ਭ੍ਰਿਸ਼ਟਾਚਾਰ ਦਾ ਬੋਲਬਾਲਾ, ਏਐਸਆਈ ਨੇ ਝਗੜੇ ਦਾ ਕੇਸ ਰੱਦ ਕਰਵਾਉਣ ਬਦਲੇ ਮੰਗੇ 45000 ਰੁਪਏ, ਵਿਜੀਲੈਂਸ ਹੱਥੇ ਚੜਿਆ

ਭ੍ਰਿਸ਼ਟਾਚਾਰ ਦਾ ਬੋਲਬਾਲਾ, ਏਐਸਆਈ ਨੇ ਝਗੜੇ ਦਾ ਕੇਸ ਰੱਦ ਕਰਵਾਉਣ ਬਦਲੇ ਮੰਗੇ 45000 ਰੁਪਏ, ਵਿਜੀਲੈਂਸ ਹੱਥੇ ਚੜਿਆ


ਵੀਓਪੀ ਬਿਊਰੋ, ਚੰਡੀਗੜ੍ਹ : ਸੂਬੇ ਵਿਚ ਭ੍ਰਿਸ਼ਟਾਚਾਰ ਦਾ ਬੋਲਬਾਲਾ ਹੈ। ਹਾਲਾਂਕਿ ਇਸ ਵਿਰੁੱਧ ਸਰਕਾਰ ਨੇ ਮੁਹਿੰਮ ਵਿਢੀ ਹੋਈ ਹੈ। ਇਸੇ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਥਾਣਾ ਸਿਟੀ-2, ਮਾਲੇਰਕੋਟਲਾ ਵਿੱਚ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਦਿਲਬਰ ਖਾਂ (ਨੰਬਰ 1479/ਸੰਗਰੂਰ) ਨੂੰ 35,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਗਿਆ ਹੈ।
ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਮੁਹੰਮਦ ਯਾਮੀਨ ਵਾਸੀ ਮੁਹੱਲਾ ਮਿਲਖ, ਮਾਲੇਰਕੋਟਲਾ ਦੀ ਸ਼ਿਕਾਇਤ ’ਤੇ ਕਾਬੂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਲੁਧਿਆਣਾ ਰੇਂਜ ਦੇ ਆਰਥਿਕ ਅਪਰਾਧ ਵਿੰਗ ਕੋਲ ਪਹੁੰਚ ਕਰ ਕੇ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜ਼ਮ ਨੇ ਉਸ ਕੋਲੋਂ ਰਿਸ਼ਤੇਦਾਰਾਂ ਦੇ ਝਗੜੇ ਸਬੰਧੀ ਦਰਜ ਕੇਸ ਵਿੱਚ ਸਮਝੌਤਾ ਕਰਵਾਉਣ ਅਤੇ ਹਾਈ ਕੋਰਟ ਵਿੱਚ ਕੇਸ ਰੱਦ ਕਰਵਾਉਣ ਲਈ ਬਿਆਨ ਦੇਣ ਬਦਲੇ 45,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ।


ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਏ.ਐਸ.ਆਈ. ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 10,000 ਰੁਪਏ ਪਹਿਲਾਂ ਹੀ ਲੈ ਗਿਆ ਸੀ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਰੇਂਜ ਲੁਧਿਆਣਾ ਦੇ ਆਰਥਿਕ ਅਪਰਾਧ ਵਿੰਗ ਦੀ ਟੀਮ ਨੇ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 35,000 ਰੁਪਏ ਰਿਸ਼ਵਤ ਲੈਂਦਿਆਂ ਮੌਕੇ ’ਤੇ ਕਾਬੂ ਕਰ ਲਿਆ। ਇਸ ਏ.ਐਸ.ਆਈ. ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ ਆਰਥਿਕ ਅਪਰਾਧ ਸ਼ਾਖਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

error: Content is protected !!