ਮੁੱਖ ਮੰਤਰੀ ਮਾਨ ਨੇ 249 ਨੌਜਵਾਨਾਂ ਨੂੰ ਵੰਡੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ, 35 ਹਜ਼ਾਰ ਨੌਜਵਾਨਾਂ ਨੂੰ ਨੌਕਰੀਆਂ ਦੇਣ ਦਾ ਕੀਤਾ ਦਾਅਵਾ

ਵੀਓਪੀ ਬਿਊਰੋ, ਚੰਡੀਗੜ੍ਹ-ਪੰਜਾਬ ਸਰਕਾਰ ਮਿਸ਼ਨ ਰੁਜ਼ਗਾਰ ਦੇ ਮੱਦੇਨਜ਼ਰ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਹੈ। ਮਿਊਂਸਪਲ ਭਵਨ ਚੰਡੀਗੜ੍ਹ ਵਿੱਚ ਕਰਵਾਏ ਗਏ ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ 249 ਉਮੀਦਵਾਰਾਂ ਨੂੰ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਸੌਂਪੇ।

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਕਰੀਬ 35 ਹਜ਼ਾਰ ਨੌਜਵਾਨਾਂ ਨੂੰ ਨੌਕਰੀਆਂ ਦੇਣ ਦਾ ਦਾਅਵਾ ਕੀਤਾ ਹੈ। ਪੰਜਾਬ ਸਰਕਾਰ ਨੇ ਪਿਛਲੇ ਡੇਢ ਸਾਲ ਦੌਰਾਨ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਵੱਖ-ਵੱਖ ਅਸਾਮੀਆਂ ‘ਤੇ ਭਰਤੀਆਂ ਕੀਤੀਆਂ ਹਨ। ਇਸ ਤੋਂ ਇਲਾਵਾ ਆਉਣ ਵਾਲੇ ਸਾਲਾਂ ਲਈ ਨਵੀਂ ਰੋਡ ਸੇਫਟੀ ਫੋਰਸ (ਐਸਐਸਐਫ) ਸਮੇਤ ਪੁਲਿਸ ਵਿਭਾਗ ਤੇ ਹੋਰ ਵਿਭਾਗਾਂ ਵਿੱਚ ਭਰਤੀ ਕਰਨ ਦਾ ਵੀ ਐਲਾਨ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਹਾਲੇ ਇਹ ਤਾਂ ਸ਼ੁਰੂਆਤ ਹੈ। ਸਰਕਾਰੀ ਖਜ਼ਾਨਾ ਭਰ ਗਿਆ ਹੈ ਤੇ ਸਰਕਾਰ ਸੂਬੇ ਵਿੱਚ ਹੀ ਪੰਜਾਬੀ ਨੌਜਵਾਨਾਂ ਨੂੰ ਨੌਕਰੀਆਂ ਦੇਣ ਲਈ ਉਪਰਾਲੇ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪੰਜਾਬ ਦੇ ਉਦਯੋਗਿਕ ਖੇਤਰ ਤੇ ਸੂਬੇ ਵਿਚ ਨਿਵੇਸ਼ ਲਈ ਪਿਛਲੇ ਡੇਢ ਸਾਲ ਵਿਚ ਇੱਕ ਵੱਡਾ ਪੰਜਾਬ ਨਿਵੇਸ਼ ਸੰਮੇਲਨ ਕਰਵਾਇਆ ਹੈ। ਤਿੰਨ ਰੋਜ਼ਾ ਪੰਜਾਬ ਟੂਰਿਜ਼ਮ ਸਮਿਟ ਐਂਡ ਟਰੈਵਲ ਮਾਰਟ 11 ਸਤੰਬਰ ਤੋਂ ਸ਼ੁਰੂ ਹੋ ਰਿਹਾ ਹੈ। ਦੋਵਾਂ ਸੰਮੇਲਨਾਂ ਦਾ ਉਦੇਸ਼ ਪੰਜਾਬ ਵਿੱਚ ਉਦਯੋਗਾਂ ਨੂੰ ਉਤਸ਼ਾਹਿਤ ਕਰਨਾ ਤੇ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣਾ ਹੈ। ਇਸ ਲਈ ਪੰਜਾਬ ਸਰਕਾਰ ਨੇ ਸੈਰ ਸਪਾਟਾ ਨੀਤੀ ਸਮੇਤ ਹੋਰ ਵੀ ਕਈ ਨੀਤੀਆਂ ਬਣਾਈਆਂ ਹਨ। ਇਸੇ ਆਧਾਰ ‘ਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਨੌਜਵਾਨ ਪੰਜਾਬੀ ਲੜਕੇ-ਲੜਕੀਆਂ ਨੂੰ ਨੌਕਰੀਆਂ ਦੇਣ ਦਾ ਦਾਅਵਾ ਕੀਤਾ ਹੈ।