‘ਸੌਦਾ ਸਾਧ ਤੇ ਹਨੀਪ੍ਰੀਤ ਦੇ ਇਸ਼ਾਰੇ ਉਤੇ ਕੀਤੀ ਗਈ ਸੀ ਬੇਅਬਦੀ’, ਬਰਗਾੜੀ ਬੇਅਦਬੀ ਮਾਮਲੇ ਵਿਚ ਮੁਲਜ਼ਮ ਪ੍ਰਦੀਪ ਕਲੇਰ ਨੇ ਦਰਜ ਕਰਵਾਇਆ ਬਿਆਨ

ਵੀਓਪੀ ਬਿਊਰੋ, ਚੰਡੀਗੜ੍ਹ- ਬੇਅਦਬੀ ਮਾਮਲਿਆਂ ਦੇ ਮੁੱਖ ਮੁਲਜ਼ਮ ਪਰਦੀਪ ਕਲੇਰ ਨੇ ਸੌਦਾ ਸਾਧ ਦੀ ਮੂੰਹ ਬੋਲੀ ਧੀ ਹਨੀਪ੍ਰੀਤ ਨੂੰ ਫਰੀਦਕੋਟ ਜ਼ਿਲ੍ਹੇ ਵਿਚ 2015 ਨੂੰ ਵਾਪਰੇ ਬਰਗਾੜੀ ਬੇਅਦਬੀ ਕਾਂਡ ਦੇ ਮੁੱਖ ਸਾਜ਼ਿਸ਼ਕਰਤਾਵਾਂ ਵਿਚੋਂ ਇਕ ਵਜੋਂ ਨਾਮਜ਼ਦ ਕੀਤਾ ਹੈ। SIT ਨੇ ਭਗੌੜੇ ਡੇਰਾ ਪ੍ਰੇਮੀ ਪ੍ਰਦੀਪ ਕਲੇਰ ਨੂੰ ਗ੍ਰਿਫ.ਤਾਰ ਕੀਤਾ ਸੀ। ਉਸ ਵੱਲੋਂ ਦਰਜ ਕਰਵਾਏ ਬਿਆਨਾਂ ਤੋਂ ਬਾਅਦ ਇਸ ਮਾਮਲੇ ਵਿੱਚ ਨਾਮਜ਼ਦ ਡੇਰੇ ਨਾਲ ਹਨੀਪ੍ਰੀਤ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਪ੍ਰਦੀਪ ਕਲੇਰ ਨੇ 26 ਫਰਵਰੀ ਨੂੰ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ 164 ਬਿਆਨ ਦਿੱਤੇ ਸਨ। ਜਿਸ ‘ਚ ਕਿਹਾ ਗਿਆ ਸੀ ਕਿ ਬੇਅਦਬੀ ਦੀ ਘਟਨਾ ਨੂੰ ਕਥਿਤ ਤੌਰ ‘ਤੇ ਡੇਰਾ ਮੁਖੀ ਅਤੇ ਹਨੀਪ੍ਰੀਤ ਦੇ ਇਸ਼ਾਰੇ ‘ਤੇ ਅੰਜਾਮ ਦਿੱਤਾ ਗਿਆ ਸੀ। ਫਿਲਹਾਲ ਇਸ ਮਾਮਲੇ ਦੀ ਸੁਣਵਾਈ ਚੰਡੀਗੜ੍ਹ ਦੀ ਅਦਾਲਤ ਵਿੱਚ ਚੱਲ ਰਹੀ ਹੈ। ਹਾਲਾਂਕਿ ਹਾਲ ਹੀ ‘ਚ ਹਾਈ ਕੋਰਟ ਨੇ ਬਾਬੇ ਦੇ ਕੇਸ ਦੀ ਪ੍ਰਸੀਡਿੰਗ ‘ਤੇ ਰੋਕ ਲਗਾ ਦਿੱਤੀ ਸੀ। ਵਰਨਣਯੋਗ ਹੈ ਕਿ 12 ਅਕਤੂਬਰ 2015 ਨੂੰ ਬਰਗਾੜੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋਈ ਸੀ ਅਤੇ ਇਸ ਮਾਮਲੇ ਵਿੱਚ 7 ਜੁਲਾਈ 2020 ਨੂੰ ਐਸਆਈਟੀ ਨੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਮੁੱਖ ਸਾਜ਼ਿਸ਼ਕਰਤਾ ਵਜੋਂ ਨਾਮਜ਼ਦ ਕੀਤਾ ਸੀ।





