ਮੁੱਖ ਮੰਤਰੀ ਭਗਵੰਤ ਮਾਨ ਨੇ ਸੁਨੀਲ ਜਾਖੜ ਨੂੰ ਕਹਿ’ਤਾ ਝੂਠਾ, ਕਿਹੜੇ ਮੂੰਹ ਨਾਲ ਆਓਗੇ ਸਾਹਮਣੇ

ਮੁੱਖ ਮੰਤਰੀ ਭਗਵੰਤ ਮਾਨ ਨੇ ਸੁਨੀਲ ਜਾਖੜ ਨੂੰ ਕਹਿ’ਤਾ ਝੂਠਾ, ਕਿਹੜੇ ਮੂੰਹ ਨਾਲ ਆਓਗੇ ਸਾਹਮਣੇ

ਚੰਡੀਗੜ੍ਹ (ਵੀਓਪੀ ਬਿਊਰੋ) ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਕੇਂਦਰ ਸਰਕਾਰ ਵੱਲੋਂ ਪੰਜਾਬ ਦੀ ਝਾਂਕੀ ਨੂੰ ਰੱਦ ਕਰਨ ਦੇ ਮੁੱਦੇ ‘ਤੇ ਝੂਠ ਬੋਲਣ ਲਈ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੂੰ ਇੱਕ ਵਾਰ ਫਿਰ ਘੇਰਿਆ। ਇਕ ਬਿਆਨ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੀ ਹਮੇਸ਼ਾ ਇਹੀ ਦਲੀਲ ਰਹੀ ਹੈ ਕਿ ਮੋਦੀ ਸਰਕਾਰ ਨੇ ਪੰਜਾਬ ਵਿਰੋਧੀ ਭਾਵਨਾਵਾਂ ਕਾਰਨ ਸੂਬਾਈ ਝਾਂਕੀ ਨੂੰ ਰੱਦ ਕਰ ਦਿੱਤਾ ਪਰ ਜਾਖੜ ਕੇਂਦਰ ਸਰਕਾਰ ਦੇ ਇਸ ਕਦਮ ਨੂੰ ਜਾਇਜ਼ ਠਹਿਰਾਉਣ ਦੀ ਕੋਸ਼ਿਸ਼ ਕਰ ਰਹੇ ਹਨ, ਜਿਸ ਦਾ ਕੋਈ ਆਧਾਰ ਨਹੀਂ ਹੈ।

