ਭਾਜਪਾ ਸੂਬਾ ਸੰਗਠਨ ਮੰਤਰੀ ਸ੍ਰੀ ਨਿਵਾਸੁਲੂ ਨੇ ਡੇਰਾ ਬਿਆਸ ਵਿਖੇ  ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ

ਅੰਮ੍ਰਿਤਸਰ (ਵੀਓਪੀ ਬਿਓਰੋ) ਭਾਰਤੀ ਜਨਤਾ ਪਾਰਟੀ ਦੇ ਸੂਬਾ ਸੰਗਠਨ ਮੰਤਰੀ ਮੰਥਰੀ ਸ੍ਰੀ ਨਿਵਾਸੁਲੂ ਅੱਜ ਬਿਆਸ ਵਿਖੇ ਰਾਧਾ ਸੁਆਮੀ ਸਤਿਸੰਗ ਡੇਰੇ ਵਿਚ ਪਹੁੰਚੇ ਅਤੇ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਉਨ੍ਹਾਂ ਦੇ ਨਿਵਾਸ ਅਸਥਾਨ ‘ਤੇ ਮੁਲਾਕਾਤ ਕੀਤੀ। ਉਨ੍ਹਾਂ ਕਰੀਬ ਇਕ ਘੰਟਾ ਡੇਰਾ ਮੁਖੀ ਨਾਲ ਬੈਠ ਕੇ ਧਾਰਮਿਕ ਅਤੇ ਸਮਾਜਿਕ ਸਰੋਕਾਰਾਂ ’ਤੇ ਚਰਚਾ ਕੀਤੀ।

 

ਪ੍ਰੋ. ਸਰਚਾਂਦ ਸਿੰਘ ਨੇ ਦੱਸਿਆ ਕਿ ਇਸ ਸਮੇਂ ਸ੍ਰੀ ਨਿਵਾਸੁਲੂ ਨੇ ਡੇਰੇ ਵਿਚ ਚੱਲ ਰਹੀਆਂ ਧਾਰਮਿਕ ਅਤੇ ਸਮਾਜਕ ਸਰਗਰਮੀਆਂ ਬਾਰੇ ਜਾਣਕਾਰੀ ਹਾਸਲ ਕਰਨ ’ਚ ਗਹਿਰੀ ਦਿਲਚਸਪੀ ਦਿਖਾਈ।  ਉਨ੍ਹਾਂ ਕਿਹਾ ਕਿ ਡੇਰੇ ’ਚ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਸੰਗਤ ਕਰਕੇ ਉਨ੍ਹਾਂ ਨੂੰ ਬਹੁਤ ਖ਼ੁਸ਼ੀ ਅਤੇ ਸਕੂਨ ਮਿਲਿਆ ਹੈ। ਉਨ੍ਹਾਂ ਅਧਿਆਤਮਕ ਸੰਸਥਾ ਡੇਰਾ ਬਿਆਸ ਵੱਲੋਂ ਕੀਤੇ ਜਾ ਰਹੇ ਸਮਾਜ ਸੇਵਾ ਦੀ ਭਰਪੂਰ ਸ਼ਲਾਘਾ ਕੀਤੀ।

ਇਸ ਮੌਕੇ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਨੌਜਵਾਨੀ ਦੀ ਵਿਦੇਸ਼ਾਂ ਨੂੰ ਪਲਾਇਨ ਕਰਨ ਅਤੇ ਨਸ਼ਿਆਂ ਦੇ ਪ੍ਰਚਲਣ ਪ੍ਰਤੀ ਚਿੰਤਾ ਦਾ ਪ੍ਰਗਟਾਵਾ ਕੀਤਾ । ਉਨ੍ਹਾਂ ਨੌਜਵਾਨੀ ਨੂੰ ਆਪਣੇ ਗੌਰਵਮਈ ਇਤਿਹਾਸ ਤੋਂ ਸੇਧ ਲੈਣ ਅਤੇ ਅਧਿਆਤਮਕ ਮਾਰਗ ’ਤੇ ਚਲਦਿਆਂ ਸਮਾਜਕ ਸਰੋਕਾਰਾਂ ਪ੍ਰਤੀ ਸੇਵਾਵਾਂ ਨਿਭਾਉਣ ਲਈ ਹਮੇਸ਼ਾਂ ਯਤਨਸ਼ੀਲ ਰਹਿਣ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਪੰਜਾਬ ਦੇ ਨੌਜਵਾਨ ਹਰ ਖੇਤਰ ’ਚ ਅੱਗੇ ਹਨ, ਲੋੜ ਕੇਵਲ ਉਨ੍ਹਾਂ ਨੂੰ ਉਸਾਰੂ ਸੇਧ ਦੇਣ ਦੀ ਹੈ।  ਉਨ੍ਹਾਂ ਕਿਹਾ ਕਿ ਡੇਰਾ ਬਿਆਸ ਅਧਿਆਤਮ ਵਿਵਸਥਾ ਦੇ ਨਾਲ ਨਾਲ ਸਮਾਜਿਕ ਸਰੋਕਾਰਾਂ ਦੇ ਚੰਗੇ ਨਤੀਜਿਆਂ ਲਈ ਹਮੇਸ਼ਾਂ ਯਤਨਸ਼ੀਲ ਰਿਹਾ ਹੈ।

ਭਾਜਪਾ ਦੇ ਸੂਬਾ ਸੰਗਠਨ ਮੰਤਰੀ ਸ੍ਰੀ ਨਿਵਾਸੁਲੂ ਦੀ ਡੇਰਾ ਬਿਆਸ ਵਿਖੇ ਇਸ ਪਹਿਲੀ, ਵਿਸ਼ੇਸ਼ ਅਤੇ ਨਿੱਜੀ ਫੇਰੀ ਮੌਕੇ ਭਾਜਪਾ ਆਗੂ ਰਾਜਿੰਦਰ ਮੋਹਨ ਸਿੰਘ ਛੀਨਾ, ਗੁਰਪ੍ਰਤਾਪ ਸਿੰਘ ਟਿੱਕਾ, ਪ੍ਰੋ. ਸਰਚਾਂਦ ਸਿੰਘ ਖਿਆਲਾ, ਅਜੈਬੀਰ ਪਾਲ ਸਿੰਘ ਰੰਧਾਵਾ, ਹਰਦੀਪ ਸਿੰਘ ਗਿੱਲ ਅਤੇ ਪਰਮਦੀਪ ਸਿੰਘ ਤੇਜਾ ਵੀ ਮੌਜੂਦ ਸਨ।  

error: Content is protected !!