ਕੇਜਰੀਵਾਲ ਦਾ ਭਾਜਪਾ ‘ਤੇ ਸ਼ਬਦੀਵਾਰ- ਡਬਲ ਇੰਜਣ ਦੀ ਸਰਕਾਰ ਲੋਕਾਂ ਲਈ ਖਤਰਨਾਕ, ਨਵਾਂ ਇੰਜਣ ਲਿਆਵੇਗਾ ਕ੍ਰਾਂਤੀ

ਕੇਜਰੀਵਾਲ ਦਾ ਭਾਜਪਾ ‘ਤੇ ਸ਼ਬਦੀਵਾਰ- ਡਬਲ ਇੰਜਣ ਦੀ ਸਰਕਾਰ ਲੋਕਾਂ ਲਈ ਖਤਰਨਾਕ, ਨਵਾਂ ਇੰਜਣ ਲਿਆਵੇਗਾ ਕ੍ਰਾਂਤੀ

ਮੁਹਾਲੀ (ਵੀਓਪੀ ਬਿਊਰੋ) ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ੁੱਕਰਵਾਰ ਨੂੰ ਬਿਨਾਂ ਨਾਮ ਲਏ ਭਾਜਪਾ ‘ਤੇ ਜ਼ੁਬਾਨੀ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਦੇਸ਼ ਦੇ ਕਈ ਰਾਜਾਂ ਵਿੱਚ ਵੱਡੇ-ਵੱਡੇ ਦਾਅਵਿਆਂ ਨਾਲ ਪ੍ਰਚਾਰੀ ਗਈ ਡਬਲ ਇੰਜਣ ਵਾਲੀ ਸਰਕਾਰ ਜਿੱਥੇ ਲੋਕਾਂ ਲਈ ਘਾਤਕ ਸਿੱਧ ਹੋਈ ਹੈ, ਉੱਥੇ ਹੀ ਨਵੇਂ ਇੰਜਣ ਵਾਲੀ ਸਰਕਾਰ ਨੇ ਪੰਜਾਬ ਦੇ ਸ਼ਾਸਨ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਿਆਂਦੀ ਹੈ। ਉਹ ਮੁਹਾਲੀ ਵਿੱਚ ਸਰਕਾਰ-ਉਦਯੋਗਪਤੀਆਂ ਦੀ ਮੀਟਿੰਗ ਦੌਰਾਨ ਬੋਲ ਰਹੇ ਸਨ।

ਉਨ੍ਹਾਂ ਕਿਹਾ ਕਿ ਦੋਹਰੇ ਇੰਜਣ ਵਾਲੀ ਸਰਕਾਰ ਲੋਕਾਂ ਨੂੰ ਮੂਰਖ ਬਣਾਉਣ ਦਾ ਨਾਅਰਾ ਹੈ ਜਦਕਿ ਨਵੇਂ ਇੰਜਣ ਵਾਲੀ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਸਮਰਪਿਤ ਅਤੇ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਨਅਤੀ ਖੇਤਰ ਦੇ ਸਰਵਪੱਖੀ ਵਿਕਾਸ ਲਈ ਕਰੋੜਾਂ ਰੁਪਏ ਦੀ ਲਾਗਤ ਵਾਲੇ ਵੱਡੇ ਪ੍ਰਾਜੈਕਟ ਲਾਏ ਜਾ ਰਹੇ ਹਨ।


ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੀ ਸ਼ਾਸਨ ਪ੍ਰਣਾਲੀ ਵਿੱਚ ਕ੍ਰਾਂਤੀਕਾਰੀ ਸੁਧਾਰ ਲਿਆਉਣ ਲਈ ਸਖ਼ਤ ਮਿਹਨਤ ਕਰ ਰਹੀ ਹੈ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੇ ਅਣਥੱਕ ਯਤਨਾਂ ਦੇ ਨਤੀਜੇ ਵਜੋਂ ਹੁਣ ਕੰਪਨੀਆਂ ਸੂਬਾ ਛੱਡਣ ਦੀ ਬਜਾਏ ਸੂਬੇ ਵਿੱਚ ਨਿਵੇਸ਼ ਕਰਨ ਲਈ ਆ ਰਹੀਆਂ ਹਨ।


ਉਨ੍ਹਾਂ ਕਿਹਾ ਕਿ ਪੰਜਾਬ ਵਿੱਚ 450 ਉਦਯੋਗਪਤੀ ਆਪਣੇ ਯੂਨਿਟ ਸਥਾਪਤ ਕਰਨ ਲਈ ਦੂਜੇ ਰਾਜਾਂ ਤੋਂ ਆਏ ਹਨ। 50,000 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਪ੍ਰਾਪਤ ਹੋਇਆ ਹੈ। ਇਸ ਨਾਲ ਸੂਬੇ ਦੇ 2.86 ਲੱਖ ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ। 2.75 ਲੱਖ ਐਮਐਸਐਮਈ ਰਜਿਸਟਰਡ ਹੋਏ ਹਨ, ਜੋ ਦੇਸ਼ ਵਿੱਚ ਹੁਣ ਤੱਕ ਦੀ ਸਭ ਤੋਂ ਵੱਧ ਸੰਖਿਆ ਹੈ।

error: Content is protected !!