ਬੀਬਾ ਬਾਦਲ ਵੱਲੋਂ ਤੱਕੜੀ ਦੀ ਤੁਲਨਾ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਕਰਨ ‘ਤੇ CM ਮਾਨ ਨੇ ਕੱਸੇ ਤੰਜ, ਕਿਹਾ- ਹੁਣ ਕਿਉਂ ਨਹੀਂ ਬੋਲਦੇ ਬਾਦਲਾਂ ਦੇ ਵਫਾਦਾਰ

ਬੀਬਾ ਬਾਦਲ ਵੱਲੋਂ ਤੱਕੜੀ ਦੀ ਤੁਲਨਾ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਕਰਨ ‘ਤੇ CM ਮਾਨ ਨੇ ਕੱਸੇ ਤੰਜ, ਕਿਹਾ- ਹੁਣ ਕਿਉਂ ਨਹੀਂ ਬੋਲਦੇ ਬਾਦਲਾਂ ਦੇ ਵਫਾਦਾਰ

ਚੰਡੀਗੜ੍ਹ (ਵੀਓਪੀ ਬਿਊਰੋ)- ਹਰਸਿਮਰਤ ਕੌਰ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਚੋਣ ਨਿਸ਼ਾਨ ਦੀ ਤੁਲਨਾ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਕਰਨ ਸਬੰਧੀ ਦਿੱਤੇ ਬਿਆਨ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਚੁੱਪੀ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਵਾਲ ਉਠਾਉਂਦੇ ਹੋਏ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਹਰਸਿਮਰਤ ਬਾਦਲ ਦੇ ਅਜਿਹੇ ਗੈਰ-ਜ਼ਿੰਮੇਵਾਰਾਨਾ ਅਤੇ ਬੇਬੁਨਿਆਦ ਬਿਆਨਾਂ ਨੇ ਹਰ ਸਿੱਖ ਦੇ ਹਿਰਦੇ ਨੂੰ ਠੇਸ ਪਹੁੰਚਾਈ ਹੈ, ਪਰ ਸ਼੍ਰੋਮਣੀ ਕਮੇਟੀ ਇਸ ਮੁੱਦੇ ‘ਤੇ ਚੁੱਪ ਹੈ।

ਉਨ੍ਹਾਂ ਕਿਹਾ ਕਿ ਇਸ ਤੋਂ ਸਪੱਸ਼ਟ ਹੈ ਕਿ ਧਾਮੀ ਅਕਾਲੀ ਦਲ ਬਾਦਲ ਪਰਿਵਾਰ ਦੇ ਵਫ਼ਾਦਾਰ ਵਲੰਟੀਅਰਾਂ ਤੋਂ ਵੱਧ ਕੁਝ ਨਹੀਂ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਮੰਦਭਾਗਾ ਹੈ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਆਪਣੇ ਆਕਾਵਾਂ ਦੀਆਂ ਸਾਰੀਆਂ ਗਲਤੀਆਂ ਤੋਂ ਅੱਖਾਂ ਬੰਦ ਕਰ ਲਈਆਂ ਹਨ, ਜਿਸ ਨਾਲ ਸਮੁੱਚੀ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਹਰਸਿਮਰਤ ਬਾਦਲ ਦਾ ਇਹ ਬਿਆਨ ਮਾਘੀ ਮੌਕੇ ਆਇਆ ਹੈ, ਪਰ ਇਸ ਪੂਰੇ ਮਾਮਲੇ ‘ਤੇ ਧਾਮੀ ਦੀ ਚੁੱਪ ਨੇ ਇਸ ਗੱਲ ਦੀ ਪੁਸ਼ਟੀ ਕਰ ਦਿੱਤੀ ਹੈ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਬਾਦਲ ਦੇ ਹੱਥਾਂ ਦੀ ਕਠਪੁਤਲੀ ਤੋਂ ਵੱਧ ਕੁਝ ਨਹੀਂ ਹੈ। ਉਨ੍ਹਾਂ ਕਿਹਾ ਕਿ ਕਿੰਨੀ ਮਾੜੀ ਗੱਲ ਹੈ ਕਿ ਬਾਦਲ ਪਰਿਵਾਰ ਦੀਆਂ ਕਾਰਵਾਈਆਂ ਸਿੱਖ ਮਰਿਆਦਾ ਦੇ ਉਲਟ ਹੋਣ ਦੇ ਬਾਵਜੂਦ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਇਨ੍ਹਾਂ ਵਿਚ ਕੁਝ ਵੀ ਗਲਤ ਨਜ਼ਰ ਨਹੀਂ ਆਉਂਦਾ।

ਭਗਵੰਤ ਮਾਨ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਸਿੱਖ ਸੰਗਤ ਉਨ੍ਹਾਂ ਨੂੰ ਆਪਣੇ ਆਕਾਵਾਂ ਨੂੰ ਖੁਸ਼ ਕਰਨ ਦੀ ਨੀਤੀ ਨੂੰ ਮੁਆਫ ਨਹੀਂ ਕਰੇਗੀ ਅਤੇ ਉਨ੍ਹਾਂ ਨੂੰ ਢੁੱਕਵਾਂ ਸਬਕ ਸਿਖਾਏਗੀ। ਮੁੱਖ ਮੰਤਰੀ ਨੇ ਧਾਮੀ ਨੂੰ ਮੀਡੀਆ ਸਾਹਮਣੇ ਆ ਕੇ ਆਪਣੇ ਆਕਾਵਾਂ ਅਤੇ ਅਕਾਲੀ ਦਲ ਦੀਆਂ ਕਾਰਵਾਈਆਂ ਦਾ ਬਚਾਅ ਕਰਨ ਦੀ ਚੁਣੌਤੀ ਦਿੱਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਪਹਿਲਾਂ ਵੀ ਮੁੱਖ ਮੰਤਰੀ ‘ਤੇ ਸਿੱਖਾਂ ਦੇ ਧਾਰਮਿਕ ਮਾਮਲਿਆਂ ‘ਚ ਦਖਲ ਦੇਣ ਦੇ ਦੋਸ਼ ਲਾਉਂਦੀ ਰਹੀ ਹੈ ਪਰ ਲੋਕ ਭਲੀ-ਭਾਂਤ ਜਾਣਦੇ ਹਨ ਕਿ ਸ਼੍ਰੋਮਣੀ ਕਮੇਟੀ ਅਤੇ ਇਸ ਦੇ ਪ੍ਰਧਾਨ ਅਕਾਲੀ ਦਲ ਦੇ ਹੱਥਾਂ ਦੀ ਕਠਪੁਤਲੀ ਬਣ ਕੇ ਕੰਮ ਕਰ ਰਹੇ ਹਨ।

error: Content is protected !!