ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਤੋਂ ਬਾਅਦ ਸੁਪਰੀਮ ਕੋਰਟ ਨੇ ਦਿੱਤੀ ਰਾਹਤ, ਧੋਖਾਧੜੀ ਮਾਮਲੇ ਵਿਚ ਜਾਰੀ ਸੰਮਨ ਕੀਤੇ ਰੱਦ

ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਤੋਂ ਬਾਅਦ ਸੁਪਰੀਮ ਕੋਰਟ ਨੇ ਦਿੱਤੀ ਰਾਹਤ, ਧੋਖਾਧੜੀ ਮਾਮਲੇ ਵਿਚ ਜਾਰੀ ਸੰਮਨ ਕੀਤੇ ਰੱਦ


ਵੀਓਪੀ ਬਿਊਰੋ, ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਉਨ੍ਹਾਂ ਦੇ ਸਵ. ਪਿਤਾ ਪ੍ਰਕਾਸ਼ ਸਿੰਘ ਬਾਦਲ ਵਿਰੁੱਧ ਧੋਖਾਧੜੀ ਕੇਸ ਵਿੱਚ ਚੱਲ ਰਹੀ ਅਪਰਾਧਿਕ ਕਾਰਵਾਈ ਨੂੰ ਸੁਪਰੀਮ ਕੋਰਟ ਨੇ ਰੱਦ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਹੇਠਲੀ ਅਦਾਲਤ ਵੱਲੋਂ ਜਾਰੀ ਸੰਮਨ ਕਾਨੂੰਨ ਦੀ ਪ੍ਰਕਿਰਿਆ ਦੀ ਦੁਰਵਰਤੋਂ ਤੋਂ ਇਲਾਵਾ ਕੁਝ ਨਹੀਂ ਸੀ। ਦੱਸ ਦਈਏ ਕਿ ਪ੍ਰਕਾਸ਼ ਸਿੰਘ ਬਾਦਲ ਦੀ ਦੋ ਦਿਨ ਪਹਿਲਾਂ ਬੁੱਧਵਾਰ ਨੂੰ ਮੁਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਮੌਤ ਹੋ ਗਈ ਸੀ। ਉਹ 95 ਸਾਲ ਦੇ ਸਨ। ਜਸਟਿਸ ਐਮਆਰ ਸ਼ਾਹ ਤੇ ਜਸਟਿਸ ਸੀਟੀ ਰਵੀਕੁਮਾਰ ਦੇ ਬੈਂਚ ਨੇ ਪੰਜਾਬ ਦੇ ਹੁਸ਼ਿਆਰਪੁਰ ਵਿਖੇ ਹੇਠਲੀ ਅਦਾਲਤ ਵੱਲੋਂ ਜਾਰੀ ਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਬਰਕਰਾਰ ਰੱਖੇ ਸੰਮਨ ਨੂੰ ਰੱਦ ਕਰ ਦਿੱਤਾ।


ਜ਼ਿਕਰਯੋਗ ਹੈ ਕਿ ਸਮਾਜਿਕ ਕਾਰਕੁਨ ਬਲਵੰਤ ਸਿੰਘ ਖੇੜਾ ਨੇ 2009 ਵਿੱਚ ਦਿੱਤੀ ਸ਼ਿਕਾਇਤ ਵਿੱਚ ਕਿਹਾ ਸੀ ਕਿ ਸ਼੍ਰੋਮਣੀ ਅਕਾਲੀ ਦਲ ਨੇ ਦੋ ਸੰਵਿਧਾਨ ਰੱਖੇ ਹੋਏ ਹਨ- ਇੱਕ ਗੁਰਦੁਆਰਾ ਚੋਣ ਕਮਿਸ਼ਨ ਕੋਲ ਜਮ੍ਹਾਂ ਹੈ, ਜਿਸ ਤਹਿਤ ਪਾਰਟੀ ਗੁਰਦੁਆਰਿਆਂ ਦਾ ਪ੍ਰਬੰਧ ਦੇਖਣ ਲਈ ਰਜਿਸਟਰ ਹੈ, ਤੇ ਦੂਜਾ ਭਾਰਤ ਦੇ ਚੋਣ ਕਮਿਸ਼ਨ ਕੋਲ ਪਿਆ ਹੈ ਜਿਸ ਤਹਿਤ ਇਸ ਨੇ ਸਿਆਸੀ ਪਾਰਟੀ ਵਜੋਂ ਮਾਨਤਾ ਲਈ ਹੋਈ ਹੈ। ਖੇੜਾ ਨੇ ਆਪਣੀ ਸ਼ਿਕਾਇਤ ਵਿਚ ਇਸ ਨੂੰ ਧੋਖਾਧੜੀ ਦੱਸਿਆ ਸੀ।
ਸੁਪਰੀਮ ਕੋਰਟ ਨੇ 11 ਅਪਰੈਲ ਨੂੰ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਬਾਦਲ ਤੇ ਸੀਨੀਅਰ ਅਕਾਲੀ ਆਗੂ ਦਲਜੀਤ ਸਿੰਘ ਚੀਮਾ ਦੀਆਂ ਪਟੀਸ਼ਨਾਂ ’ਤੇ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ। ਸੁਪਰੀਮ ਕੋਰਟ ਦੇ ਬੈਂਚ ਨੇ ਸ਼ਿਕਾਇਤਕਰਤਾ ਸਮਾਜਿਕ ਕਾਰਕੁਨ ਬਲਵੰਤ ਸਿੰਘ ਖੇੜਾ ਵੱਲੋਂ ਪੇਸ਼ ਹੋਏ ਵਕੀਲ, ਬਾਦਲਾਂ ਤੇ ਅਕਾਲੀ ਲੀਡਰ ਦਲਜੀਤ ਸਿੰਘ ਚੀਮਾ ਤੋਂ ਲਿਖਤੀ ਜਵਾਬ ਮੰਗਿਆ ਸੀ।

error: Content is protected !!