ਕੰਮ ਦੇ ਬਦਲੇ ਪੈਸੇ ਮੰਗਦਾ ਸੀ ਜੇਈ, ਮੰਤਰੀ ਸਾਬ੍ਹ ਨੇ ਭਰੀ ਮੀਟਿੰਗ ‘ਚ ਕੱਢਿਆ ਨੌਕਰੀ ਤੋਂ

ਕੰਮ ਦੇ ਬਦਲੇ ਪੈਸੇ ਮੰਗਦਾ ਸੀ ਜੇਈ, ਮੰਤਰੀ ਸਾਬ੍ਹ ਨੇ ਭਰੀ ਮੀਟਿੰਗ ‘ਚ ਕੱਢਿਆ ਨੌਕਰੀ ਤੋਂ

ਮੋਗਾ/ਚੰਡੀਗੜ੍ਹ (ਵੀਓਪੀ ਬਿਊਰੋ) ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਨੇ ਮੋਗਾ ਵਿਖੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਸਕੀਮਾਂ ਦੀ ਪ੍ਰਗਤੀ ਸਬੰਧੀ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਇਸ ਦੌਰਾਨ ਮੰਤਰੀ ਨੇ ਪੀਐੱਸਪੀਸੀਐੱਲ ਦੇ ਜੇਈ (ਸਬ ਡਵੀਜ਼ਨ ਬਿਲਾਸਪੁਰ) ਨੂੰ ਮੁਅੱਤਲ ਕਰ ਦਿੱਤਾ, ਜਿਸ ਨੇ ਕੰਮ ਦੇ ਬਦਲੇ ਕਥਿਤ ਤੌਰ ’ਤੇ ਪੈਸੇ ਮੰਗੇ ਸਨ।

ਇਸ ਤੋਂ ਇਲਾਵਾ ਪੀ.ਐਸ.ਪੀ.ਸੀ.ਐਲ ਨਾਲ ਕੰਮ ਕਰਨ ਵਾਲੀ ਇੱਕ ਕੰਪਨੀ ਦੇ ਕਰਮਚਾਰੀ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਮੌਕੇ ‘ਤੇ ਹੀ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ। ਵਿਭਾਗ ਦੇ 13 ਅਧਿਕਾਰੀਆਂ ਨੂੰ ਤੁਰੰਤ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ। ਮੰਤਰੀ ਨੇ ਦੱਸਿਆ ਕਿ ਮੀਟਿੰਗ ਦੌਰਾਨ ਪਿੰਡ ਬਿਲਾਸਪੁਰ ਦੇ ਵਸਨੀਕ ਨੇ ਦੋਸ਼ ਲਾਇਆ ਕਿ ਮੁਲਜ਼ਮ ਜੇ.ਈ ਨੇ ਬਿਜਲੀ ਦਾ ਖੰਭਾ ਲਗਾਉਣ ਲਈ ਇੱਕ ਨਿੱਜੀ ਕੰਪਨੀ ਦੇ ਮੁਲਾਜ਼ਮ ਰਾਹੀਂ 30,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਸੀ। ਇਸ ਦਾ ਗੰਭੀਰ ਨੋਟਿਸ ਲੈਂਦਿਆਂ ਕੈਬਨਿਟ ਮੰਤਰੀ ਹਰਭਜਨ ਸਿੰਘ ਨੇ ਜੇ.ਈ ਨੂੰ ਮੌਕੇ ‘ਤੇ ਹੀ ਮੁਅੱਤਲ ਕਰਨ ਅਤੇ ਪ੍ਰਾਈਵੇਟ ਕੰਪਨੀ ਦੇ ਮੁਲਾਜ਼ਮ ਨੂੰ ਨੌਕਰੀ ਤੋਂ ਬਰਖਾਸਤ ਕਰਨ ਦੇ ਹੁਕਮ ਦਿੱਤੇ ਹਨ।

ਉਨ੍ਹਾਂ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਅਤੇ ਅਨੁਸ਼ਾਸਨ ਨੂੰ ਕਾਇਮ ਰੱਖਣ ਲਈ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੂੰ ਸਮੂਹ ਐਸ.ਡੀ.ਐਮਜ਼, ਜ਼ਿਲ੍ਹਾ ਸਿੱਖਿਆ ਅਫ਼ਸਰਾਂ ਅਤੇ ਹੋਰ ਉੱਚ ਅਧਿਕਾਰੀਆਂ ਰਾਹੀਂ ਸਾਰੇ ਸਕੂਲਾਂ ਦੀ ਅਚਨਚੇਤ ਚੈਕਿੰਗ ਕਰਨ ਲਈ ਕਿਹਾ। ਜਿੱਥੇ ਕਿਤੇ ਵੀ ਕੋਈ ਕਮੀ ਪਾਈ ਜਾਂਦੀ ਹੈ, ਲੋੜੀਂਦੀ ਕਾਰਵਾਈ ਕੀਤੀ ਜਾਵੇ।

ਮੀਟਿੰਗ ਦੌਰਾਨ ਹਲਕਾ ਮੋਗਾ ਦੇ ਵਿਧਾਇਕ ਅਮਨਦੀਪ ਕੌਰ ਅਰੋੜਾ, ਵਿਧਾਇਕ ਨਿਹਾਲ ਸਿੰਘ ਵਾਲਾ ਮਨਜੀਤ ਸਿੰਘ ਬਿਲਾਸਪੁਰ, ਬਾਘਾਪੁਰਾਣਾ ਦੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ, ਵਿਧਾਇਕ ਧਰਮਕੋਟ ਦਵਿੰਦਰਜੀਤ ਸਿੰਘ ਲਾਡੀ ਢੋਂਸ, ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ, ਜ਼ਿਲ੍ਹਾ ਪੁਲਿਸ ਮੁਖੀ ਡਾ.ਅੰਕੁਰ ਗੁਪਤਾ, ਵਧੀਕ ਡਿਪਟੀ ਕਮਿਸ਼ਨਰ ਜਗਵਿੰਦਰਜੀਤ ਸਿੰਘ ਗਰੇਵਾਲ, ਸ. ਅਤੇ ਚਾਰੁਮਿਤਾ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਹਰਮਨਦੀਪ ਸਿੰਘ, ਨਗਰ ਸੁਧਾਰ ਟਰੱਸਟ ਮੋਗਾ ਦੇ ਚੇਅਰਮੈਨ ਦੀਪਕ ਅਰੋੜਾ, ਨਗਰ ਨਿਗਮ ਦੇ ਮੇਅਰ ਬਲਜੀਤ ਸਿੰਘ ਚਾਨੀ ਅਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।

error: Content is protected !!