ਸ਼੍ਰੋਮਣੀ ਅਕਾਲੀ ਦਲ ‘ਚ ਉੱਠੇ ਬਗਾਵਤ ਦੇ ਸੁਰ, ਸੁਖਬੀਰ ਬਾਦਲ ਨੂੰ ਪ੍ਰਧਾਨਗੀ ਤੋਂ ਹਟਾਉਂਣ ਦੀ ਮੰਗ, ਜਾਣੋਂ ਕੌਣ ਨੇ ਬਾਗੀ ?

ਵਿਧਾਨ ਸਭਾ ਚੋਣਾਂ ਮਗਰੋਂ ਲੋਕ ਸਭਾ ਚੋਣਾਂ ਵਿੱਚ ਮਾੜੇ ਪ੍ਰਦਰਸ਼ਨ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਵਿੱਚ ਬਗਾਵਤ ਹੋ ਗਈ ਹੈ। ਪਾਰਟੀ ਦੇ ਸੀਨੀਅਰ ਆਗੂਆਂ ਨੇ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਉਨ੍ਹਾਂ ਦੀ ਮੰਗ ਹੈ ਕਿ ਸੁਖਬੀਰ ਬਾਦਲ ਨੂੰ ਆਪਣਾ ਅਹੁਦਾ ਛੱਡ ਦੇਣਾ ਚਾਹੀਦਾ ਹੈ ਅਤੇ ਜ਼ਿੰਮੇਵਾਰੀ ਕਿਸੇ ਹੋਰ ਆਗੂ ਨੂੰ ਸੌਂਪਣੀ ਚਾਹੀਦੀ ਹੈ।ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ, ਸਿਕੰਦਰ ਸਿੰਘ ਮਲੂਕਾ, ਬੀਬੀ ਜਗੀਰ ਕੌਰ, ਪਰਮਿੰਦਰ ਸਿੰਘ ਢੀਂਡਸਾ ਅਤੇ ਸਰਵਣ ਸਿੰਘ ਫਿਲੌਰ ਨੇ ਜਲੰਧਰ ਵਿੱਚ ਸ਼੍ਰੋਮਣੀ ਅਕਾਲੀ ਦਲ ਬਚਾਓ ਮੋਰਚਾ ਕੱਢਿਆ।

ਇਨ੍ਹਾਂ ਆਗੂਆਂ ਨੇ ਅਸਿੱਧੇ ਤੌਰ ‘ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਰੁੱਧ ਬਗਾਵਤ ਦਾ ਝੰਡਾ ਬੁਲੰਦ ਕੀਤਾ ਹੈ। ਇਸ ਤੋਂ ਪਹਿਲਾਂ ਪਾਰਟੀ ਦੇ ਭਵਿੱਖ ਬਾਰੇ ਵਿਚਾਰ ਕਰਨ ਲਈ ਆਗੂਆਂ ਦੀ ਪੰਜ ਘੰਟੇ ਮੀਟਿੰਗ ਹੋਈ। ਦੱਸਿਆ ਜਾ ਰਿਹਾ ਹੈ ਕਿ ਜ਼ਿਆਦਾਤਰ ਆਗੂ ਚਾਹੁੰਦੇ ਹਨ ਕਿ ਸੁਖਬੀਰ ਸਿੰਘ ਬਾਦਲ ਤੁਰੰਤ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦੇਣ।ਚੰਦੂਮਾਜਰਾ ਨੇ ਕਿਹਾ ਕਿ ਪਾਰਟੀ ਦੀ ਕਮਾਨ ਮਜ਼ਬੂਤ ​​ਸਿਆਸੀ ਤੇ ਧਾਰਮਿਕ ਸੂਝ ਵਾਲੇ ਵਿਅਕਤੀ ਨੂੰ ਦਿੱਤੀ ਜਾਣੀ ਚਾਹੀਦੀ ਹੈ। ਦੱਸ ਦੇਈਏ ਕਿ ਇਹ ਸਾਰੇ ਆਗੂ ਸੁਖਬੀਰ ਬਾਦਲ ਵੱਲੋਂ ਚੰਡੀਗੜ੍ਹ ਵਿੱਚ ਸੱਦੀ ਗਈ ਨਗਰ ਨਿਗਮ ਇੰਚਾਰਜਾਂ ਦੀ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਏ। ਦੂਜੇ ਪਾਸੇ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਆਗੂਆਂ ਦੀ ਜਲੰਧਰ ਵਿੱਚ ਹੋਈ ਮੀਟਿੰਗ ਨੂੰ ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰਾਰ ਦਿੱਤਾ ਹੈ। ਬਾਦਲ ਨੇ ਕਿਹਾ, ਅਸੀਂ ਇਸ ਕੋਸ਼ਿਸ਼ ਦਾ ਡਟ ਕੇ ਮੁਕਾਬਲਾ ਕਰਾਂਗੇ।

