16 ਫਰਵਰੀ ਨੂੰ ਸਫਰ ਕਰਨ ਤੋਂ ਪਹਿਲਾਂ ਪੜ੍ਹ ਲਓ ਖਬਰ, ਸਰਕਾਰੀ ਬੱਸਾਂ ਦਾ ਚੱਕਾ ਜਾਮ ਹੋਣ ਕਾਰਨ ਨਾ ਫਸ ਜਾਇਓ ਰਾਹ ‘ਚ



ਵੀਓਪੀ ਬਿਊਰੋ – 16 ਫਰਵਰੀ ਨੂੰ ਪੰਜਾਬ ਭਰ ਵਿੱਚ ਟ੍ਰੈਫਿਕ ਜਾਮ ਰਹੇਗਾ। ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਨੇ ਕੇਂਦਰ ਸਰਕਾਰ ਖ਼ਿਲਾਫ਼ ਭਾਰਤ ਬੰਦ ਦੇ ਸੱਦੇ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ।
ਯੂਨੀਅਨ ਦੇ ਪ੍ਰਧਾਨ ਹਰਕੇਸ਼ ਵਿੱਕੀ ਨੇ ਦੱਸਿਆ ਕਿ ਪਹਿਲਾਂ ਜਥੇਬੰਦੀ ਨੇ 13 ਫਰਵਰੀ ਤੋਂ ਤਿੰਨ ਦਿਨਾਂ ਲਈ ਹੜਤਾਲ ’ਤੇ ਜਾਣ ਦਾ ਫੈਸਲਾ ਕੀਤਾ ਸੀ ਪਰ ਸ਼ੁੱਕਰਵਾਰ ਨੂੰ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ, ਸਕੱਤਰ ਟਰਾਂਸਪੋਰਟ ਤੇ ਹੋਰ ਅਧਿਕਾਰੀਆਂ ਨਾਲ ਜਥੇਬੰਦੀ ਦੀ ਪੈਨਲ ਮੀਟਿੰਗ ਹੋਈ।
ਇਸ ਵਿੱਚ ਸਰਕਾਰ ਨੇ ਸਮੂਹ ਮੰਗਾਂ ਨੂੰ ਜਲਦੀ ਪੂਰਾ ਕਰਨ ਦਾ ਭਰੋਸਾ ਦਿੱਤਾ ਹੈ। ਇਸ ਤੋਂ ਬਾਅਦ ਜਥੇਬੰਦੀ ਨੇ 13 ਫਰਵਰੀ ਤੋਂ ਹੜਤਾਲ ਵਾਪਸ ਲੈ ਲਈ ਹੈ। ਹੁਣ ਆਮ ਦਿਨਾਂ ਵਾਂਗ ਇਹ ਤਿੰਨ ਦਿਨ ਬੱਸਾਂ ਚੱਲਣਗੀਆਂ।
ਉਨ੍ਹਾਂ ਕਿਹਾ ਕਿ ਜੱਥੇਬੰਦੀ ਦੀਆਂ ਮੁੱਖ ਮੰਗਾਂ ਵਿੱਚ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨਾ ਅਤੇ ਤਨਖਾਹਾਂ ਵਿੱਚ ਵਾਧਾ ਕਰਨਾ ਸ਼ਾਮਲ ਹੈ। ਸਰਕਾਰ ਨੇ ਇਸ ਦਾ ਨੋਟਿਸ ਲੈਂਦਿਆਂ ਫੈਸਲਾ ਕੀਤਾ ਹੈ ਕਿ ਡਾਇਰੈਕਟਰ ਸਟੇਟ ਟਰਾਂਸਪੋਰਟ ਦੀ ਅਗਵਾਈ ਹੇਠ ਇੱਕ ਕਮੇਟੀ ਬਣਾਈ ਜਾਵੇਗੀ ਜਿਸ ਵਿੱਚ ਐਮਡੀ ਪੀਆਰਟੀਸੀ ਅਤੇ ਹੋਰ ਸ਼ਾਮਲ ਹੋਣਗੇ। ਇਹ ਕਮੇਟੀ ਸਾਰੇ ਪਹਿਲੂਆਂ ਦੀ ਜਾਂਚ ਕਰੇਗੀ। ਇਸ ਤੋਂ ਬਾਅਦ ਇੱਕ ਮਹੀਨੇ ਦੇ ਅੰਦਰ ਤਨਖ਼ਾਹ ਵਧਾ ਦਿੱਤੀ ਜਾਵੇਗੀ।
ਠੇਕਾ ਮੁਲਾਜ਼ਮਾਂ ਦੀ ਮੰਗ ਸੀ ਕਿ ਨੌਕਰੀ ਤੋਂ ਬਰਖਾਸਤ ਕਰਨ ਦੀਆਂ ਮਾੜੀਆਂ ਸ਼ਰਤਾਂ ਰੱਦ ਕਰਕੇ ਸੇਵਾ ਨਿਯਮ ਬਣਾਏ ਜਾਣ। ਪਨਬੱਸ ਅਤੇ ਪੀਆਰਟੀਸੀ ਦੇ ਬਲੈਕਲਿਸਟ ਕੀਤੇ ਮੁਲਾਜ਼ਮਾਂ ਨੂੰ ਇੱਕ ਹਫ਼ਤੇ ਦੇ ਅੰਦਰ ਅੰਦਰ ਬਹਾਲ ਕੀਤਾ ਜਾਵੇ। ਪਨਬੱਸ ਅਤੇ ਪੀਆਰਟੀਸੀ ਵਿੱਚ ਨਵੀਆਂ ਬੱਸਾਂ ਸ਼ਾਮਲ ਕੀਤੀਆਂ ਜਾਣ। ਇਸ ਤੋਂ ਇਲਾਵਾ ਛੋਟੀਆਂ-ਮੋਟੀਆਂ ਸ਼ਿਕਾਇਤਾਂ ‘ਤੇ ਮੁਲਾਜ਼ਮਾਂ ਨੂੰ ਪ੍ਰੇਸ਼ਾਨ ਕਰਨ ਦੀ ਨੀਤੀ ਨੂੰ ਤਿਆਗਿਆ ਜਾਵੇ।