ਜਾਖੜ ਨੇ ਸੂਬੇ ਦੇ ਲੋਕਾਂ ਨੂੰ ਇਹ ਕਹਿ ਕੇ ਗੁੰਮਰਾਹ ਕੀਤਾ ਕਿ ਸੂਬਾ ਸਰਕਾਰ ਦੇ ਪੋਸਟਰਾਂ ਨੂੰ ਰੱਦ ਕਰਨ ਦਾ ਕਾਰਨ ਇਹ ਹੈ ਕਿ ਉਨ੍ਹਾਂ ਵਿੱਚ ਮੁੱਖ ਮੰਤਰੀ ਦੀਆਂ ਤਸਵੀਰਾਂ ਲੱਗੀਆਂ ਹੋਈਆਂ ਹਨ। ਮਾਨ ਨੇ ਕਿਹਾ ਕਿ ਹੁਣ ਜਦੋਂ ਰੱਖਿਆ ਮੰਤਰਾਲੇ ਨੇ ਪੂਰੀ ਤਰ੍ਹਾਂ ਸਪੱਸ਼ਟ ਕਰ ਦਿੱਤਾ ਹੈ ਕਿ ਇਸ ਝਾਂਕੀ ‘ਤੇ ਕੋਈ ਫੋਟੋ ਨਹੀਂ ਸੀ, ਤਾਂ ਜਾਖੜ ਦਾ ਝੂਠ ਬੇਨਕਾਬ ਹੋ ਗਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਗਣਤੰਤਰ ਦਿਵਸ ਪਰੇਡ ਲਈ ਸੂਬਾ ਸਰਕਾਰ ਵੱਲੋਂ ਤਿਆਰ ਕੀਤੀ ਗਈ ਝਾਕੀ ਦਾ ਉਦੇਸ਼ ਪੰਜਾਬ ਦੇ ਅਮੀਰ ਸੱਭਿਆਚਾਰਕ ਵਿਰਸੇ ਦੇ ਨਾਲ-ਨਾਲ ਸ਼ਹੀਦਾਂ ਦੀ ਕੁਰਬਾਨੀ ਦੀ ਪਰੰਪਰਾ ਨੂੰ ਦਰਸਾਉਣਾ ਹੈ। ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਉਨ੍ਹਾਂ ਮੁੜ ਦੁਹਰਾਇਆ ਕਿ ਸੱਤਾ ਦੀ ਭੁੱਖੀ ਕੇਂਦਰ ਸਰਕਾਰ ਆਜ਼ਾਦੀ ਸੰਗਰਾਮ ਵਿੱਚ ਪੰਜਾਬੀਆਂ ਦੇ ਵੱਡਮੁੱਲੇ ਯੋਗਦਾਨ ਨੂੰ ਨਜ਼ਰਅੰਦਾਜ਼ ਕਰ ਰਹੀ ਹੈ। ਭਾਜਪਾ ਸਰਕਾਰ ਪੰਜਾਬ ਨੂੰ ਜ਼ਲੀਲ ਕਰਨ ਲਈ ਗਲਤ ਹੱਥਕੰਡੇ ਅਪਣਾ ਰਹੀ ਹੈ। ਸ਼ਹਾਦਤ ਅਤੇ ਕੁਰਬਾਨੀ ਪੰਜਾਬ ਦੇ ਗੌਰਵਮਈ ਵਿਰਸੇ ਦਾ ਹਿੱਸਾ ਹਨ, ਜਿਸ ਨੂੰ ਪੰਜਾਬ ਦੀਆਂ ਝਾਕੀਆਂ ਵਿੱਚ ਦਰਸਾਇਆ ਗਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਭਗਤੀ ਅਤੇ ਅਗਾਂਹਵਧੂ ਵਿਚਾਰਾਂ ਵਾਲੀ ਝਾਂਕੀ ਨੂੰ ਰੱਦ ਕਰਕੇ ਕੇਂਦਰ ਸਰਕਾਰ ਨੇ ਮਹਾਨ ਦੇਸ਼ ਭਗਤਾਂ ਅਤੇ ਕੌਮੀ ਨਾਇਕਾਂ ਦੀਆਂ ਕੁਰਬਾਨੀਆਂ ਦਾ ਅਪਮਾਨ ਕੀਤਾ ਹੈ। ਬਦਕਿਸਮਤੀ ਨਾਲ ਜਾਖੜ ਵਰਗੇ ਨਵੇਂ ਟਕਸਾਲ ਵਾਲੇ ‘ਭਗਤ’ ਆਪਣੀ ਅੰਨ੍ਹੀ ਸ਼ਰਧਾ ਵਿੱਚ ਪੰਜਾਬ ਦੇ ਹਿੱਤਾਂ ਨੂੰ ਅੱਖੋਂ ਪਰੋਖੇ ਕਰਕੇ ਮੋਦੀ ਸਰਕਾਰ ਦੀ ਤਾਨਾਸ਼ਾਹੀ ਨੂੰ ਜਾਇਜ਼ ਠਹਿਰਾ ਰਹੇ ਹਨ। ਜਾਖੜ ਅਜੇ ਤੱਕ ਆਪਣੇ ਆਕਾਵਾਂ ਦੀ ਮਰਜ਼ੀ ਅਨੁਸਾਰ ਝੂਠ ਬੋਲਣ ਦੇ ਮਾਹਿਰ ਨਹੀਂ ਹੋਏ। ਇਹ ਮੰਦਭਾਗਾ ਹੈ ਕਿ ਭਾਜਪਾ ਲੀਡਰਸ਼ਿਪ ਪੰਜਾਬ ਦੇ ਪਤਨ ਦਾ ਕਾਰਨ ਬਣ ਰਹੀ ਹੈ।

error: Content is protected !!