ਸੁਸ਼ੀਲ ਰਿੰਕੂ ਦਾ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣਾ ਦੱਸਦਾ ਹੈ ਕਿ ‘ਆਪ’ ਨੂੰ ਜ਼ਿਮਨੀ ਚੋਣ ਲਈ ਉਮੀਦਵਾਰ ਨਹੀਂ ਮਿਲ ਰਿਹਾ: ਕਾਂਗਰਸੀ ਆਗੂ

ਜਲੰਧਰ (ਵੀਓਪੀ ਬਿਊਰੋ) ਸਾਬਕਾ ਵਿਧਾਇਕ ਸੁਸ਼ੀਲ ਰਿੰਕੂ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਜਲੰਧਰ ਦੇ ਸਾਬਕਾ ਨਗਰ ਕੌਂਸਲਰਾਂ ਸਮੇਤ ਕਾਂਗਰਸੀ ਆਗੂਆਂ ਨੇ ਬੁੱਧਵਾਰ ਨੂੰ ਕਿਹਾ ਕਿ ਪਾਰਟੀ ਕਰਮਜੀਤ ਕੌਰ ਚੌਧਰੀ ਦੀ ਜਿੱਤ ਯਕੀਨੀ ਬਣਾਉਣ ਲਈ ਇਕਜੁੱਟ ਤੇ ਤਿਆਰ ਹੈ |ਸੁਸ਼ੀਲ ਰਿੰਕੂ ਦੇ ਵਿਧਾਨ ਸਭਾ ਹਲਕੇ ਜਲੰਧਰ ਪੱਛਮੀ ਦੇ ਕਰੀਬ ਇੱਕ ਦਰਜਨ ਨਗਰ ਕੌਂਸਲਰਾਂ ਨੇ ਕਾਂਗਰਸ ਭਵਨ ਵਿਖੇ ਮੀਟਿੰਗ ਕਰਕੇ ਕਾਂਗਰਸੀ ਉਮੀਦਵਾਰ ਨੂੰ ਆਪਣਾ ਸਮਰਥਨ ਜਾਰੀ ਰੱਖਣ ਦਾ ਐਲਾਨ ਕੀਤਾ।
ਇਸ ਮੌਕੇ ਬੋਲਦਿਆਂ ਇੱਕ ਕੌਂਸਲਰ ਨੇ ਕਿਹਾ ਕਿ ਅਸੀਂ ਕਾਂਗਰਸ ਉਮੀਦਵਾਰ ਕਰਮਜੀਤ ਕੌਰ ਚੌਧਰੀ ਦੀ ਜਲੰਧਰ ਦੇ ਲੋਕਾਂ ਦੀ ਨੁਮਾਇੰਦਗੀ ਕਰਨ ਦੀ ਮੁਹਿੰਮ ਦੇ ਨਾਲ ਮਜ਼ਬੂਤੀ ਨਾਲ ਖੜੇ ਹਾਂ। ਅਸੀਂ ਉਹਨਾਂ ਦਾ ਸਮਰਥਨ ਕਰਨ ਅਤੇ ਆਉਣ ਵਾਲੀ ਜ਼ਿਮਨੀ ਚੋਣ ਵਿੱਚ ਜਿੱਤ ਯਕੀਨੀ ਬਣਾਉਣ ਲਈ ਵਚਨਬੱਧ ਹਾਂ।ਕਾਂਗਰਸੀ ਆਗੂਆਂ ਨੇ ਕਿਹਾ ਕਿ ਸੁਸ਼ੀਲ ਰਿੰਕੂ ਦਾ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦੱਸਦਾ ਹੈ ਕਿ ‘ਆਪ’ ਨੂੰ ਜ਼ਿਮਨੀ ਚੋਣ ਲਈ ਉਮੀਦਵਾਰ ਨਹੀਂ ਮਿਲ ਰਿਹਾ। ਉਹਨਾਂ ਆਖਿਆ, “ਸੁਸ਼ੀਲ ਰਿੰਕੂ ਦਾ ‘ਆਪ’ ‘ਚ ਸ਼ਾਮਲ ਹੋਣਾ ਕਾਂਗਰਸ ਪਾਰਟੀ ਲਈ ਨਹੀਂ, ਸਗੋਂ ‘ਆਪ’ ਲਈ ਇੱਕ ਝਟਕਾ ਹੈ। ਇਸ ਤੋਂ ਪਤਾ ਲਗਦਾ ਹੈ ਕਿ ਅਖੌਤੀ ‘ਬਦਲਾਅ ਪਾਰਟੀ’ ਨੂੰ ਜਲੰਧਰ ਤੋਂ ਚੋਣ ਲੜਨ ਲਈ ਆਪਣੀ ਪਾਰਟੀ ਦੇ ਮੈਂਬਰਾਂ ਵਿੱਚੋਂ ਕੋਈ ਯੋਗ ਉਮੀਦਵਾਰ ਨਹੀਂ ਲੱਭ ਰਿਹਾ ਅਤੇ ਉਹ ਦੂਜੀਆਂ ਪਾਰਟੀਆਂ ਦੇ ਨੇਤਾਵਾਂ ਨੂੰ ਭਰਤੀ ਕਰਨ ਲਈ ਮਜ਼ਬੂਰ ਹਨ। ਇਹ ਲੱਗਦਾ ਹੈ ਕਿ ਉਹਨਾਂ ਨੂੰ ਆਪਣੇ ਨੇਤਾਵਾਂ ‘ਤੇ ਬਿਲਕੁਲ ਭਰੋਸਾ ਨਹੀਂ ਹੈ।”


