ਦੋ ਦਿਨਾਂ ਤਕ ਛਾਈ ਰਹੇਗੀ ਸੰਘਣੀ ਧੁੰਦ, ਮੌਸਮ ਵਿਭਾਗ ਨੇ ਜਾਰੀ ਕੀਤਾ ਰੈਡ ਅਲਰਟ, ਹੱਡ ਠਾਰੇਗੀ ਸੀਤ ਲਹਿਰ, ਜਾਣੋ ਜਲੰਧਰ ਸਮੇਤ ਹੋਰਨਾਂ ਜ਼ਿਲ੍ਹਿਆਂ ਵਿਚ ਕਿੰਨਾ ਰਹੇਗਾ ਤਾਪਮਾਨ

ਦੋ ਦਿਨਾਂ ਤਕ ਛਾਈ ਰਹੇਗੀ ਸੰਘਣੀ ਧੁੰਦ, ਮੌਸਮ ਵਿਭਾਗ ਨੇ ਜਾਰੀ ਕੀਤਾ ਰੈਡ ਅਲਰਟ, ਹੱਡ ਠਾਰੇਗੀ ਸੀਤ ਲਹਿਰ, ਜਾਣੋ ਜਲੰਧਰ ਸਮੇਤ ਹੋਰਨਾਂ ਜ਼ਿਲ੍ਹਿਆਂ ਵਿਚ ਕਿੰਨਾ ਰਹੇਗਾ ਤਾਪਮਾਨ


ਵੀਓਪੀ ਬਿਊਰੋ, ਚੰਡੀਗੜ੍ਹ- ਪੰਜਾਬ ਤੇ ਹਰਿਆਣਾ ਵਿੱਚ ਅੱਜ ਸੰਘਣੀ ਧੁੰਦ ਛਾਈ ਹੋਈ ਹੈ। ਇਸ ਕਾਰਨ ਕਈ ਥਾਵਾਂ ‘ਤੇ ਵਿਜ਼ੀਬਿਲਟੀ ਜ਼ੀਰੋ ਤੱਕ ਪਹੁੰਚ ਗਈ। ਮੌਸਮ ਵਿਭਾਗ ਨੇ ਅੱਜ ਦੋਵਾਂ ਰਾਜਾਂ ਵਿੱਚ ਧੁੰਦ ਦੇ ਨਾਲ ਸੀਤ ਲਹਿਰ ਦਾ ਰੈੱਡ ਅਲਰਟ ਜਾਰੀ ਕੀਤਾ ਹੈ। ਬੇਸ਼ੱਕ ਮੰਗਲਵਾਰ ਨੂੰ ਕੁਝ ਇਲਾਕਿਆਂ ‘ਚ ਧੁੱਪ ਨਿਕਲਣ ਕਾਰਨ ਲੋਕਾਂ ਨੇ ਸੁੱਖ ਦਾ ਸਾਹ ਲਿਆ ਸੀ ਪਰ ਅੱਜ ਫਿਰ ਸੰਘਣੀ ਧੁੰਦ ਛਾ ਗਈ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ‘ਚ ਸੀਤ ਲਹਿਰ ਤੋਂ ਫਿਲਹਾਲ ਰਾਹਤ ਮਿਲਣ ਦੀ ਕੋਈ ਸੰਭਾਵਨਾ ਨਹੀਂ।


ਮੌਸਮ ਵਿਭਾਗ ਮੁਤਾਬਕ ਪੰਜਾਬ ਦੇ 5 ਜ਼ਿਲ੍ਹਿਆਂ ਵਿੱਚ ਮੌਸਮ ਖ਼ਰਾਬ ਰਹੇਗਾ। ਗੁਰਦਾਸਪੁਰ, ਤਰਨਤਾਰਨ, ਫ਼ਿਰੋਜ਼ਪੁਰ, ਲੁਧਿਆਣਾ ਤੇ ਪਟਿਆਲਾ ਵਿੱਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਬਾਕੀ ਜ਼ਿਲ੍ਹਿਆਂ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਮੰਗਲਵਾਰ ਨੂੰ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਧੁੱਪ ਨਿਕਲੀ ਸੀ ਪਰ ਇਸ ਕਾਰਨ ਤਾਪਮਾਨ ‘ਚ ਜ਼ਿਆਦਾ ਫਰਕ ਨਹੀਂ ਦੇਖਿਆ ਗਿਆ। ਅੱਜ ਫਿਰ ਸੀਤ ਲਹਿਰ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।
ਮੌਸਮ ਵਿਭਾਗ ਮੁਤਾਬਕ ਪੰਜਾਬ ‘ਚ ਅਗਲੇ 4 ਦਿਨਾਂ ਤੱਕ ਮੌਸਮ ਖੁਸ਼ਕ ਰਹੇਗਾ। ਪੰਜਾਬ, ਹਰਿਆਣਾ ਤੇ ਚੰਡੀਗੜ੍ਹ ‘ਚ ਅਗਲੇ ਦੋ ਦਿਨਾਂ ਦੌਰਾਨ ਘੱਟੋ-ਘੱਟ ਤਾਪਮਾਨ ‘ਚ ਜ਼ਿਆਦਾ ਬਦਲਾਅ ਨਹੀਂ ਹੋਵੇਗਾ। 25 ਜਨਵਰੀ ਤੋਂ ਘੱਟੋ-ਘੱਟ ਤਾਪਮਾਨ ਵਿੱਚ 2 ਡਿਗਰੀ ਦਾ ਵਾਧਾ ਹੋ ਸਕਦਾ ਹੈ। ਇਸ ਦੌਰਾਨ ਸੰਘਣੀ ਧੁੰਦ ਵੀ ਪੈਣ ਦੀ ਸੰਭਾਵਨਾ ਰਹੇਗੀ।


ਅੱਜ ਚੰਡੀਗੜ੍ਹ ਵਿੱਚ ਸੰਘਣੀ ਧੁੰਦ ਪਈ। ਅੱਜ ਠੰਢੇ ਦਿਨ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਦਿਨ ਦੇ ਤਾਪਮਾਨ ‘ਚ ਕਰੀਬ 2 ਡਿਗਰੀ ਤੱਕ ਸੁਧਾਰ ਹੋਣ ਦੀ ਉਮੀਦ ਹੈ। ਤਾਪਮਾਨ 6 ਤੋਂ 14 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਇਸੇ ਤਰ੍ਹਾਂ ਅੰਮ੍ਰਿਤਸਰ ਵਿੱਚ ਅੱਜ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। ਦਿਨ ਭਰ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਤਾਪਮਾਨ 5 ਤੋਂ 12 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
ਜਲੰਧਰ ਦੇ ਤਾਪਮਾਨ ‘ਚ ਜ਼ਿਆਦਾ ਬਦਲਾਅ ਨਹੀਂ ਦੇਖਣ ਨੂੰ ਮਿਲੇਗਾ। ਸੂਰਜ ਨਿਕਲਣ ਦੀ ਸੰਭਾਵਨਾ ਘੱਟ ਹੈ ਤੇ ਦਿਨ ਕਾਫ਼ੀ ਠੰਢਾ ਰਹੇਗਾ। ਤਾਪਮਾਨ 6 ਤੋਂ 12 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਲੁਧਿਆਣਾ ਵਿੱਚ ਅੱਜ ਧੁੰਦ ਨੂੰ ਲੈ ਕੇ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਭਾਰੀ ਧੁੰਦ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਤਾਪਮਾਨ 6 ਤੋਂ 14 ਡਿਗਰੀ ਦੇ ਵਿਚਕਾਰ ਰਹੇਗਾ।

error: Content is protected !!