ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮੁੱਖ ਮੰਤਰੀ ਮਾਨ ਨੇ ਕਰ ਦਿੱਤੇ ਵੱਡੇ ਐਲਾਨ, ‘ਗੁਰੂ ਰਵਿਦਾਸ ਮੈਮੋਰੀਅਲ’ ਦਾ ਉਦਘਾਟਨ

ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮੁੱਖ ਮੰਤਰੀ ਮਾਨ ਨੇ ਕਰ ਦਿੱਤੇ ਵੱਡੇ ਐਲਾਨ, ‘ਗੁਰੂ ਰਵਿਦਾਸ ਮੈਮੋਰੀਅਲ’ ਦਾ ਉਦਘਾਟਨ

ਸ੍ਰੀ ਖੁਰਾਲਗੜ੍ਹ ਸਾਹਿਬ (ਵੀਓਪੀ ਬਿਊਰੋ) ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਿਸ਼ਵ ਭਰ ਵਿੱਚ ਰੌਣਕਾਂ ਹਨ। ਗੜ੍ਹਸ਼ੰਕਰ ਦੇ ਧਾਰਮਿਕ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਸ਼ਨੀਵਾਰ ਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 647ਵੇਂ ਪ੍ਰਕਾਸ਼ ਪੁਰਬ ਸਬੰਧੀ ਸੂਬਾ ਪੱਧਰੀ ਸਮਾਗਮ ਕਰਵਾਇਆ ਗਿਆ। ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ।

ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਸਬੰਧ ਵਿੱਚ ਟਵੀਟ ਕਰਦੇ ਹੋਏ ਲਿਖਿਆ ਕਿ ਅੱਜ ਸ੍ਰੀ ਗੁਰੂ ਰਵਿਦਾਸ ਜੀ ਦੇ ਆਗਮਨ ਪੁਰਬ ਮੌਕੇ ਤਪ ਅਸਥਾਨ, ਪਿੰਡ ਖੁਰਾਲਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ… ਗੁਰੂ ਸਾਹਿਬ ਜੀ ਦਾ ਆਸ਼ੀਰਵਾਦ ਲਿਆ… ਪੰਜਾਬ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਅਰਦਾਸ ਕੀਤੀ…

ਇਸ ਪਵਿੱਤਰ ਦਿਹਾੜੇ ਮੌਕੇ ‘ਗੁਰੂ ਰਵਿਦਾਸ ਮੈਮੋਰੀਅਲ’ ਦਾ ਰਸਮੀ ਤੌਰ ‘ਤੇ ਉਦਘਾਟਨ ਕਰਕੇ ਸੰਗਤਾਂ ਨੂੰ ਸਮਰਪਿਤ ਕੀਤਾ…।

ਇਸ ਦੌਰਾਨ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਯਾਦਗਾਰ, ਮੀਨਾਰ-ਏ-ਬੇਗਮਪੁਰਾ ਨੂੰ ਲੋਕ ਅਰਪਣ ਕੀਤਾ ਗਿਆ। ਇਸ ਤੋਂ ਇਲਾਵਾ ਵੀ ਸਮਾਗਮ ਵਿੱਚ ਸੀਐਮ ਭਗਵੰਤ ਮਾਨ ਨੇ ਕਈ ਐਲਾਨ ਕੀਤੇ।

ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਵੱਡੇ ਪੱਧਰ ‘ਤੇ ਮਨਾਇਆ ਜਾਵੇਗਾ। ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਯਾਤਰੀ ਨਿਵਾਸ ਲਈ ਪੁਲ ਦਾ ਕੰਮ ਜਲਦੀ ਸ਼ੁਰੂ ਹੋ ਜਾਵੇਗਾ।

ਸ੍ਰੀ ਖੁਰਾਲਗੜ੍ਹ ਸਾਹਿਬ ਗੁਰੂ ਘਰ ਦੇ ਸਾਹਮਣੇ ਵਗਦੇ ਪਾਣੀ ਨੂੰ ਦੋਵੇਂ ਪਾਸੇ ਦੀਵਾਰਾਂ ਲਗਾ ਕੇ ਰੋਕਿਆ ਜਾਵੇਗਾ ਤਾਂ ਜੋ ਗੁਰੂ ਘਰ ਦੀ ਜਗ੍ਹਾ ਖੁੱਲ੍ਹੀ ਹੋ ਸਕੇ। ਪ੍ਰਬੰਧਕਾਂ ਨੇ ਗੁਰੂ ਘਰ ਲਈ 50 ਏਕੜ ਜ਼ਮੀਨ ਦੇਣ ਦੀ ਮੰਗ ਕੀਤੀ ਸੀ, ਜਿਸ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਲੰਮੀ ਪ੍ਰਕਿਰਿਆ ਹੈ। ਇਹ ਸਮਾਂ ਲਵੇਗਾ ਪਰ ਜ਼ਮੀਨ ਪੰਜਾਬ ਸਰਕਾਰ ਐਕੁਆਇਰ ਕਰੇਗੀ।

ਗੁਰੂ ਘਰ ਦੀ ਮੁੱਖ ਸੜਕ ਦਾ ਪੁਲ ਜੋ ਮੀਂਹ ਕਾਰਨ ਨੁਕਸਾਨਿਆ ਗਿਆ ਹੈ, ਨੂੰ ਪਹਿਲ ਦੇ ਆਧਾਰ ’ਤੇ ਬਣਾਇਆ ਜਾਵੇਗਾ। ਪੀਣ ਵਾਲੇ ਪਾਣੀ ਦੇ ਟਿਊਬਵੈੱਲ ਦਾ ਬਿਜਲੀ ਕੁਨੈਕਸ਼ਨ 24 ਘੰਟੇ ਦੇ ਅੰਦਰ-ਅੰਦਰ ਦਿੱਤਾ ਜਾਵੇਗਾ।

error: Content is protected !!