ਖੰਨਾ ਦੇ ਪਿੰਡ ਦੇ ਇੱਕ ਨੌਜਵਾਨ ਨੇ ਨਹਿਰ ਵਿੱਚ ਛਾਲ ਮਾਰ ਦਿੱਤੀ। ਮਾਮਲਾ ਸਕੂਲ ਦੀ ਹੀ ਇੱਕ ਅਧਿਆਪਕਾ ਨਾਲ ਪ੍ਰੇਮ ਸਬੰਧਾਂ ਦਾ ਦੱਸਿਆ ਜਾ ਰਿਹਾ ਹੈ। ਨਹਿਰ ‘ਚ ਰੁੜ੍ਹੇ ਨੌਜਵਾਨ ਦੇ ਪਰਿਵਾਰ ਵਾਲਿਆਂ ਦਾ ਇਲਜ਼ਾਮ ਹੈ ਕਿ ਅਧਿਆਪਕਾ ਦਾ ਪਤੀ ਅਤੇ ਦਿਓਰ ਉਨ੍ਹਾਂ ਦੇ ਬੇਟੇ ਨੂੰ ਧਮਕੀਆਂ ਦੇ ਰਹੇ ਸਨ। ਜਿਸ ਕਾਰਨ ਡਰ ਦੇ ਮਾਰੇ ਵਿਦਿਆਰਥੀ (19) ਨੇ ਨਹਿਰ ਵਿੱਚ ਛਾਲ ਮਾਰ ਦਿੱਤੀ। ਉਸਦਾ ਕੋਈ ਸੁਰਾਗ ਨਹੀਂ ਮਿਲਿਆ ਹੈ। ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਪ੍ਰੇਮ ਜਾਲ ‘ਚ ਫਸਿਆ : ਮ੍ਰਿਤਕ ਦੇ ਪਿਤਾ ਦੱਸਿਆ ਕਿ ਉਹਨਾਂ ਦਾ ਬੇਟਾ ਪਿੰਡ ਦੇ ਸਰਕਾਰੀ ਸਕੂਲ ਵਿੱਚ ਪੜ੍ਹਦਾ ਸੀ। ਹਾਲ ਹੀ ਵਿੱਚ 12ਵੀਂ ਪਾਸ ਕੀਤੀ ਹੈ। ਇਸ ਘਟਨਾ ਤੋਂ ਬਾਅਦ ਹੀ ਉਨ੍ਹਾਂ ਨੂੰ ਪਤਾ ਲੱਗਾ ਕਿ ਸਕੂਲ ਦੀ ਇੱਕ ਅਧਿਆਪਕਾ ਨਾਲ ਪ੍ਰੇਮ ਸਬੰਧ ਸਨ। ਜਿਸ ਨੂੰ ਲੈ ਕੇ ਅਧਿਆਪਕਾ ਦੇ ਪਰਿਵਾਰ ਨੂੰ ਪਤਾ ਲੱਗ ਗਿਆ ਤਾਂ ਅਧਿਆਪਕਾ ਦਾ ਪਤੀ ਅਤੇ ਦਿਓਰ ਉਸਦੇ ਲੜਕੇ ਨੂੰ ਕਈ ਦਿਨਾਂ ਤੋਂ ਫ਼ੋਨ ‘ਤੇ ਧਮਕੀਆਂ ਦੇ ਰਹੇ ਸਨ। ਜਿਸ ਦੀ ਰਿਕਾਰਡਿੰਗ ਪੁਲਿਸ ਨੂੰ ਦੇ ਦਿੱਤੀ ਗਈ ਹੈ। ਮਨੌਜਵਾਨ ਆਪਣੇ ਰਿਸ਼ਤੇਦਾਰ ਨਾਲ ਮੋਟਰਸਾਈਕਲ ‘ਤੇ ਆ ਰਿਹਾ ਸੀ। ਕਟਾਣੀ ਨਹਿਰ ਦੇ ਪੁਲ ਨੇੜੇ ਨੌਜਵਾਨ ਨੇ ਮੋਟਰਸਾਈਕਲ ਤੋਂ ਉਤਰ ਕੇ ਨਹਿਰ ਵਿੱਚ ਛਾਲ ਮਾਰ ਦਿੱਤੀ। ਇਸ ਸਬੰਧੀ ਥਾਣਾ ਕਟਾਣੀ ਚੌਕੀ ਵਿਖੇ ਸ਼ਿਕਾਇਤ ਦਰਜ ਕਰਵਾਈ ਗਈ ਹੈ। ਫਿਲਹਾਲ ਦੋਰਾਹਾ ਨਹਿਰ ‘ਚ ਮ੍ਰਿਤਕ ਦੀ ਭਾਲ ਜਾਰੀ ਹੈ।
ਇਨਸਾਫ ਦੀ ਮੰਗ : ਪਰਿਵਾਰ ਨੇ ਦੱਸਿਆ ਕਿ ਇਸ ਪੂਰੀ ਘਟਨਾ ਲਈ ਅਧਿਆਪਕਾ ਅਤੇ ਉਸਦੇ ਪਰਿਵਾਰਕ ਮੈਂਬਰ ਜ਼ਿੰਮੇਵਾਰ ਹਨ। ਸਕੂਲ ਵਿੱਚ ਅਧਿਆਪਕ ਦਾ ਫਰਜ਼ ਬਣਦਾ ਹੈ ਕਿ ਉਹ ਬੱਚਿਆਂ ਨੂੰ ਚੰਗੀ ਸਿੱਖਿਆ ਦੇਵੇ ਅਤੇ ਉਨ੍ਹਾਂ ਨੂੰ ਸਹੀ ਮਾਰਗ ’ਤੇ ਚੱਲਣ ਦੀ ਸਲਾਹ ਦੇਵੇ। ਅਧਿਆਪਕਾ ਨੇ ਨੌਜਵਾਨ ਨੂੰ ਆਪਣੇ ਪ੍ਰੇਮ ਜਾਲ ਵਿੱਚ ਫਸਾ ਲਿਆ ਅਤੇ ਫਿਰ ਉਸ ਨੂੰ ਖੁਦਕੁਸ਼ੀ ਲਈ ਮਜਬੂਰ ਕਰ ਦਿੱਤਾ। ਉਹ ਇਨਸਾਫ ਚਾਹੁੰਦੇ ਹਨ।