ਹੋਣਗੀਆਂ ਐਸਜੀਪੀਸੀ ਚੋਣਾਂ , ਵੋਟਰ ਸੂਚੀਆਂ ਤਿਆਰ ਕਰਨ ਦੇ ਹੁਕਮ, ਮੁੱਖ ਗੁਰਦੁਆਰਾ ਚੋਣ ਕਮਿਸ਼ਨਰ ਨੇ ਪੰਜਾਬ ਸਰਕਾਰ ਨੂੰ ਲਿਖਿਆ ਪੱਤਰ

ਹੋਣਗੀਆਂ ਐਸਜੀਪੀਸੀ ਚੋਣਾਂ , ਵੋਟਰ ਸੂਚੀਆਂ ਤਿਆਰ ਕਰਨ ਦੇ ਹੁਕਮ, ਮੁੱਖ ਗੁਰਦੁਆਰਾ ਚੋਣ ਕਮਿਸ਼ਨਰ ਨੇ ਪੰਜਾਬ ਸਰਕਾਰ ਨੂੰ ਲਿਖਿਆ ਪੱਤਰ


ਵੀਓਪੀ ਬਿਊਰੋ, ਅੰਮ੍ਰਿਤਸਰ-12 ਸਾਲਾਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੀਆਂ ਚੋਣਾਂ ਕਰਾਉਣ ਦੀਆਂ ਤਿਆਰੀਆਂ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਵਿੱਢ ਦਿੱਤੀਆਂ ਗਈਆਂ ਹਨ। ਇਸ ਸਬੰਧੀ ਮੁੱਖ ਗੁਰਦੁਆਰਾ ਚੋਣ ਕਮਿਸ਼ਨਰ ਨੇ ਪੰਜਾਬ ਸਰਕਾਰ ਨੂੰ ਚਾਰ ਸਫਿਆਂ ਦਾ ਪੱਤਰ ਭੇਜਿਆ ਹੈ। ਇਸ ਪੱਤਰ ਵਿਚ ਸ਼੍ਰੋਮਣੀ ਗੁਰਦੁਆਰਾ ਕਮੇਟੀ ਦੀਆਂ ਚੋਣਾਂ ਲਈ ਵੋਟਰ ਸੂਚੀਆਂ ਬਣਾਉਣ ਦਾ ਅਮਲ ਸ਼ੁਰੂ ਕਰਨ ਲਈ ਆਖਿਆ ਗਿਆ ਹੈ।
ਜਾਣਕਾਰੀ ਮੁਤਾਬਕ ਮੁੱਖ ਗੁਰਦੁਆਰਾ ਚੋਣ ਕਮਿਸ਼ਨਰ ਐਸਐਸ ਸਾਰੋਂ ਨੇ ਪੰਜਾਬ ਸਰਕਾਰ ਦੇ ਮੁੱਖ ਸਕੱਤਰ, ਵਧੀਕ ਮੁੱਖ ਸਕੱਤਰ ਤੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਭੇਜ ਕੇ ਆਖਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਨਵਾਂ ਬੋਰਡ ਗਠਨ ਕਰਨ ਵਾਸਤੇ ਵੋਟਰ ਸੂਚੀਆਂ ਬਣਾਉਣ ਦਾ ਅਮਲ ਸ਼ੁਰੂ ਕੀਤਾ ਜਾਵੇ।
ਦਰਅਸਲ ਨਿਯਮਾਂ ਮੁਤਾਬਕ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਹਰ 5 ਸਾਲ ਬਾਅਦ ਕਰਵਾਈਆਂ ਜਾਣੀਆਂ ਚਾਹੀਦੀਆਂ ਹਨ ਪਰ ਪਿਛਲੇ 7 ਸਾਲਾਂ ਤੋਂ ਇਹ ਚੋਣਾਂ ਨਹੀਂ ਕਰਵਾਈਆਂ ਗਈਆਂ। ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਮਗਰੋਂ ਕੇਂਦਰ ਸਰਕਾਰ ਨੂੰ ਸ਼੍ਰੋਮਣੀ ਕਮੇਟੀ ਚੋਣਾਂ ਨਵੰਬਰ ਮਹੀਨੇ ਵਿੱਚ ਕਰਵਾਉਣ ਦੀ ਸਿਫ਼ਾਰਸ਼ ਕੀਤੀ ਗਈ ਸੀ। ਇਸ ਦੇ ਨਾਲ ਹੀ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਵੀ ਇਹ ਮੰਗ ਉਠਾਉਂਦੇ ਰਹੇ ਹਨ। ਇਹ ਫੈਸਲਾ ਅਜਿਹੇ ਸਮੇਂ ਆਇਆ ਹੈ ਜਦੋਂ ਆਉਣ ਵਾਲੇ ਕੁਝ ਦਿਨਾਂ ‘ਚ ਸਾਕਾ ਨੀਲਾ ਤਾਰਾ ਦੀ ਬਰਸੀ ਵੀ ਹੋਣ ਵਾਲੀ ਹੈ।

ਵੋਟਰਾਂ ਲਈ ਕੁਝ ਸ਼ਰਤਾਂ

ਇਸ ਚਾਰ ਸਫ਼ਿਆਂ ਦੇ ਇਸ ਪੱਤਰ ਵਿੱਚ ਵੋਟਰ ਦੀ ਯੋਗਤਾ ਬਾਰੇ ਵੀ ਜਾਣਕਾਰੀ ਦਿੱਤੀ ਗਈ ਹੈ। ਚੋਣਾਂ ਵਿਚ ਹਿੱਸਾ ਲੈਣ ਵਾਲੇ ਵੋਟਰ ਦੀ ਉਮਰ ਘੱਟੋ-ਘੱਟ 21 ਵਰ੍ਹੇ ਹੋਣੀ ਚਾਹੀਦੀ ਹੈ ਤੇ ਉਹ ਸਿਰ ਜਾਂ ਦਾੜ੍ਹੀ ਦੇ ਕੇਸ ਨਾ ਕਟਵਾਉਂਦਾ ਹੋਵੇ। ਪੱਤਰ ਵਿਚ ਪੰਜਾਬ ਸਰਕਾਰ ਦੇ ਅਧਿਕਾਰੀਆਂ ਨੂੰ ਆਖਿਆ ਗਿਆ ਕਿ ਇਹ ਜਲਦੀ ਸ਼ੁਰੂ ਕੀਤਾ ਜਾਵੇ।


ਗੁਰਦੁਆਰਾ ਕਮਿਸ਼ਨ ਵੱਲੋਂ ਭੇਜੇ ਤਾਜ਼ਾ ਪੱਤਰ ਵਿੱਚ ਨਵੇਂ ਵੋਟਰਾਂ ਦੇ ਨਾਂ ਦਰਜ ਕਰਨ ਦੇ ਹੁਕਮ ਦਿੱਤੇ ਗਏ ਹਨ ਪਰ ਨਵੇਂ ਨਾਂ ਦਰਜ ਕਰਵਾਉਣ ਲਈ ਇਸ ਵਿੱਚ ਸ਼ਰਤਾਂ ਰੱਖੀਆਂ ਗਈਆਂ ਹਨ। 21 ਸਾਲ ਤੋਂ ਵੱਧ ਉਮਰ ਦਾ ਕੋਈ ਵੀ ਸਿੱਖ ਆਪਣਾ ਨਾਂ ਦਰਜ ਕਰਵਾ ਸਕਦਾ ਹੈ, ਬਸ਼ਰਤੇ ਉਹ ਕੇਸ ਤੇ ਦਾੜ੍ਹੀ ਨਾ ਕੱਟਦਾ ਹੋਏ। ਸ਼ਰਾਬ ਦਾ ਸੇਵਨ ਨਾ ਕਰਦਾ ਹੋਏ ਤੇ ਸਿਗਰਟ-ਤੰਬਾਕੂ ਆਦਿ ਦਾ ਸੇਵਨ ਵੀ ਨਾ ਕਰਜਾ ਹੋਏ। ਇਨ੍ਹਾਂ ਸ਼ਰਤਾਂ ਨੂੰ ਪੂਰਾ ਕਰਨ ਵਾਲਾ ਕੋਈ ਵੀ ਸਿੱਖ ਸਬੰਧਤ ਪਟਵਾਰੀ ਕੋਲ ਜਾ ਕੇ ਆਪਣਾ ਨਾਂ ਦਰਜ ਕਰਵਾ ਸਕਦਾ ਹੈ।

error: Content is protected !!