ਪਾਰਲੀਮੈਂਟ ‘ਚ ਭਾਜਪਾ ਨੂੰ ਹਰਸਿਮਰਤ ਕੌਰ ਬਾਦਲ ਦੀ ਦੋ-ਟੁੱਕ, ਕਿਹਾ- ਪਾਕਿਸਤਾਨ ਨਾਲ ਸਾਡਾ ਬਾਰਡਰ ਖੋਲ੍ਹ ਦਿਓ ਤੇ ਚੰਡੀਗੜ੍ਹ ਸਾਨੂੰ ਦੇ ਦਿਓ ਬਸ
ਦਿੱਲੀ (ਵੀਓਪੀ ਬਿਊਰੋ) ਬਠਿੰਡਾ ਤੋਂ ਐੱਮਪੀ ਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਆਪਸੀ ਗੱਲਬਾਤ ਰਾਹੀਂ ਅਤੇ ਐਮ ਐਸ ਪੀ ਕਮੇਟੀ ਵਿਚ ਕਿਸਾਨਾਂ ਨੂੰ ਪ੍ਰਤੀਨਿਧਤਾ ਦੇ ਕੇ ਉਹਨਾਂ ਦੀਆਂ ਸਾਰੀਆਂ ਸ਼ਿਕਾਇਤਾਂ ਹੱਲ ਕਰੇ। ਇਸਦੇ ਨਾਲ ਹੀ ਉਹਨਾਂ ਮੰਗ ਕੀਤੀ ਕਿ ਪਾਕਿਸਤਾਨ ਤੇ ਕੇਂਦਰੀ ਏਸ਼ੀਆ ਨਾਲ ਵਪਾਰ ਕਰਨ ਵਾਸਤੇ ਵਾਹਗਾ ਅਤੇ ਹੁਸੈਨੀਵਾਲਾ ਸਰਹੱਦਾਂ ਖੋਲ੍ਹੀਆਂ ਜਾਣ ਅਤੇ ਪੰਜਾਬ ਨੂੰ ਖਾਸ ਤੌਰ ’ਤੇ ਇਸਦੇ ਸਰਹੱਦੀ ਇਲਾਕਿਆਂ ਵਾਸਤੇ ਸਨਅਤੀ ਪੈਕੇਜ ਦਿੱਤਾ ਜਾਵੇ।
ਬਠਿੰਡਾ ਤੋਂ ਐਮ ਪੀ ਨੇ ਸੰਸਦ ਵਿਚ ਰਾਸ਼ਟਰਪਤੀ ਦੇ ਭਾਸ਼ਣ ’ਤੇ ਬੋਲਦਿਆਂ, ਚੰਡੀਗੜ੍ਹ ਤੁਰੰਤ ਪੰਜਾਬ ਨੂੰ ਦੇਣ ਦੀ ਵੀ ਮੰਗ ਕੀਤੀ ਅਤੇ ਕਿਹਾ ਕਿ ਪੰਜਾਬ ਇਕੱਲਾ ਰਾਜ ਹੈ, ਜਿਸ ਕੋਲ ਆਪਣਾ ਰਾਜਧਾਨੀ ਸ਼ਹਿਰ ਨਹੀਂ ਹੈ।
ਉਹਨਾਂ ਕਿਹਾ ਕਿ ਪੰਜਾਬ ਦੇ ਚੰਡੀਗੜ੍ਹ ’ਤੇ ਅਧਿਕਾਰ ਨੂੰ ਖੋਰਾ ਲਗਾਉਣ ਲਈ ਪੰਜਾਬ ਤੇ ਹਰਿਆਣਾ ਤੋਂ ਅਫਸਰਾਂ ਦੀ ਕੇਂਦਰ ਸ਼ਾਸਤ ਪ੍ਰਦੇਸ਼ ਵਿਚ 60:40 ਅਨੁਪਾਤ ਵਿਚ ਤਾਇਨਾਤੀ ਨੂੰ ਅਣਡਿੱਠ ਕੀਤਾ ਜਾ ਰਿਹਾ ਹੈ, ਯੂ ਟੀ ਵਿਚ ਕੇਂਦਰੀ ਨਿਯਮ ਲਾਗੂ ਕੀਤੇ ਜਾ ਰਹੇ ਹਨ ਅਤੇ ਇਸ ਵਿਚ ਸਰਕਾਰੀ ਕੰਮਕਾਜ ਵਿਚ ਪੰਜਾਬੀ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ।
ਹਰਸਿਮਰਤ ਕੌਰ ਬਾਦਲ ਨੇ ਆਪਣੇ ਤੂਫਾਨੀ ਭਾਸ਼ਣ ਵਿਚ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਸੰਘਰਸ਼ ਕਰ ਕੇ ਇਹ ਯਕੀਨੀ ਬਣਾਇਆ ਹੈ ਕਿ ਪੰਜਾਬ ਤੋਂ ਇਸਦੇ ਦਰਿਆਈ ਪਾਣੀ ਨਾ ਖੋਹੇ ਜਾਣ ਅਤੇ ਜ਼ੋਰ ਦੇ ਕੇ ਕਿਹਾ ਕਿ ਇਸ ਮਾਮਲੇ ਵਿਚ ਅਨਿਆਂ ਨਹੀਂ ਹੋਣਾ ਚਾਹੀਦਾ। ਉਹਨਾਂ ਨੇ ਕੇਂਦਰ ਸਰਕਾਰ ਨੂੰ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ’ਤੇ 2019 ਵਿਚ ਸਾਰੇ ਬੰਦੀ ਸਿੰਘ ਰਿਹਾਅ ਕਰਨ ਦਾ ਕੀਤਾ ਇਕਰਾਰ ਵੀ ਚੇਤੇ ਕਰਵਾਇਆ।
ਉਹਨਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਸਰਕਾਰ ਨੇ ਇਸ ਮਾਮਲੇ ’ਤੇ ਪਹਿਲਾਂ ਅਦਾਲਤ ਨੂੰ ਇਹ ਕਿਹਾ ਕਿ ਸਿੱਖ ਬੰਦੀ ਸਮਾਜ ਲਈ ਖ਼ਤਰਾ ਹਨ ਅਤੇ ਬਾਅਦ ਵਿਚ ਹੁਣ ਇਹ ਸ਼ਰਤ ਲਗਾ ਦਿੱਤੀ ਗਈ ਹੈ ਕਿ ਬੰਦੀ ਸਿੰਘਾਂ ਨੂੰ ਆਪਣੇ ਕੀਤੇ ਲਈ ਮੁਆਫੀ ਮੰਗਣੀ ਪਵੇਗੀ। ਉਹਨਾਂ ਨੇ ਆਪਣੇ ਹੀ ਮੁਲਕ ਵਿਚ ਅੰਮ੍ਰਿਤਧਾਰੀ ਸਿੱਖ ਬੀਬੀਆਂ ਨਾਲ ਹੋ ਰਹੇ ਵਿਤਕਰੇ ਦਾ ਮਾਮਲਾ ਵੀ ਚੁੱਕਿਆ ਅਤੇ ਦੱਸਿਆ ਕਿ ਕਿਵੇਂ ਹਾਲ ਹੀ ਵਿਚ ਰਾਜਸਥਾਨ ਵਿਚ ਇਕ ਪ੍ਰੀਖਿਆ ਕੇਂਦਰ ਵਿਚ ਉਹਨਾਂ ਨੂੰ ਆਪਣੇ ਕੱਕਾਰ ਉਤਾਰਣ ਲਈ ਮਜਬੂਰ ਕੀਤਾ ਗਿਆ।
ਸਰਦਾਰਨੀ ਬਾਦਲ ਨੇ ਕਿਸਾਨਾਂ ਦੀਆਂ ਸ਼ਿਕਾਇਤਾਂ ਦੇ ਹੱਲ ਦੀ ਲੋੜ ’ਤੇ ਜ਼ੋਰ ਦਿੱਤਾ ਅਤੇ ਕਿਹਾ ਕਿ ਕਿਸਾਨਾਂ ਨੂੰ ਦਿੱਲੀ ਦੇ ਬਾਰਡਰਾਂ ’ਤੇ ਕਿਸਾਨ ਅੰਦੋਲਨ ਖਤਮ ਕਰਨ ਵੇਲੇ ਇਹ ਭਰੋਸਾ ਦਿੱਤਾ ਗਿਆ ਸੀ ਕਿ ਉਹਨਾਂ ਦੀਆਂ ਸਾਰੀਆਂ ਮੰਗਾਂ ’ਤੇ ਹਮਦਰਦੀ ਨਾਲ ਵਿਚਾਰ ਕੀਤਾ ਜਾਵੇਗਾ ਅਤੇ ਐਮ ਐਸ ਪੀ ਨੂੰ ਕਾਨੂੰਨੀ ਗਰੰਟੀ ਦਾ ਰੂਪ ਦੇਣ ਵਾਸਤੇ ਕਮੇਟੀ ਦਾ ਗਠਨ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਇਹ ਭਰੋਸਾ ਹਾਲੇ ਤੱਕ ਪੂਰਾ ਨਹੀਂ ਕੀਤਾ ਗਿਆ ਤੇ ਜਦੋਂ ਕਿਸਾਨਾਂ ਨੇ ਕੁਝ ਮਹੀਨੇ ਪਹਿਲਾਂ ਕੇਂਦਰ ਨੂੰ ਆਪਣਾ ਵਾਅਦਾ ਚੇਤੇ ਕਰਵਾਉਣ ਵਾਸਤੇ ਦਿੱਲੀ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕੀਤੀ ਤਾਂ ਹਰਿਆਣਾ ਪੁਲਿਸ ਨੇ ਉਹਨਾਂ ’ਤੇ ਅੱਥਰੂ ਗੈਸ ਦੇ ਗੋਲੇ ਛੱਡੇ।