ਏਐਸਆਈ ਰਿਸ਼ਵਤ ਲੈਂਦਾ ਰੰਗੇ ਹੱਥੀਂ ਗ੍ਰਿਫ਼ਤਾਰ, ਦਰਜ ਕੇਸ ਦਾ ਚਲਾਨ ਅਦਾਲਤ ਵਿਚ ਪੇਸ਼ ਕਰਨ ਬਦਲੇ ਮੰਗੇ ਹਜ਼ਾਰਾਂ ਰੁਪਏ

ਏਐਸਆਈ ਰਿਸ਼ਵਤ ਲੈਂਦਾ ਰੰਗੇ ਹੱਥੀਂ ਗ੍ਰਿਫ਼ਤਾਰ, ਦਰਜ ਕੇਸ ਦਾ ਚਲਾਨ ਅਦਾਲਤ ਵਿਚ ਪੇਸ਼ ਕਰਨ ਬਦਲੇ ਮੰਗੇ ਹਜ਼ਾਰਾਂ ਰੁਪਏ


ਵੀਓਪੀ ਬਿਊਰੋ, ਹੁਸ਼ਿਆਰਪੁਰ : ਪੰਜਾਬ ਵਿਜੀਲੈਂਸ ਬਿਊਰੋ ਨੇ ਇਕ ਹੋਰ ਸਰਕਾਰੀ ਬਾਬੂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਹੁਸ਼ਿਆਰਪੁਰ ਜ਼ਿਲ੍ਹੇ ਦੇ ਥਾਣਾ ਹਰਿਆਣਾ ਵਿਖੇ ਤਾਇਨਾਤ ਏਐੱਸਆਈ ਰਾਜਿੰਦਰ ਕੁਮਾਰ ਨੂੰ 5000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਗਿਆ। ਅੱਜ ਇੱਥੇ ਇਹ ਖੁਲਾਸਾ ਕਰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਨੂੰ ਹਰਿਆਣਾ ਦੇ ਰਹਿਣ ਵਾਲੇ ਸੰਜੇ ਉਰਫ ਆਸ਼ੂ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।


ਏ.ਐੱਸ.ਆਈ ਰਾਜਿੰਦਰ 15-20 ਦਿਨ ਪਹਿਲਾ ਹੀ ਦਸੂਹਾ ਥਾਣੇ ਤੋਂ ਬਦਲ ਕੇ ਆਇਆ ਸੀ। ਵਿਜੀਲੈਂਸ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਪਰੋਕਤ ਪੁਲਿਸ ਕਰਮਚਾਰੀ ਨੇ ਸ਼ਿਕਾਇਤਕਰਤਾ ਖਿਲਾਫ ਹਰਿਆਣਾ ਥਾਣੇ ਵਿੱਚ ਦਰਜ ਇੱਕ ਕੇਸ ਦਾ ਅਦਾਲਤ ਵਿੱਚ ਚਲਾਨ ਪੇਸ਼ ਬਦਲੇ 5,000 ਰੁਪਏ ਰਿਸ਼ਵਤ ਵਜੋਂ ਦੇਣ ਦੀ ਮੰਗ ਕੀਤੀ ਹੈ।


ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਪਿੱਛੋਂ ਵਿਜੀਲੈਂਸ ਬਿਊਰੋ ਦੀ ਜਲੰਧਰ ਰੇਂਜ ਦੀ ਇੱਕ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਗ੍ਰਿਫਤਾਰ ਕਰ ਲਿਆ। ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਪੁਲਿਸ ਥਾਣਾ, ਜਲੰਧਰ ਰੇਂਜ ਵਿੱਚ ਮੁਲਜ਼ਮ ਏ.ਐਸ.ਆਈ. ਦੇ ਖਿਲਾਫ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ।

error: Content is protected !!