਂ ਉਸ ਦੀ ਮੈਂਬਰਸ਼ਿਪ ਖਤਮ ਹੋ ਜਾਂਦੀ ਹੈ। ਰਾਹੁਲ ਨਾਲ ਵੀ ਅਜਿਹਾ ਹੀ ਹੋਇਆ। ਅਗਲੇ ਹੀ ਦਿਨ ਲੋਕ ਸਭਾ ਸਕੱਤਰੇਤ ਨੇ ਉਨ੍ਹਾਂ ਦੀ ਮੈਂਬਰਸ਼ਿਪ ਵਾਪਸ ਲੈਣ ਦਾ ਹੁਕਮ ਜਾਰੀ ਕਰ ਦਿੱਤਾ।

error: Content is protected !!