ਦੱਸ ਦਈਏ ਕਿ ਲੋਕ ਸਭਾ ਚੋਣਾਂ ‘ਚ ਅਕਾਲੀ ਦਲ ਨੇ ਪੰਜਾਬ ਦੀਆਂ ਸਾਰੀਆਂ 13 ਸੀਟਾਂ ‘ਤੇ ਉਮੀਦਵਾਰ ਖੜ੍ਹੇ ਕੀਤੇ ਸਨ। ਪਰ ਸਿਰਫ਼ ਇੱਕ ਸੀਟ ਬਠਿੰਡਾ ਹੀ ਜਿੱਤਣ ਵਿਚ ਕਾਮਯਾਬ ਹੋਈ। ਇਹ ਸੀਟ ਵੀ ਸੁਖਬੀਰ ਬਾਦਲ ਦੀ ਪਤਨੀ ਹਰਸਿਮਰਤ ਨੇ ਹੀ ਜਿੱਤੀ ਹੈ। ਪਾਰਟੀ ਦੇ 10 ਉਮੀਦਵਾਰਾਂ ਦੀ ਜ਼ਮਾਨਤ ਜ਼ਬਤ ਹੋ ਗਈ। ਪਾਰਟੀ ਨੂੰ 2019 ਦੀਆਂ ਲੋਕ ਸਭਾ ਚੋਣਾਂ ਵਿੱਚ 27.45% ਵੋਟਾਂ ਮਿਲੀਆਂ ਸਨ, ਪਰ ਇਸ ਚੋਣ ਵਿੱਚ ਉਸ ਨੂੰ ਸਿਰਫ਼ 13.42% ਵੋਟਾਂ ਮਿਲੀਆਂ। ਇਸ ਦੇ ਨਾਲ ਹੀ ਭਾਜਪਾ ਨੂੰ 18.52% ਵੋਟ ਸ਼ੇਅਰ ਮਿਲੇ, ਜੋ ਕਿ 2019 ਵਿੱਚ 9.63% ਸੀ।

ਲੋਕ ਸਭਾ ਚੋਣ ਨਤੀਜਿਆਂ ਤੋਂ ਬਾਅਦ ਅਕਾਲੀ ਦਲ ਨੂੰ ਅੰਮ੍ਰਿਤਪਾਲ ਦੇ ਮੁੱਦੇ ‘ਤੇ ਨਾ ਸਿਰਫ ਆਲੋਚਨਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਸਗੋਂ ਪਾਰਟੀ ਅੰਦਰ ਸੁਧਾਰ ਦੀ ਮੰਗ ਵੀ ਉਠਾਈ ਜਾ ਰਹੀ ਹੈ। ਢੀਂਡਸਾ, ਬੀਬੀ ਜਗੀਰ ਕੌਰ ਅਤੇ ਮਨਪ੍ਰੀਤ ਸਿੰਘ ਇਆਲੀ ਸਮੇਤ ਕਈ ਸੀਨੀਅਰ ਆਗੂਆਂ ਨੇ ਅਕਾਲੀ ਦਲ ਦੀ ਲਗਾਤਾਰ ਮਾੜੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਕੀਤੇ ਹਨ। ਆਗੂਆਂ ਨੇ ਕਿਹਾ ਕਿ ਸਾਨੂੰ ਬੈਠ ਕੇ ਗੰਭੀਰਤਾ ਨਾਲ ਸੋਚਣ ਦੀ ਲੋੜ ਹੈ ਕਿ ਪਾਰਟੀ ਦੀ ਹੋਂਦ ਨੂੰ ਕਾਇਮ ਰੱਖਣ ਲਈ ਕੀ ਕਰਨਾ ਚਾਹੀਦਾ ਹੈ। ਇਆਲੀ ਨੇ ਪਾਰਟੀ ਨੂੰ ਮੁੜ ਲੀਹ ‘ਤੇ ਲਿਆਉਣ ਲਈ ਝੂੰਦਾਂ ਕਮੇਟੀ ਦੀ ਰਿਪੋਰਟ ਲਾਗੂ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਇਹ ਮੰਦਭਾਗਾ ਹੈ ਕਿ ਪੰਜਾਬ ਦੇ ਲੋਕਾਂ ਦਾ ਸ਼ਹੀਦਾਂ ਦੀ ਪਾਰਟੀ ਤੋਂ ਵਿਸ਼ਵਾਸ ਉੱਠ ਗਿਆ ਹੈ।

error: Content is protected !!