Amritpal Singh: NSA ਲਾਉਣ ਦੇ ਮਾਮਲੇ ਵਿਚ ਹਾਈ ਕੋਰਟ ਵੱਲੋਂ ਕੇਂਦਰ ਤੇ ਪੰਜਾਬ ਸਰਕਾਰ ਨੂੰ ਨੋਟਿਸ

Amritpal Singh: NSA ਲਾਉਣ ਦੇ ਮਾਮਲੇ ਵਿਚ ਹਾਈ ਕੋਰਟ ਵੱਲੋਂ ਕੇਂਦਰ ਤੇ ਪੰਜਾਬ ਸਰਕਾਰ ਨੂੰ ਨੋਟਿਸ


ਵੀਓਪੀ ਬਿਊਰੋ, ਨੈਸ਼ਨਲ-‘ਵਾਰਿਸ ਪੰਜਾਬ ਦੇ’ ਸੰਗਠਨ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਵੱਲੋਂ ਉਨ੍ਹਾਂ ’ਤੇ ਲਾਏ ਗਏ ਕੌਮੀ ਸੁਰੱਖਿਆ ਕਾਨੂੰਨ (ਐਨਐਸਏ) ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ। ਇਸ ਮਾਮਲੇ ਵਿੱਚ ਅਦਾਲਤ ਨੇ ਕੇਂਦਰ, ਪੰਜਾਬ ਸਰਕਾਰ ਤੇ ਡਿਬਰੂਗੜ੍ਹ ਜੇਲ੍ਹ ਸੁਪਰਡੈਂਟ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਅਗਲੀ ਸੁਣਵਾਈ ‘ਤੇ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ।
ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਗੁਰੀ ਔਜਲਾ, ਗੁਰਮੀਤ ਸਿੰਘ ਬੁੱਕਣਵਾਲਾ, ਕੁਲਵੰਤ ਸਿੰਘ ਤੇ ਬਸੰਤ ਸਿੰਘ ਨੇ ਕੌਮੀ ਸੁਰੱਖਿਆ ਐਕਟ (ਐਨਐਸਏ) ਤਹਿਤ ਉਨ੍ਹਾਂ ਖ਼ਿਲਾਫ਼ ਕੀਤੀ ਗਈ ਕਾਰਵਾਈ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਆਪਣੀ ਪਟੀਸ਼ਨ ‘ਚ ਉਨ੍ਹਾਂ ਨੇ ਆਪਣੇ ‘ਤੇ ਲਗਾਏ ਗਏ NSA ਨੂੰ ਗਲਤ ਤੇ ਗੈਰ-ਕਾਨੂੰਨੀ ਕਰਾਰ ਦਿੱਤਾ ਹੈ।


ਇਸ ਮਾਮਲੇ ਦੀ ਸੁਣਵਾਈ ਤੋਂ ਬਾਅਦ ਅਦਾਲਤ ਨੇ ਕੇਂਦਰ ਤੇ ਪੰਜਾਬ ਸਰਕਾਰ ਤੋਂ ਇਲਾਵਾ ਡਿਬਰੂਗੜ੍ਹ ਜੇਲ੍ਹ ਦੇ ਸੁਪਰਡੈਂਟ ਨੂੰ ਨੋਟਿਸ ਜਾਰੀ ਕੀਤਾ ਹੈ। ਹਾਈ ਕੋਰਟ ਨੇ ਇਸ ਤੋਂ ਪਹਿਲਾਂ ਡਿਬਰੂਗੜ੍ਹ ਜੇਲ੍ਹ ਦੇ ਸੁਪਰਡੈਂਟ ਤੋਂ ਵੀ ਇਸ ਐਕਟ ਬਾਰੇ ਕੁਝ ਜਾਣਕਾਰੀ ਮੰਗੀ ਸੀ ਪਰ ਇਸ ਸਬੰਧੀ ਉਨ੍ਹਾਂ ਵੱਲੋਂ ਕੋਈ ਜਵਾਬ ਦਾਖ਼ਲ ਨਹੀਂ ਕੀਤਾ ਗਿਆ। ਇਸ ਤੋਂ ਬਾਅਦ ਹੁਣ ਇਹ ਹੁਕਮ ਜਾਰੀ ਕੀਤੇ ਗਏ ਹਨ।
ਇਸੇ ਤਰ੍ਹਾਂ ਅੰਮ੍ਰਿਤਪਾਲ ਸਿੰਘ, ਦਲਜੀਤ ਸਿੰਘ ਕਲਸੀ ਤੇ ਉਨ੍ਹਾਂ ਦੇ ਹੋਰ ਸਾਥੀਆਂ ਨੇ ਵੀ ਐਨਐਸਏ ਤਹਿਤ ਆਪਣੀ ਗ੍ਰਿਫ਼ਤਾਰੀ ਰੱਦ ਕਰਵਾਉਣ ਲਈ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਇਸ ਮਾਮਲੇ ਦੀ ਸੁਣਵਾਈ 19 ਫਰਵਰੀ ਨੂੰ ਤੈਅ ਕੀਤੀ ਗਈ ਹੈ। ਇਸ ਮਾਮਲੇ ਵਿੱਚ ਡਿਬਰੂਗੜ੍ਹ ਜੇਲ੍ਹ ਦੇ ਸੁਪਰਡੈਂਟ ਨੂੰ ਵੀ ਭੇਜਿਆ ਗਿਆ ਮਿਲਿਆ ਹੈ। ਉਨ੍ਹਾਂ ਨੂੰ ਇਸ ਮਾਮਲੇ ਵਿੱਚ ਕਿਸੇ ਵੀ ਹਾਲਤ ਵਿੱਚ ਜਵਾਬ ਦਾਖ਼ਲ ਕਰਨ ਲਈ ਕਿਹਾ ਗਿਆ ਹੈ।

error: Content is protected !!