‘ਆਮ ਆਦਮੀ ਪਾਰਟੀ ਦੇ ਵਿਧਾਇਕ ਨੇ ਸਬ ਇੰਸਪੈਕਟਰ ਨੂੰ ਆਪਣੇ ਦਫਤਰ ਸੱਦ ਕੇ ਕੁਟਵਾਇਆ’, ਮਜੀਠੀਆ ਨੇ ਪ੍ਰੈਸ ਕਾਨਫਰੰਸ ਕਰ ਕੇ ਲਾਏ ਦੋਸ਼

‘ਆਮ ਆਦਮੀ ਪਾਰਟੀ ਦੇ ਵਿਧਾਇਕ ਨੇ ਸਬ ਇੰਸਪੈਕਟਰ ਨੂੰ ਆਪਣੇ ਦਫਤਰ ਸੱਦ ਕੇ ਕੁਟਵਾਇਆ’, ਮਜੀਠੀਆ ਨੇ ਪ੍ਰੈਸ ਕਾਨਫਰੰਸ ਕਰ ਕੇ ਲਾਏ ਦੋਸ਼


ਵੀਓਪੀ ਬਿਊਰੋ, ਅੰਮ੍ਰਿਤਸਰ-‘ਆਮ ਆਦਮੀ ਪਾਰਟੀ ਦੇ ਗੁਰਦਾਸਪੁਰ ਜ਼ਿਲ੍ਹੇ ਨਾਲ ਸਬੰਧਤ ਇੱਕ ਵਿਧਾਇਕ ਵੱਲੋਂ ਇੱਕ ਪੁਲਿਸ ਸਬ-ਇੰਸਪੈਕਟਰ ਦੀ ਆਪਣੇ ਦਫ਼ਤਰ ਸੱਦ ਕੇ ਸਮਰਥਕਾਂ ਕੋਲੋਂ ਕਥਿਤ ਕੁੱਟਮਾਰ ਕਰਵਾਈ ਗਈ ਹੈ।’ ਇਹ ਦੋਸ਼ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਪ੍ਰੈਸ ਕਾਨਫਰੰਸ ਕਰਦਿਆਂ ਲਾਏ ਤੇ ਉਨ੍ਹਾਂ ਇਸ ਮਾਮਲੇ ਵਿੱਚ ਵਿਧਾਇਕ ਖ਼ਿਲਾਫ਼ ਐਫਆਈਆਰ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ।


ਮਜੀਠੀਆ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੋਸ਼ ਲਾਇਆ ਕਿ ਇਸ ਸਾਰੇ ਮਾਮਲੇ ਵਿੱਚ ‘ਆਪ’ਦੇ ਦੋ ਅਹੁਦੇਦਾਰਾਂ ਖ਼ਿਲਾਫ਼ ਐਫਆਈਆਰ ਦਰਜ ਕਰ ਕੇ ਮਾਮਲੇ ਨੂੰ ਕਮਜ਼ੋਰ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਬ-ਇੰਸਪੈਕਟਰ ਨੇ ਆਪਣੀ ਸ਼ਿਕਾਇਤ ਵਿਚ ਦੱਸਿਆ ਹੈ ਕਿ ਥਾਣੇ ਦੇ ਐਸਐਚਓ ਨੇ ਉਸ ਨੂੰ ਕਿਹਾ ਸੀ ਕਿ ਉਸ ਨੂੰ ਵਿਧਾਇਕ ਨੇ ਸੱਦਿਆ ਹੈ। ਜਦੋਂ ਐਸਆਈ ਵਿਧਾਇਕ ਦੇ ਦਫ਼ਤਰ ਪੁੱਜਾ ਤਾਂ ਵਿਧਾਇਕ ਦੀ ਮੌਜੂਦਗੀ ਵਿੱਚ ਉਸ ਦੇ ਕਰੀਬੀ ਤੇ 10 ਸਾਲ ਕੈਦ ਦੀ ਸਜ਼ਾ ਕੱਟਣ ਵਾਲੇ ਵਿਅਕਤੀ ਨੇ ਉਸ ਦੀ ਕੁੱਟਮਾਰ ਕੀਤੀ ਤੇ ਉਸ ਦੀ ਦਸਤਾਰ ਦਾ ਅਪਮਾਨ ਕੀਤਾ।
ਅਕਾਲੀ ਆਗੂ ਨੇ ਦੋਸ਼ ਲਾਇਆ ਕਿ ਹੁਣ ਐਸਆਈ ’ਤੇ ਸਮਝੌਤੇ ਲਈ ਦਬਾਅ ਪਾਇਆ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਐੱਸਆਈ ਦਾ ਬਿਆਨ ਧਾਰਾ 164 ਤਹਿਤ ਮੈਜਿਸਟਰੇਟ ਸਾਹਮਣੇ ਦਰਜ ਕੀਤਾ ਜਾਵੇ। ਪ੍ਰੈੱਸ ਕਾਨਫਰੰਸ ਦੌਰਾਨ ਵਿਰਸਾ ਸਿੰਘ ਵਲਟੋਹਾ ਵੀ ਹਾਜ਼ਰ ਸਨ। ਉਨ੍ਹਾਂ ਮਾਮਲੇ ਦੀ ਜਾਂਚ ਕਿਸੇ ਜੱਜ ਕੋਲੋਂ ਕਰਵਾਉਣ ਦੀ ਮੰਗ ਕੀਤੀ।

error: Content is protected !!