ਬਾਬਾ ਬਕਾਲਾ ਬਣਿਆ ਸਿਆਸੀ ਜੰਗ ਦਾ ਮੈਦਾਨ, ਅਕਾਲੀ ਦਲ ਤੇ AAP ਦੇ ਨਾਲ ਇਸ ਵਾਰ ਅੰਮ੍ਰਿਤਪਾਲ ਦੇ ਸਮਰਥਕਾਂ ਨੇ ਵੀ ਲਾਈ ਸਿਆਸੀ ਸਟੇਜ
ਅੰਮ੍ਰਿਤਸਰ (ਵੀਓਪੀ ਬਿਊਰੋ) ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਕਸਬਾ ਬਾਬਾ ਬਕਾਲਾ ਵਿਖੇ ਵਿਸ਼ਾਲ ਮੇਲਾ ਕਰਵਾਇਆ ਗਿਆ ਹੈ। ਇਸ ਸਬੰਧੀ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਸਮੇਤ ਵੱਖ-ਵੱਖ ਜਥੇਬੰਦੀਆਂ ਨੇ ਆਪਣਾ ਸਿਆਸੀ ਮੁਕਾਮ ਤੈਅ ਕੀਤਾ। AAP ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਸਿਆਸੀ ਮੰਚ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਵਿਰੋਧੀਆਂ ‘ਤੇ ਤੰਜ ਕੱਸਣ ਦੇ ਨਾਲ-ਨਾਲ ਵੱਖ-ਵੱਖ ਸਿਆਸੀ ਮੁੱਦਿਆਂ ‘ਤੇ ਆਪਣੇ ਵਿਚਾਰ ਪੇਸ਼ ਕੀਤੇ। ਇਸ ਦੌਰਾਨ ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਨੇ ਆਪਣੀ ਸਿਆਸੀ ਸਟੇਜ ਲਗਾਈ ਅਤੇ ਪੰਥਕ ਸਿਆਸੀ ਸਟੇਜ ਵੱਲੋਂ ਸਾਂਸਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ ਸਾਂਸਦ ਸਰਬਜੀਤ ਸਿੰਘ ਮੌਜੂਦ ਰਹੇ।
ਪੰਜਾਬ ਸਰਕਾਰ ਵੱਲੋਂ ਕਰਵਾਈ ਜਾ ਰਹੀ ਸੂਬਾ ਪੱਧਰੀ ਕਾਨਫਰੰਸ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਸਨ। ਜ਼ਿਲ੍ਹਾ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਰੈਲੀ ਵਾਲੀ ਥਾਂ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਬਾਬਾ ਬਕਾਲਾ ਨੂੰ ਜਾਣ ਵਾਲੇ ਰਸਤਿਆਂ ਦਾ ਵੀ ਨਿਰਧਾਰਨ ਕੀਤਾ ਸੀ। ਪੂਰੇ ਇਲਾਕੇ ‘ਚ ਸੁਰੱਖਿਆ ਬਲਾਂ ਨੂੰ ਵੀ ਤਾਇਨਾਤ ਕੀਤਾ ਗਿਆ ਹੈ।
ਸਿੱਖ ਅਤੇ ਪੰਥਕ ਜਥੇਬੰਦੀਆਂ ਵੱਲੋਂ ਵੱਖਰੀ ਸਿਆਸੀ ਕਾਨਫਰੰਸ ਕੀਤੀ ਜਾ ਰਹੀ ਹੈ। ਖਾਲਿਸਤਾਨ ਸਮਰਥਕ ਅਤੇ ਬਾਬਾ ਬਕਾਲਾ ਤੋਂ ਚੁਣੇ ਗਏ ਆਜ਼ਾਦ ਉਮੀਦਵਾਰ ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਵੱਲੋਂ ਸਿਆਸੀ ਕਾਨਫਰੰਸ ਵੀ ਕੀਤੀ ਗਈ, ਜਿਸ ਵਿੱਚ ਵੱਖ-ਵੱਖ ਸੰਪਰਦਾਵਾਂ ਦੇ ਆਗੂ ਅਤੇ ਫਰੀਦਕੋਟ ਤੋਂ ਆਜ਼ਾਦ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ, ਖਾਲਸਾ ਮਿਸ਼ਨ ਕਮੇਟੀ ਸਮੇਤ ਵੱਖ-ਵੱਖ ਜਥੇਬੰਦੀਆਂ ਦੇ ਆਗੂ ਸ਼ਾਮਲ ਹੋਏ। ਕਾਨਫਰੰਸ ਵਿੱਚ ਸਿੱਖ ਕੱਟੜਪੰਥੀ ਜਥੇਬੰਦੀਆਂ ਅਤੇ ਅਕਾਲੀ ਦਲ ਅੰਮ੍ਰਿਤਸਰ ਦੇ ਆਗੂ ਵੀ ਪਹੁੰਚੇ, ਜਿਸ ਨੂੰ ਮੁੱਖ ਰੱਖਦਿਆਂ ਬਾਬਾ ਬਕਾਲਾ ਵਿਖੇ ਪੁਲੀਸ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ।