ਹਾਈ ਕੋਰਟ ਦੀ ਫਟਕਾਰ ਤੋਂ ਬਾਅਦ ਮਾਨ ਸਰਕਾਰ ਦਾ ਯੂ-ਟਰਨ, ਪੰਚਾਇਤਾਂ ਭੰਗ ਕਰਨ ਦਾ ਫੈਸਲਾ ਰੱਦ, ਜਲਦ ਜਾਰੀ ਹੋਵੇਗਾ ਨੋਟੀਫਿਕੇਸ਼ਨ

ਹਾਈ ਕੋਰਟ ਦੀ ਫਟਕਾਰ ਤੋਂ ਬਾਅਦ ਮਾਨ ਸਰਕਾਰ ਦਾ ਯੂ-ਟਰਨ, ਪੰਚਾਇਤਾਂ ਭੰਗ ਕਰਨ ਦਾ ਫੈਸਲਾ ਰੱਦ, ਜਲਦ ਜਾਰੀ ਹੋਵੇਗਾ ਨੋਟੀਫਿਕੇਸ਼ਨ


ਵੀਓਪੀ ਬਿਊਰੋ, ਚੰਡੀਗੜ੍ਹ : ਹਾਈ ਕੋਰਟ ਦੀ ਫਟਕਾਰ ਤੋਂ ਬਾਅਦ ਪੰਜਾਬ ਸਰਕਾਰ ਨੇ ਪੰਚਾਇਤਾਂ ਭੰਗ ਕਰਨ ਦੇ ਮਾਮਲੇ ਵਿਚ ਯੂ ਟਰਨ ਲੈ ਲਿਆ ਹੈ। ਸਰਕਾਰ ਨੇ ਪੰਚਾਇਤਾਂ ਭੰਗ ਕਰਨ ਦਾ ਫੈਸਲਾ ਵਾਪਸ ਲਿਆ ਹੈ। ਇਸ ਫੈਸਲੇ ਤੋਂ ਬਾਅਦ ਪੰਚਾਇਤਾਂ ਮੁੜ ਬਹਾਲ ਕਰ ਦਿੱਤੀਆਂ ਗਈਆਂ ਹਨ। ਇਸ ਬਾਰੇ ਪੰਜਾਬ ਸਰਕਾਰ ਵੱਲੋਂ ਜਲਦ ਹੀ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ। ਇਹ ਸਾਰੀ ਜਾਣਕਾਰੀ ਪੰਜਾਬ ਸਰਕਾਰ ਨੇ ਹਾਈ ਕੋਰਟ ਵਿਚ ਦਿੱਤੀ।


ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ 10 ਅਗਸਤ , 2023 ਨੂੰ ਸਾਰੀਆਂ ਪੰਚਾਇਤਾਂ, ਬਲਾਕ ਸਮਿਤੀਆਂ ਅਤੇ ਜ਼ਿਲ੍ਹਾ ਪਰਿਸ਼ਦਾਂ ਨੂੰ ਭੰਗ ਕਰ ਦੇ ਹੁਕਮ ਜਾਰੀ ਕੀਤੇ ਸਨ। ਜਿਸ ਦੇ ਖ਼ਿਲਾਫ਼ ਪੰਜਾਬ ਤੇ ਹਰਿਆਣਾ ਹਾਈ ਕੋਰਟ ’ਚ ਪਟੀਸ਼ਨ ਦਾਇਰ ਕਰ ਕੇ ਇਸ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਸੀ। ਦਾਇਰ ਪਟੀਸ਼ਨ ਵਿਚ ਕਿਹਾ ਗਿਆ ਹੈ ਕਿ 10 ਅਗਸਤ ਦਾ ਨੋਟੀਫਿਕੇਸ਼ਨ ਪੂਰੀ ਤਰ੍ਹਾਂ ਨਾਜਾਇਜ਼, ਮਨਮਰਜ਼ੀ ਵਾਲਾ ਤੇ ਕੁਦਰਤੀ ਨਿਆਂ ਦੇ ਸਿਧਾਂਤ ਦੇ ਖ਼ਿਲਾਫ਼ ਹੈ। ਪਟੀਸ਼ਨ ’ਚ ਸਰਪੰਚਾਂ ਨੇ ਕਿਹਾ ਕਿ ਨੋਟੀਫਿਕੇਸ਼ਨ ਕਾਨੂੰਨ ਦੇ ਖ਼ਿਲਾਫ਼ ਹੈ।

ਤਰਕ ਦਿੱਤਾ ਗਿਆ ਕਿ ਪੰਜਾਬ ਦੀਆਂ ਸਾਰੀਆਂ ਪੰਚਾਇਤਾਂ ਨੂੰ ਚੁਣੇ ਹੋਏ ਪ੍ਰਤੀਨਿਧੀਆਂ ਦੇ ਕਾਰਜਕਾਲ ਦੀ ਸਮਾਪਤੀ ਤੋਂ ਪਹਿਲਾਂ ਹੀ ਗਲਤ ਤੇ ਨਾਜਾਇਜ਼ ਰੂਪ ਵਿਚ ਭੰਗ ਕਰ ਦਿੱਤਾ ਗਿਆ। ਪਟੀਸ਼ਨਕਰਤਾਵਾਂ ਨੇ ਜਨਵਰੀ 2019 ’ਚ ਸਰਪੰਚ ਦੀ ਚੋਣ ਜਿੱਤ ਕੇ ਕਾਰਜਕਾਜ ਸੰਭਾਲਿਆ ਸੀ। ਉਨ੍ਹਾਂ ਦਾ ਕਾਰਜਕਾਲ ਜਨਵਰੀ 2024 ਤੱਕ ਦਾ ਸੀ ਪਰ ਰਾਜ ਸਰਕਾਰ ਨੇ 31 ਦਸੰਬਰ ਤੱਕ ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਕਰਵਾਉਣ ਦਾ ਫ਼ੈਸਲਾ ਲਿਆ ਹੈ। ਇਸ ਉਤੇ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਫਟਕਾਰ ਵੀ ਲਾਈ ਸੀ, ਜਿਸ ਤੋਂ ਬਾਅਦ ਸਰਕਾਰ ਨੇ ਯੂ ਟਰਨ ਲੈ ਲਿਆ।

error: Content is protected !!