ਰਾਜੋਆਣਾ ਦੇ ਅਲਟੀਮੇਟਮ ਉਤੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਐਸਜੀਪੀਸੀ ਤੇ ਡੀਐਸਜੀਪੀਸੀ ਨੂੰ ਚਾੜ੍ਹੇ ਹੁਕਮ

ਰਾਜੋਆਣਾ ਦੇ ਅਲਟੀਮੇਟਮ ਉਤੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਐਸਜੀਪੀਸੀ ਤੇ ਡੀਐਸਜੀਪੀਸੀ ਨੂੰ ਚਾੜ੍ਹੇ ਹੁਕਮ


ਵੀਓਪੀ ਬਿਊਰੋ, ਅੰਮ੍ਰਿਤਸਰ-ਬਲਵੰਤ ਸਿੰਘ ਰਾਜੋਆਣਾ ਵੱਲੋਂ ਉਸ ਦੀ ਫਾਂਸੀ ਦੀ ਸਜ਼ਾ ਮੁਆਫ਼ੀ ਬਾਰੇ ਦਿੱਤੀ ਗਈ ਪਟੀਸ਼ਨ ਵਾਪਸ ਲੈਣ ਲਈ ਕਿਹਾ ਗਿਆ ਹੈ। ਉਸ ਨੇ ਜੇਲ੍ਹ ਵਿੱਚ ਮਰਨ ਵਰਤ ਦੀ ਵੀ ਚਿਤਾਵਨੀ ਦਿੱਤੀ ਹੈ। ਰਾਜੋਆਣਾ ਨੇ ਸ੍ਰੀ ਅਕਾਲ ਤਖਤ ਦੇ ਹੁਕਮਾਂ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ 20 ਦਿਨ ਦਾ ਅਲਟੀਮੇਟਮ ਦਿੱਤਾ ਹੈ। ਰਾਜੋਆਣਾ ਨੇ ਆਪਣੀ ਭੈਣ ਕਮਲਦੀਪ ਕੌਰ ਦੇ ਜ਼ਰੀਏ ਸੁਨੇਹਾ ਭੇਜਿਆ ਹੈ ਕਿ ਜੇਕਰ 20 ਦਿਨਾਂ ਦੇ ਅੰਦਰ ਕੋਈ ਹੱਲ ਨਹੀਂ ਨਿਕਲ ਦਾ ਹੈ ਤਾਂ ਉਹ ਭੁੱਖ ਹੜ੍ਹਤਾਲ ‘ਤੇ ਬੈਠ ਜਾਣਗੇ । ਇਸ ਦੀ ਜਾਣਕਾਰੀ ਕਮਲਦੀਪ ਕੌਰ ਨੇ ਫੇਸਬੁੱਕ ‘ਤੇ ਪੋਸਟ ਪਾ ਕੇ ਦਿੱਤੀ ਹੈ।


ਉਧਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਦਿੱਲੀ ਗੁਰਦੁਆਰਾ ਕਮੇਟੀ ਨੂੰ ਆਦੇਸ਼ ਦਿੱਤਾ ਹੈ ਕਿ ਦੋਵੇਂ ਸਿੱਖ ਸੰਸਥਾਵਾਂ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਤਬਦੀਲ ਕਰਨ ਸਬੰਧੀ ਪਟੀਸ਼ਨ ’ਤੇ ਜਲਦ ਫੈਸਲਾ ਕਰਵਾਉਣ ਲਈ ਤੁਰੰਤ ਕੇਂਦਰ ਸਰਕਾਰ ਕੋਲ ਪੈਰਵੀ ਕਰਨ। ਇਸ ਸਬੰਧੀ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਦੋਵਾਂ ਸਿੱਖ ਸੰਸਥਾਵਾਂ ਨੂੰ ਆਦੇਸ਼ ਪੱਤਰ ਜਾਰੀ ਕੀਤਾ ਗਿਆ ਹੈ।


ਉਨ੍ਹਾਂ ਸ਼੍ਰੋਮਣੀ ਕਮੇਟੀ ਤੇ ਦਿੱਲੀ ਕਮੇਟੀ ਨੂੰ 8 ਬੰਦੀ ਸਿੰਘਾਂ ਦੀ ਰਿਹਾਈ ਤੇ ਭਾਈ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਤਬਦੀਲ ਕਰਨ ਸਬੰਧੀ ਠੋਸ ਯਤਨਾਂ ਨੂੰ ਤੇਜ਼ੀ ਨਾਲ ਅਮਲ ਵਿਚ ਲਿਆਉਂਦਿਆਂ ਮਿੱਥੇ ਸਮੇਂ ਅੰਦਰ ਇਨ੍ਹਾਂ ਦੀ ਰਿਪੋਰਟ ਅਕਾਲ ਤਖ਼ਤ ਨੂੰ ਭੇਜਣ ਲਈ ਹਦਾਇਤ ਕੀਤੀ ਹੈ।
ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਪਿਛਲੇ 28 ਸਾਲਾਂ ਤੋਂ ਜੇਲ੍ਹ ਵਿੱਚ ਨਜ਼ਰਬੰਦ ਹੈ ਤੇ 17 ਸਾਲਾਂ ਤੋਂ ਮਹਿਜ਼ 8 ਫੁੱਟ ਦੀ ਫਾਂਸੀ ਦੀ ਚੱਕੀ ਵਿੱਚ ਬੰਦ ਹੈ। ਜਥੇਦਾਰ ਨੇ ਭੇਜੇ ਪੱਤਰ ਵਿੱਚ ਆਖਿਆ ਹੈ ਕਿ ਸ੍ਰੀ ਅਕਾਲ ਤਖ਼ਤ ਦੇ ਆਦੇਸ਼ਾਂ ਅਨੁਸਾਰ ਸਾਲ 2012 ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਭਾਈ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਨ ਸਬੰਧੀ ਰਾਸ਼ਟਰਪਤੀ ਕੋਲ ਪਾਈ ਪਟੀਸ਼ਨ ’ਤੇ 11 ਸਾਲ ਬੀਤ ਜਾਣ ਉੱਤੇ ਵੀ ਕੋਈ ਫੈਸਲਾ ਅਮਲ ਵਿੱਚ ਨਹੀਂ ਆਇਆ।

error: Content is protected !!