ਕੇਜਰੀਵਾਲ ਨੂੰ ਗ੍ਰਿਫਤਾਰੀ ਦਾ ਡਰ, ਪੋਸਟ ਪਾ ਕੇ ਕਿਹਾ- ਅੱਜ ED ਕਰ ਸਕਦੀ ਹੈ Arrest, ਘਰ ਦੇ ਬਾਹਰ ਵਧਾ’ਤੀ ਸਕਿਊਰਿਟੀ
ਨਵੀਂ ਦਿੱਲੀ (ਵੀਓਪੀ ਬਿਊਰੋ) ED ਇਨਫੋਰਸਮੈਂਟ ਡਾਇਰੈਕਟੋਰੇਟ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕਰ ਸਕਦਾ ਹੈ। ਇਹ ਦਾਅਵਾ ਖੁਦ ਆਮ ਆਦਮੀ ਪਾਰਟੀ ਨੇ ਕੀਤਾ ਹੈ। ਸੀਐਮ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਡਰੋਂ ਵਰਕਰ ‘ਆਪ’ ਦਫਤਰ ਪਹੁੰਚਣੇ ਸ਼ੁਰੂ ਹੋ ਗਏ ਹਨ। ਦੂਜੇ ਪਾਸੇ ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਆਗੂ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਗਈ ਹੈ।
ਯਾਦ ਰਹੇ ਕਿ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸ਼ਰਾਬ ਘੁਟਾਲੇ ਵਿੱਚ ਦਿੱਲੀ ਦੇ ਸੀਐਮ ਕੇਜਰੀਵਾਲ ਨੂੰ ਤਿੰਨ ਸੰਮਨ ਜਾਰੀ ਕੀਤੇ ਹਨ, ਪਰ ਹੁਣ ਤੱਕ ਕੇਜਰੀਵਾਲ ਈਡੀ ਸਾਹਮਣੇ ਪੇਸ਼ ਨਹੀਂ ਹੋਏ ਹਨ। ਇਸ ਦੌਰਾਨ ਵੀਰਵਾਰ ਸਵੇਰੇ ‘ਆਪ’ ਨੇਤਾ ਆਤਿਸ਼ੀ ਨੇ ਸੋਸ਼ਲ ਮੀਡੀਆ ‘ਤੇ ਇਕ ਪੋਸਟ ਕੀਤੀ ਹੈ।
ਪੋਸਟ ਦੇ ਅਨੁਸਾਰ, ਦਿੱਲੀ ਸਰਕਾਰ ਦੇ ਇੱਕ ਮੰਤਰੀ ਆਤਿਸ਼ੀ ਨੇ ਬੁੱਧਵਾਰ ਰਾਤ ਨੂੰ ਲਿਖਿਆ ਕਿ ਉਨ੍ਹਾਂ ਨੂੰ ਖਬਰ ਮਿਲੀ ਹੈ ਕਿ ਇਨਫੋਰਸਮੈਂਟ ਡਾਇਰੈਕਟੋਰੇਟ ਵੀਰਵਾਰ ਸਵੇਰੇ ਅਰਵਿੰਦ ਕੇਜਰੀਵਾਲ ਦੇ ਘਰ ਛਾਪਾ ਮਾਰਨ ਜਾ ਰਿਹਾ ਹੈ। ਗ੍ਰਿਫਤਾਰੀ ਵੀ ਹੋ ਸਕਦੀ ਹੈ। ਇਸ ਦੇ ਨਾਲ ਹੀ ਸੀਐਮ ਕੇਜਰੀਵਾਲ ਦੇ ਘਰ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਗਈ ਹੈ।
ਦਿੱਲੀ ਸਰਕਾਰ ਦੇ ਮੰਤਰੀ ਸੌਰਭ ਭਾਰਦਵਾਜ ਅਤੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਨੇ ਵੀ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਦਾਅਵਾ ਕੀਤਾ ਹੈ ਕਿ ਈਡੀ ਅੱਜ ਮੁੱਖ ਮੰਤਰੀ ਕੇਜਰੀਵਾਲ ਦੇ ਘਰ ਛਾਪਾ ਮਾਰ ਸਕਦੀ ਹੈ। ਜਿਸ ਤੋਂ ਬਾਅਦ ਉਹ ਗ੍ਰਿਫਤਾਰ ਕੀਤਾ ਜਾ ਸਕਦਾ ਹੈ।