ਪੰਨੂ ਦੀ ਧਮਕੀ ਤੋਂ ਬਾਅਦ ਕੈਨੇਡਾ ‘ਚ ਹਿੰਦੂ ਸੰਗਠਨ ਨੇ ਖੋਲਿਆ ਮੋਰਚਾ, ਕੈਨੈਡਾ ਸਰਕਾਰ ਨੂੰ ਕਾਰਵਾਈ ਲਈ ਕਿਹਾ

ਪੰਨੂ ਦੀ ਧਮਕੀ ਤੋਂ ਬਾਅਦ ਕੈਨੇਡਾ ‘ਚ ਹਿੰਦੂ ਸੰਗਠਨ ਨੇ ਖੋਲਿਆ ਮੋਰਚਾ, ਕੈਨੈਡਾ ਸਰਕਾਰ ਨੂੰ ਕਾਰਵਾਈ ਲਈ ਕਿਹਾ

ਟੋਰਾਂਟੋ/ਨਵੀਂ ਦਿੱਲੀ (ਵੀਓਪੀ ਬਿਊਰੋ) ਭਾਰਤ ਦੇ ਮੋਸਟ ਵਾਂਟੇਡ ਖਾਲਿਸਤਾਨੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਦੀ ਧਮਕੀ ਤੋਂ ਬਾਅਦ ਕੈਨੇਡਾ ‘ਚ ਇਕ ਹਿੰਦੂ ਸੰਗਠਨ ਨੇ ਵੀ ਉਸ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਬੀਤੇ ਦਿਨ ਪੰਨੂੰ ਨੇ ਇੱਕ ਵੀਡੀਓ ਜਾਰੀ ਕਰਕੇ ਹਿੰਦੂਆਂ ਨੂੰ ਕੈਨੇਡਾ ਛੱਡ ਕੇ ਭਾਰਤ ਵਾਪਸ ਆਉਣ ਦੀ ਧਮਕੀ ਦਿੱਤੀ ਸੀ। ਪੰਨੂ ਦੇ ਇਸ ਬਿਆਨ ਦਾ ਨੋਟਿਸ ਲੈਂਦਿਆਂ ਹਿੰਦੂ ਫੋਰਮ ਕੈਨੇਡਾ ਨੇ ਜਸਟਿਨ ਟਰੂਡੋ ਸਰਕਾਰ ਦੇ ਪਬਲਿਕ ਸੇਫਟੀ ਮੰਤਰੀ ਡੋਮਿਨਿਕ ਲੀਬੈਲੈਂਸ ਨੂੰ ਪੱਤਰ ਲਿਖਿਆ ਹੈ।

ਹਿੰਦੂ ਫੋਰਮ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਕੈਨੇਡਾ ਦੀ ਧਰਤੀ ‘ਤੇ ਭਾਰਤ-ਕੈਨੇਡੀਅਨ ਹਿੰਦੂਆਂ ਨੂੰ ਧਮਕੀਆਂ ਦੇ ਕੇ ਦੇਸ਼ ਛੱਡਣ ਲਈ ਕਹਿ ਰਹੇ ਖਾਲਿਸਤਾਨੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਖਿਲਾਫ ਨਫਰਤੀ ਅਪਰਾਧ ਦੀ ਕਾਰਵਾਈ ਕੀਤੀ ਜਾਵੇ। ਪੱਤਰ ਵਿੱਚ ਉਨ੍ਹਾਂ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਤੇ ਸਰਕਾਰ ਦੀ ਹਮਾਇਤ ਕਰਨ ਵਾਲੀ ਨਿਊ ਡੈਮੋਕ੍ਰੇਟਿਕ ਪਾਰਟੀ (ਐਨਡੀਪੀ) ਦੇ ਮੁਖੀ ਜਗਮੀਤ ਸਿੰਘ ਨੂੰ ਵੀ ਪੰਨੂ ਖ਼ਿਲਾਫ਼ ਕਾਰਵਾਈ ਕਰਨ ਲਈ ਕਿਹਾ ਹੈ।

ਹਿੰਦੂ ਫੋਰਮ ਨੇ ਖਾਲਿਸਤਾਨੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਦੇ ਬਿਆਨ ‘ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਹੈ ਕਿ ਕੈਨੇਡਾ ਦੇ ਪਬਲਿਕ ਸੇਫਟੀ ਮੰਤਰੀ ਡੋਮਿਨਿਕ ਲੀਬੈਲੈਂਸ, ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਤੇ ਐਨਡੀਪੀ ਆਗੂ ਜਗਮੀਤ ਸਿੰਘ ਨੂੰ ਇਸ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ। ਇਹ ਮਾਮਲਾ ਕੈਨੇਡਾ ਵਿੱਚ ਰਹਿਣ ਵਾਲੇ ਲੋਕਾਂ ਦੀ ਸੁਰੱਖਿਆ ਨਾਲ ਜੁੜਿਆ ਹੋਇਆ ਹੈ। ਪੰਨੂ ਦਾ ਬਿਆਨ ਖਾਲਿਸਤਾਨ ਸਮਰਥਕਾਂ ਦੀ ਵਿਚਾਰਧਾਰਾ ਨੂੰ ਸਪੱਸ਼ਟ ਕਰਦਾ ਹੈ ਅਤੇ ਇਹ ਕੈਨੇਡੀਅਨ ਨਾਗਰਿਕਾਂ ਦੀ ਸੁਰੱਖਿਆ ਨੂੰ ਪ੍ਰਭਾਵਿਤ ਕਰਦਾ ਹੈ।

ਪੱਤਰ ਵਿੱਚ ਲਿਖਿਆ ਗਿਆ ਹੈ ਕਿ ਖਾਲਿਸਤਾਨੀ ਪੰਨੂ ਦਾ ਇਹ ਬਿਆਨ ਉਨ੍ਹਾਂ ਲੋਕਾਂ ਨੂੰ ਨਿਸ਼ਾਨਾ ਬਣਾਉਂਦਾ ਹੈ ਜੋ ਉਸ ਦੀ ਵਿਚਾਰਧਾਰਾ ਨਾਲ ਸਹਿਮਤ ਨਹੀਂ ਹਨ। ਹਿੰਦੂ ਫੋਰਮ ਨੇ ਵੀ ਪੱਤਰ ਵਿੱਚ ਪ੍ਰਧਾਨ ਮੰਤਰੀ ਟਰੂਡੋ ’ਤੇ ਵਿਅੰਗ ਕੱਸਦਿਆਂ ਲਿਖਿਆ ਹੈ ਕਿ ਕੀ ਸਰਕਾਰ ਪੰਨੂ ਦੇ ਇਸ ਬਿਆਨ ਨੂੰ ਅਜ਼ਾਦੀ ਦੇ ਪ੍ਰਗਟਾਵੇ ਵਜੋਂ ਲਵੇਗੀ। ਹਿੰਦੂ ਫੋਰਮ ਨੇ ਲਿਖਿਆ ਹੈ ਕਿ ਕੈਨੇਡਾ ਵਿੱਚ ਕਰੀਬ 10 ਲੱਖ ਹਿੰਦੂ ਪਰਿਵਾਰ ਰਹਿੰਦੇ ਹਨ। ਉਮੀਦ ਹੈ ਕਿ ਉਨ੍ਹਾਂ ਦੀ ਆਵਾਜ਼ ਸੁਣ ਕੇ ਸਰਕਾਰ ਇਸ ਮਾਮਲੇ ਦੇ ਹੱਲ ਲਈ ਕੋਈ ਠੋਸ ਫੈਸਲਾ ਲਵੇਗੀ।

error: Content is protected !!