ਬਟਾਲਾ ਵਿਚ ਵੱਡੀ ਵਾਰਦਾਤ, ਕਾਂਗਰਸੀ ਸਰਪੰਚ ਦੇ ਮੂੰਹ ਸਿਰ ਉਤੇ ਤੇਜ਼ਧਾਰ ਹਥਿਆਰਾਂ ਨਾਲ ਵਾਰ ਕਰ ਕੇ ਕੀਤੀ ਹੱਤਿਆ

ਬਟਾਲਾ ਵਿਚ ਵੱਡੀ ਵਾਰਦਾਤ, ਕਾਂਗਰਸੀ ਸਰਪੰਚ ਦੇ ਮੂੰਹ ਸਿਰ ਉਤੇ ਤੇਜ਼ਧਾਰ ਹਥਿਆਰਾਂ ਨਾਲ ਵਾਰ ਕਰ ਕੇ ਕੀਤੀ ਹੱਤਿਆ


ਵੀਓਪੀ ਬਿਊਰੋ, ਬਟਾਲਾ : ਬਟਾਲਾ ਦੇ ਨੇੜਲੇ ਪਿੰਡ ਸਦਾਰੰਗ ਦੇ ਮੌਜੂਦਾ ਕਾਂਗਰਸੀ ਸਰਪੰਚ ‘ਤੇ ਬੀਤੀ ਦੇਰ ਸ਼ਾਮ ਕਰੀਬ ਸਾਢੇ ਅੱਠ ਵਜੇ ਤੇਜ਼ਧਾਰ ਹਥਿਆਰਾਂ ਨਾਲ ਅਣਪਛਾਤਿਆਂ ਨੇ ਹਮਲਾ ਕਰ ਦਿੱਤਾ। ਉਸ ਨੂੰ ਗੰਭੀਰ ਜ਼ਖਮੀ ਕਰ ਕੇ ਫਰਾਰ ਹੋ ਗਏ। ਪਰਿਵਾਰਕ ਮੈਂਬਰਾਂ ਨੇ ਉਸ ਨੂੰ ਇਲਾਜ ਲਈ ਬਟਾਲਾ ਦੇ ਸਿਵਲ ਹਸਪਤਾਲ ਦਾਖ਼ਲ ਕਰਾਇਆ, ਜਿੱਥੇ ਉਸ ਦੀ ਹਾਲਤ ਦੇਖਦਿਆਂ ਡਾਕਟਰਾਂ ਨੇ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ।

ਅੰਮ੍ਰਿਤਸਰ ਵਿਖੇ ਕਾਂਗਰਸੀ ਸਰਪੰਚ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਬਲਜੀਤ ਸਿੰਘ (47) ਪੁੱਤਰ ਨਿਰਮਲ ਸਿੰਘ ਵਾਸੀ ਪਿੰਡ ਸਦਾਰੰਗ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਰੰਗੜ ਨੰਗਲ ਦੀ ਪੁਲਿਸ ਮੌਕੇ ਉਤੇ ਪਹੁੰਚੀ ਤੇ ਜਾਂਚ ਸ਼ੁਰੂ ਕੀਤੀ।
ਪ੍ਰਾਪਤ ਵੇਰਵਿਆਂ ਅਨੁਸਾਰ ਸਰਪੰਚ ਬਲਜੀਤ ਸਿੰਘ ਦੇਰ ਸ਼ਾਮ ਆਪਣੇ 8 ਸਾਲਾ ਲੜਕੇ ਨਾਲ ਪਿੰਡ ਵਿੱਚ ਹੀ ਕਿਸੇ ਦੇ ਘਰ ਗਿਆ ਸੀ ਅਤੇ ਦੇਰ ਰਾਤ ਕਰੀਬ ਸਾਢੇ ਅੱਠ ਵਜੇ ਆਪਣੇ ਘਰ ਵਾਪਸ ਆ ਰਿਹਾ ਸੀ ਅਤੇ ਉਸ ਦੇ ਘਰ ਪਹੁੰਚਣ ਤੋਂ ਪਹਿਲਾਂ ਹੀ ਗਲੀ ਵਿੱਚ ਅਣਪਛਾਤੇ ਹਮਲਾਵਰਾਂ ਨੇ ਉਸ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਨੂੰ ਗੰਭੀਰ ਰੂਪ ਵਿੱਚ ਜ਼ਖਮੀ ਕਰ ਦਿੱਤਾ।

ਹਮਲਾਵਰਾਂ ਨੇ ਉਸ ਨੂੰ ਬਹੁਤ ਬੁਰੀ ਤਰ੍ਹਾਂ ਵੱਢਿਆ ਅਤੇ ਉਸ ਦੇ ਮੂੰਹ-ਸਿਰ ਸਣੇ ਸਰੀਰ ਦੇ ਸਾਰੇ ਅੰਗਾਂ ‘ਤੇ ਹੀ ਵਾਰ ਕੀਤੇ। ਮ੍ਰਿਤਕ ਸਰਪੰਚ ਦੇ ਭਰਾ ਗੁਰਮੀਤ ਸਿੰਘ ਲੱਕੀ ਨੇ ਦੱਸਿਆ ਕਿ ਉਸਦਾ ਭਰਾ ਪਿੰਡ ਦਾ ਮੌਜੂਦਾ ਸਰਪੰਚ ਹੈ। ਉਨ੍ਹਾਂ ਨੇ ਆਪਣੇ ਭਰਾ ਬਲਜੀਤ ਸਿੰਘ ਨੂੰ ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿੱਚ ਦਾਖਲ ਕਰਵਾਇਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ ਹੈ। ਥਾਣਾ ਰੰਗੜ ਨੰਗਲ ਦੇ ਪੁਲਿਸ ਅਧਿਕਾਰੀਆਂ ਅਨੁਸਾਰ ਪੀੜਤ ਪਰਿਵਾਰ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

error: Content is protected !!