ਕਿਸਾਨਾਂ ਦੇ ਹੱਕ ‘ਚ ਪੰਜਾਬ ਸਰਕਾਰ, ਕਿਹਾ- ਹਰਿਆਣਾ ਪੁਲਿਸ ਦੇ ਜਬਰ ਦਾ ਸ਼ਿਕਾਰ ਹੋਏ ਕਿਸਾਨਾਂ ਦੇ ਇਲਾਜ ਦਾ ਖਰਚ ਅਸੀਂ ਕਰਾਂਗੇ
ਸ਼ੰਭੂ/ਖਨੌਰੀ (ਵੀਓਪੀ ਬਿਊਰੋ) ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਐਲਾਨ ਕੀਤਾ ਕਿ ਹਰਿਆਣਾ ਪੁਲਿਸ ਦੀ ਕਾਰਵਾਈ ‘ਚ ਜ਼ਖਮੀ ਹੋਏ ਕਿਸਾਨਾਂ ਦੇ ਇਲਾਜ ਦਾ ਸਾਰਾ ਖਰਚਾ ਪੰਜਾਬ ਸਰਕਾਰ ਚੁੱਕੇਗੀ। ਇਸ ਤਰ੍ਹਾਂ ਹੁਣ ਪੰਜਾਬ ਸਰਕਾਰ ਵੀ ਕਿਸਾਨਾਂ ਦੇ ਹੱਕ ਵਿੱਚ ਡੱਟ ਕੇ ਆ ਗਈ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਆਪਣੇ ਹੱਕਾਂ ਲਈ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨਾਲ ਡੱਟ ਕੇ ਖੜ੍ਹੀ ਹੈ। ਸਿਹਤ ਮੰਤਰੀ ਬੁੱਧਵਾਰ ਨੂੰ ਹਰਿਆਣਾ ਪੁਲਿਸ ਦੀ ਕਾਰਵਾਈ ਵਿੱਚ ਜ਼ਖਮੀ ਹੋਏ ਕਿਸਾਨਾਂ ਨੂੰ ਮਿਲਣ ਲਈ ਸਰਹੱਦ ਦੇ ਨਾਲ ਲੱਗਦੇ ਵੱਖ-ਵੱਖ ਹਸਪਤਾਲਾਂ ਵਿੱਚ ਪਹੁੰਚੇ। ਇਸ ਦੌਰਾਨ ਉਨ੍ਹਾਂ ਹਸਪਤਾਲਾਂ ਵਿੱਚ ਮਿਲ ਰਹੀਆਂ ਸਹੂਲਤਾਂ ਦਾ ਜਾਇਜ਼ਾ ਲਿਆ ਅਤੇ ਕਿਸਾਨਾਂ ਨਾਲ ਗੱਲਬਾਤ ਵੀ ਕੀਤੀ।
ਸਿਹਤ ਮੰਤਰੀ ਵੱਲੋਂ ਜਿਨ੍ਹਾਂ ਹਸਪਤਾਲਾਂ ਦਾ ਦੌਰਾ ਕੀਤਾ ਗਿਆ, ਉਨ੍ਹਾਂ ਵਿੱਚ ਮੋਹਾਲੀ ਸਥਿਤ ਡਾ.ਬੀ.ਆਰ.ਅੰਬੇਡਕਰ ਸਟੇਟ ਇੰਸਟੀਚਿਊਟ ਫਾਰ ਮੈਡੀਕਲ ਸਾਇੰਸਜ਼ (ਏ.ਆਈ.ਐਮ.ਐਸ.), ਸੀ.ਐਚ.ਸੀ ਬਨੂੜ, ਸਿਵਲ ਹਸਪਤਾਲ ਰਾਜਪੁਰਾ ਅਤੇ ਰਾਜਿੰਦਰਾ ਹਸਪਤਾਲ ਪਟਿਆਲਾ ਸ਼ਾਮਲ ਹਨ।
ਸਿਹਤ ਮੰਤਰੀ ਨੇ ਕਿਹਾ ਕਿ ਪ੍ਰਦਰਸ਼ਨਕਾਰੀ ਕਿਸਾਨਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਹਰਿਆਣਾ ਸਰਹੱਦ ਨਾਲ ਲੱਗਦੇ ਸਾਰੇ ਹਸਪਤਾਲਾਂ ਨੂੰ ਹਾਈ ਅਲਰਟ ‘ਤੇ ਰੱਖਿਆ ਗਿਆ ਹੈ ਅਤੇ ਐਮਰਜੈਂਸੀ ਸੇਵਾਵਾਂ 24 ਘੰਟੇ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਸਰਕਾਰੀ ਸਿਹਤ ਸਹੂਲਤਾਂ ਵਿੱਚ ਡਾਕਟਰਾਂ ਦੀ ਕੋਈ ਕਮੀ ਨਹੀਂ ਹੈ ਅਤੇ ਡਾਕਟਰਾਂ ਨੂੰ ਹਸਪਤਾਲਾਂ ਵਿੱਚ ਹੀ ਹਾਜ਼ਰ ਰਹਿਣ ਦੀ ਹਦਾਇਤ ਕੀਤੀ ਗਈ ਹੈ। ਸਰਹੱਦ ‘ਤੇ ਐਂਬੂਲੈਂਸਾਂ ਦੀ ਤਾਇਨਾਤੀ ਵਧਾ ਦਿੱਤੀ ਗਈ ਹੈ। ਉਨ੍ਹਾਂ ਸਥਾਨਕ ਸਿਹਤ ਅਧਿਕਾਰੀਆਂ ਨੂੰ ਕਿਹਾ ਕਿ ਉਹ ਕਿਸੇ ਵੀ ਐਮਰਜੈਂਸੀ ਨਾਲ ਨਜਿੱਠਣ ਲਈ 14 ਐਂਬੂਲੈਂਸਾਂ ਨੂੰ ਲੋੜੀਂਦੇ ਸਟਾਫ਼ ਅਤੇ ਦਵਾਈਆਂ ਨਾਲ ਤਿਆਰ ਰੱਖਣ।